Daily Suraj

ਪੰਜਾਬੀ

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਲਈ ਧੂਰੀ ਵਿਖੇ ਵਿਸ਼ੇਸ਼ ਕੈਂਪ ਲਗਾਇਆ

25 Feb, 2026 07:07 PM

ਧੂਰੀ ਵਾਸੀ ਸਿਰਫ਼ ਆਧਾਰ ਕਾਰਡ ਅਤੇ ਵੋਟਰ ਆਈਡੀ ਨਾਲ ਮੌਕੇ ’ਤੇ ਕਰਵਾ ਸਕਦੇ ਨੇ ਰਜਿਸਟ੍ਰੇਸ਼ਨ: ਰਿਸ਼ਭ ਬਾਂਸਲ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਰੋਜ਼ਾਨਾ ਵੱਡੀ ਗਿਣਤੀ ਵਿੱਚ ਧੂਰੀ ਵਾਸੀ ਲਾਭ ਉਠਾ ਰਹੇ ਹਨ ਅਤੇ ਮੌਕੇ ’ਤੇ ਹੀ ਆਪਣੀ ਰਜਿਸਟ੍ਰੇਸ਼ਨ ਕਰਵਾ ਰਹੇ ਹਨ। ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਧੂਰੀ ਰਿਸ਼ਭ ਬਾਂਸਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਬਹੁਤ ਹੀ ਆਸਾਨ ਬਣਾਇਆ ਹੈ। ਉਨ੍ਹਾਂ ਕਿਹਾ ਕਿ ਹੁਣ ਕਿਸੇ ਵੀ ਯੋਗ ਨਾਗਰਿਕ ਨੂੰ ਲੰਬੀਆਂ ਕਤਾਰਾਂ ਜਾਂ ਵੱਖ-ਵੱਖ ਦਫ਼ਤਰਾਂ ਦੇ ਚੱਕਰ ਕੱਟਣ ਦੀ ਲੋੜ ਨਹੀਂ ਰਹੀ। ਸਿਰਫ਼ ਆਧਾਰ ਕਾਰਡ ਅਤੇ ਪੰਜਾਬ ਵੋਟਰ ਆਈਡੀ ਨਾਲ ਵਿਅਕਤੀ ਮੌਕੇ ’ਤੇ ਆਪਣਾ ਨਾਮ ਦਰਜ ਕਰਵਾ ਸਕਦਾ ਹੈ। ਇਸ ਮੌਕੇ ਮੁੱਖ ਮੰਤਰੀ ਫੀਲਡ ਅਫ਼ਸਰ ਅਰਵਿੰਦ ਕੁਮਾਰ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਉਦੇਸ਼ ਸੂਬੇ ਦੇ ਹਰ ਪਰਿਵਾਰ ਨੂੰ ਮਹਿੰਗੇ ਇਲਾਜ ਦੇ ਆਰਥਿਕ ਬੋਝ ਤੋਂ ਬਚਾਉਣਾ ਹੈ। ਕਈ ਵਾਰ ਗੰਭੀਰ ਬਿਮਾਰੀਆਂ ਦੇ ਇਲਾਜ ਕਾਰਨ ਪਰਿਵਾਰਾਂ ਨੂੰ ਵੱਡੀ ਆਰਥਿਕ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਇਸ ਯੋਜਨਾ ਰਾਹੀਂ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਪਰਿਵਾਰ ਸਿਹਤ ਸੰਭਾਲ ਦੀ ਕਮੀ ਕਾਰਨ ਪਰੇਸ਼ਾਨ ਨਾ ਹੋਵੇ।ਰਿਸ਼ਭ ਬਾਂਸਲ ਨੇ ਹੋਰ ਦੱਸਿਆ ਕਿ ਸਰਕਾਰ ਵੱਲੋਂ ਵਿਸ਼ੇਸ਼ ਕੈਂਪਾਂ ਦੇ ਆਯੋਜਨ ਨਾਲ ਨਾਲ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ ਤਾਂ ਜੋ ਲੋਕਾਂ ਤੱਕ ਯੋਜਨਾ ਸਬੰਧੀ ਪੂਰੀ ਜਾਣਕਾਰੀ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਸਟਾਫ਼ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ ਅਤੇ ਤੁਰੰਤ ਸੇਵਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਧੂਰੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਕੋਈ ਵੀ ਯੋਗ ਪਰਿਵਾਰ ਇਸ ਲੋਕ-ਭਲਾਈ ਯੋਜਨਾ ਤੋਂ ਵਾਂਝਾ ਨਾ ਰਹੇ।

Posted By: Daily Suraj Bureau

Latest News