Daily Suraj

ਪੰਜਾਬੀ

ਡਿਪੋਰਟ ਹੋਏ ਭਾਰਤੀ ਅੱਜ ਰਾਤ ਪਹੁੰਚਣਗੇ ਦਿੱਲੀ, ਪੰਜਾਬ ਸਰਕਾਰ ਕਰੇਗੀ ਸਵਾਗਤ

29 Apr, 2026 04:21 PM

ਆਸਟ੍ਰੇਲੀਆ ਵੱਲੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕਰ ਦਿੱਤਾ ਗਿਆ ਹੈ, ਜਿਨ੍ਹਾਂ ਵਿੱਚੋਂ 11 ਪੰਜਾਬ ਨਾਲ ਸੰਬੰਧਤ ਹਨ। ਇਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਇਹ ਸਾਰੇ ਵਿਅਕਤੀ ਅੱਜ ਰਾਤ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣਗੇ। ਇਸ ਬਾਰੇ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਦਿੱਲੀ ਵਿੱਚ ਉਨ੍ਹਾਂ ਦਾ ਸਵਾਗਤ ਕਰਨਗੇ। ਮੁੱਖ ਮੰਤਰੀ ਦੇ ਅਨੁਸਾਰ, ਹੁਣ ਤੱਕ ਪ੍ਰਾਪਤ ਸੂਚੀ ਵਿੱਚ ਕੁੱਲ 15 ਵਿਅਕਤੀ ਦਰਜ ਹਨ, ਜਿਨ੍ਹਾਂ ਵਿੱਚੋਂ 11 ਪੰਜਾਬ ਤੋਂ ਹਨ, ਜਦਕਿ 2 ਤੇਲੰਗਾਨਾ, 1 ਹਰਿਆਣਾ ਅਤੇ 1 ਉਤਰਾਖੰਡ ਨਾਲ ਸੰਬੰਧਤ ਹੈ। ਉਨ੍ਹਾਂ ਨੇ ਕਿਹਾ ਕਿ ਇਹ ਡਿਪੋਰਟੇਸ਼ਨ ਦੇ ਮਾਮਲੇ ਉਸ ਪ੍ਰਕਿਰਿਆ ਦਾ ਹਿੱਸਾ ਹਨ, ਜੋ ਵਿਦੇਸ਼ਾਂ ਵਿੱਚ ਗੈਰ-ਕਾਨੂੰਨੀ ਤਰੀਕਿਆਂ ਨਾਲ ਰਹਿ ਰਹੇ ਲੋਕਾਂ ਖ਼ਿਲਾਫ਼ ਚੱਲ ਰਹੀ ਕਾਰਵਾਈ ਨਾਲ ਜੁੜੇ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜਿਵੇਂ ਹੀ ਇਹ ਲੋਕ ਵਾਪਸ ਆਉਣਗੇ, ਸਰਕਾਰ ਉਨ੍ਹਾਂ ਤੋਂ ਪੂਰੀ ਜਾਣਕਾਰੀ ਇਕੱਠੀ ਕਰੇਗੀ। ਇਸ ਵਿੱਚ ਇਹ ਵੀ ਸ਼ਾਮਲ ਹੋਵੇਗਾ ਕਿ ਉਨ੍ਹਾਂ ਨੇ ਆਪਣੇ ਦਸਤਾਵੇਜ਼ ਕਿਵੇਂ ਬਣਵਾਏ ਅਤੇ ਕਿਹੜਿਆਂ ਏਜੰਟਾਂ ਜਾਂ ਮਾਧਿਅਮਾਂ ਰਾਹੀਂ ਵਿਦੇਸ਼ ਭੇਜੇ ਗਏ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਜੇ ਲੋੜ ਪਈ ਤਾਂ ਵਿਦੇਸ਼ ਮੰਤਰਾਲੇ ਨਾਲ ਵੀ ਸੰਪਰਕ ਕੀਤਾ ਜਾਵੇਗਾ, ਤਾਂ ਜੋ ਇਸ ਤਰ੍ਹਾਂ ਦੇ ਮਾਮਲਿਆਂ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ। ਸਰਕਾਰ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਕਟਿਬੱਧ ਹੈ ਕਿ ਭਵਿੱਖ ਵਿੱਚ ਕਿਸੇ ਵੀ ਨਾਗਰਿਕ ਨੂੰ ਅਜਿਹੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ।

Posted By: Daily Suraj Bureau

Latest News