ਸਿੱਧੂ ਮੂਸੇਵਾਲਾ ਦੇ ਗੀਤ ‘ਫੈਂਟਮ’ ਦੀ ਰਿਲੀਜ਼ ’ਤੇ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਨੂੰ ਦਿੱਤੀ ਕਾਨੂੰਨੀ ਕਾਰਵਾਈ ਦੀ ਚਿਤਾਵਨੀ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ‘ਫੈਂਟਮ’ (Phantom) ਦੀ ਰਿਲੀਜ਼ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਗਾਇਕ ਦੇ ਮਾਪਿਆਂ ਬਲਕੌਰ ਸਿੰਘ ਅਤੇ ਚਰਨ ਕੌਰ ਨੇ ਮਿਊਜ਼ਿਕ ਕੰਪਨੀ ਸਾਗਾ ਮਿਊਜ਼ਿਕ ਵੱਲੋਂ ਇਹ ਗੀਤ ਜਾਰੀ ਕੀਤੇ ਜਾਣ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਕੰਪਨੀ ਨੇ ਉਨ੍ਹਾਂ ਦੀ ਸਹਿਮਤੀ ਅਤੇ ਲੋੜੀਂਦੀ ਕਾਨੂੰਨੀ ਮਨਜ਼ੂਰੀ ਤੋਂ ਬਿਨਾਂ ਹੀ ਗੀਤ ਰਿਲੀਜ਼ ਕੀਤਾ ਹੈ। ਇਸ ਸਬੰਧੀ ਜਾਰੀ ਕੀਤੇ ਗਏ ਅਧਿਕਾਰਤ ਬਿਆਨ ਵਿੱਚ ਮੂਸੇਵਾਲਾ ਦੇ ਮਾਪਿਆਂ ਨੇ ਕਿਹਾ ਕਿ ਉਨ੍ਹਾਂ ਨੇ ਮਾਮਲੇ ਨੂੰ ਗੱਲਬਾਤ ਰਾਹੀਂ ਸੁਲਝਾਉਣ ਦੀ ਕੋਸ਼ਿਸ਼ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਗੀਤ ਦੀ ਰਿਲੀਜ਼ ਨੂੰ ਫਿਲਹਾਲ ਰੋਕਣ ਦੀ ਅਪੀਲ ਵੀ ਕੀਤੀ ਗਈ ਸੀ। ਪਰਿਵਾਰ ਦਾ ਦਾਅਵਾ ਹੈ ਕਿ ਸਾਗਾ ਮਿਊਜ਼ਿਕ ਨੇ ਉਨ੍ਹਾਂ ਦੀ ਬੇਨਤੀ ਨੂੰ ਅਣਗੌਲਿਆ ਕਰਦਿਆਂ ਗੀਤ ਜਾਰੀ ਕਰ ਦਿੱਤਾ। ਬਲਕੌਰ ਸਿੰਘ ਅਤੇ ਚਰਨ ਕੌਰ ਨੇ ਇਹ ਵੀ ਦਾਅਵਾ ਕੀਤਾ ਕਿ ਸਾਗਾ ਮਿਊਜ਼ਿਕ ਕੋਲ ਪਰਿਵਾਰ ਵੱਲੋਂ ਜਾਰੀ ਕੀਤਾ ਗਿਆ ਕੋਈ ਵੀ ਵੈਧ ਦਸਤਾਵੇਜ਼ ਜਾਂ ਮਨਜ਼ੂਰੀ ਮੌਜੂਦ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਵਿਰਾਸਤ ਅਤੇ ਉਸ ਨਾਲ ਜੁੜੇ ਕਾਨੂੰਨੀ ਅਧਿਕਾਰਾਂ ਦੀ ਰਾਖੀ ਲਈ ਉਹ ਢੁਕਵੇਂ ਕਾਨੂੰਨੀ ਕਦਮ ਚੁੱਕ ਰਹੇ ਹਨ। ਆਪਣੇ ਬਿਆਨ ਵਿੱਚ ਮਾਪਿਆਂ ਨੇ ਸਪੱਸ਼ਟ ਕੀਤਾ ਕਿ ਸਾਗਾ ਮਿਊਜ਼ਿਕ ਵੱਲੋਂ ਗੀਤ ‘ਫੈਂਟਮ’ ਉਨ੍ਹਾਂ ਦੀ ਇਜਾਜ਼ਤ ਜਾਂ ਅਧਿਕਾਰ ਤੋਂ ਬਿਨਾਂ ਰਿਲੀਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਵਿਰਾਸਤ ਅਤੇ ਕਾਨੂੰਨੀ ਹੱਕਾਂ ਦੀ ਸੁਰੱਖਿਆ ਲਈ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਰਿਵਾਰ ਨੇ ਉਨ੍ਹਾਂ ਹੋਰਨਾਂ ਕਲਾਕਾਰਾਂ ਅਤੇ ਮਿਊਜ਼ਿਕ ਕੰਪਨੀਆਂ ਨੂੰ ਵੀ ਅਪੀਲ ਕੀਤੀ ਹੈ, ਜੋ ਸਿੱਧੂ ਮੂਸੇਵਾਲਾ ਦੇ ਗੀਤਾਂ ਨਾਲ ਸਬੰਧਤ ਦਸਤਾਵੇਜ਼ਾਂ ਜਾਂ ਅਧਿਕਾਰਾਂ ਦੇ ਮਾਲਕ ਹੋਣ ਦਾ ਦਾਅਵਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਜਨਤਕ ਐਲਾਨ ਕਰਨ ਜਾਂ ਮੂਸੇਵਾਲਾ ਦਾ ਗੀਤ ਰਿਲੀਜ਼ ਕਰਨ ਤੋਂ ਪਹਿਲਾਂ ਸਿੱਧੇ ਤੌਰ ’ਤੇ ਪਰਿਵਾਰ ਨਾਲ ਸੰਪਰਕ ਕਰਕੇ ਸਲਾਹ-ਮਸ਼ਵਰਾ ਕੀਤਾ ਜਾਵੇ।