ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਭਿਆਨਕ ਹਾਦਸਾ, 8 ਲੋਕਾਂ ਦੀ ਮੌਤ

ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਭਿਆਨਕ ਹਾਦਸਾ, 8 ਲੋਕਾਂ ਦੀ ਮੌਤ

ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਜੰਗਾ ਵਾਲਾ ਮੋੜ ਨੇੜੇ ਸ਼ਨੀਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਇੱਕ ਪਿਕਅੱਪ ਗੱਡੀ ਅਤੇ ਟਰੱਕ ਵਿਚਾਲੇ ਹੋਈ ਟੱਕਰ ਕਾਰਨ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਇੱਕੋ ਪਰਿਵਾਰ ਦੇ ਕਰੀਬ 25 ਮੈਂਬਰ, ਜਿਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਸਨ, ਜਲਾਲਾਬਾਦ ਤੋਂ ਬਿਆਸ ਵੱਲ ਆਪਣੇ ਇੱਕ ਰਿਸ਼ਤੇਦਾਰ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਪਿਕਅੱਪ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਮੌਕੇ ’ਤੇ ਮੌਜੂਦ ਇੱਕ ਵਿਅਕਤੀ ਦੇ ਅਨੁਸਾਰ ਪਿਕਅੱਪ ਗੱਡੀ ਆਪਣੀ ਸਾਈਡ ’ਤੇ ਜਾ ਰਹੀ ਸੀ, ਜਦੋਂ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨਾਲ ਉਸ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀ ਸੜਕ ਤੋਂ ਹੇਠਾਂ ਖੇਤਾਂ ਵੱਲ ਪਲਟ ਗਈ। ਹਾਦਸੇ ਵਿੱਚ ਕਈ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲੀਸ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਗੰਭੀਰ ਰੂਪ ਵਿੱਚ ਜ਼ਖ਼ਮੀ ਵਿਅਕਤੀਆਂ ਨੂੰ ਤੁਰੰਤ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਖਿਲ ਗੁਪਤਾ ਨੇ ਦੱਸਿਆ ਕਿ ਜਿਨ੍ਹਾਂ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਸੀ, ਉਨ੍ਹਾਂ ਨੂੰ ਅਗਲੇ ਇਲਾਜ ਲਈ ਫਰੀਦਕੋਟ ਸਥਿਤ ਗੁਰੂ ਗੋਬਿੰਦ ਸਿੰਘ ਸਰਕਾਰੀ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਸੀਨੀਅਰ ਪੁਲੀਸ ਕਪਤਾਨ (ਐੱਸਐੱਸਪੀ) ਭੁਪਿੰਦਰ ਸਿੰਘ ਵੀ ਹੋਰ ਅਧਿਕਾਰੀਆਂ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਪੁਲੀਸ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ। ਹਾਲਾਂਕਿ, ਪਹਿਲੀ ਤਰਜੀਹ ਗੰਭੀਰ ਜ਼ਖ਼ਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣਾ ਸੀ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਾਦਸੇ ਨਾਲ ਜੁੜੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ।