ਰਾਜੋਆਣਾ ਕਲਾਂ ਗੁਰੂ ਘਰ 'ਚ ਗੋਲ਼ੀਬਾਰੀ ਦਾ ਮਾਮਲਾ: ਗ੍ਰਿਫ਼ਤਾਰੀ ਦੇ ਕੁਝ ਘੰਟਿਆਂ ਬਾਅਦ ਹਸਪਤਾਲ ਵਿੱਚ ਮੁਲਜ਼ਮ ਨੇ ਤੋੜਿਆ ਦਮ
- ਪੰਜਾਬ
- (Asia/Kolkata)
ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸੁਧਾਰ ਅਧੀਨ ਪੈਂਦੇ ਪਿੰਡ ਰਾਜੋਆਣਾ ਕਲਾਂ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿੱਚ ਦਾਖ਼ਲ ਹੋ ਕੇ ਗੋਲ਼ੀਬਾਰੀ ਕਰਨ ਵਾਲੇ ਮੁੱਖ ਮੁਲਜ਼ਮ ਰਾਜ ਸਿੰਘ ਉਰਫ਼ ਰਾਜੂ ਦੀ ਪੁਲੀਸ ਹਿਰਾਸਤ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੁਲਜ਼ਮ ਨੇ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਜ਼ਿਲ੍ਹਾ ਪੁਲੀਸ ਮੁਖੀ (SSP) ਡਾ. ਅੰਕੁਰ ਗੁਪਤਾ ਨੇ ਸੋਮਵਾਰ ਸ਼ਾਮ ਨੂੰ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਸੀ ਕਿ ਕਾਊਂਟਰ ਇੰਟੈਲੀਜੈਂਸ ਅਤੇ ਸੀ.ਆਈ.ਏ. (CIA) ਜਗਰਾਉਂ ਦੀਆਂ ਟੀਮਾਂ ਵੱਲੋਂ ਸਾਂਝੀ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਰਾਜ ਸਿੰਘ ਰਾਜੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਘਬਰਾਹਟ ਤੋਂ ਬਾਅਦ ਹਸਪਤਾਲ ਵਿੱਚ ਕਰਵਾਇਆ ਗਿਆ ਸੀ ਭਰਤੀ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨ ਸ਼ਾਮ ਵੇਲੇ ਥਾਣਾ ਸੁਧਾਰ ਦੀ ਪੁਲੀਸ ਨੇ ਮੁਲਜ਼ਮ ਨੂੰ ਆਪਣੀ ਹਿਰਾਸਤ ਵਿੱਚ ਲਿਆ ਸੀ। ਹਿਰਾਸਤ ਵਿੱਚ ਲਏ ਜਾਣ ਦੇ ਕੁਝ ਸਮੇਂ ਬਾਅਦ ਹੀ ਉਸ ਨੂੰ ਅਚਾਨਕ ਤੇਜ਼ ਘਬਰਾਹਟ ਦੀ ਸ਼ਿਕਾਇਤ ਹੋਈ। ਸਥਿਤੀ ਨੂੰ ਦੇਖਦਿਆਂ ਪੁਲੀਸ ਵੱਲੋਂ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਸੁਧਾਰ ਵਿਖੇ ਲਿਜਾਇਆ ਗਿਆ। ਉੱਥੇ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲ ਲਈ ਰੈਫ਼ਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਦੀ ਪੁਸ਼ਟੀ ਕੀਤੀ ਗਈ। ਮੌਤ ਤੋਂ ਬਾਅਦ ਪੁਲੀਸ ਅਧਿਕਾਰੀਆਂ ਨੇ ਫਿਲਹਾਲ ਮਾਮਲੇ 'ਤੇ ਚੁੱਪ ਧਾਰੀ ਹੋਈ ਹੈ। ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸੀ ਮੁਲਜ਼ਮ ਪੁਲੀਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਮੁਲਜ਼ਮ ਰਾਜ ਸਿੰਘ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਿਹਾ ਸੀ ਅਤੇ ਗੁਰਦਿਆਂ (Kidneys) ਦੀ ਬਿਮਾਰੀ ਤੋਂ ਪੀੜਤ ਸੀ। ਰਿਕਾਰਡ ਅਨੁਸਾਰ ਮ੍ਰਿਤਕ ਵਿਰੁੱਧ ਵੱਖ-ਵੱਖ ਥਾਣਿਆਂ ਵਿੱਚ ਲੁੱਟ-ਖੋਹ, ਅਸਲਾ ਐਕਟ ਅਤੇ ਨਸ਼ਾ ਤਸਕਰੀ ਵਰਗੇ ਗੰਭੀਰ ਅਪਰਾਧਾਂ ਦੇ 7 ਮੁਕੱਦਮੇ ਪਹਿਲਾਂ ਹੀ ਦਰਜ ਸਨ। ਮੈਜਿਸਟਰੇਟ ਦੀ ਮੌਜੂਦਗੀ 'ਚ ਹੋਵੇਗਾ ਪੋਸਟਮਾਰਟਮ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਘਟਨਾ ਦੀ ਨਿਰਪੱਖ ਜਾਂਚ ਲਈ ਮੈਜਿਸਟਰੇਟ ਦੀ ਮੌਜੂਦਗੀ ਵਿੱਚ ਪੂਰੀ ਵੀਡੀਓਗ੍ਰਾਫ਼ੀ ਦੇ ਨਾਲ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।
Leave a Reply