ਜਲ ਸਪਲਾਈ ਤੇ ਸੈਨੀਟੇਸ਼ਨ ਠੇਕਾ ਵਰਕਰਾਂ ਵੱਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ
- ਪੰਜਾਬ
- 06 Jan,2025

ਜਲਾਲਾਬਾਦ : ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਬ੍ਰਾਂਚ ਜਲਾਲਾਬਾਦ ਦੀ ਮੀਟਿੰਗ ਮਹਿਕਮੇ ਦੇ ਦਫਤਰ ਗੁੰਮਾਨੀਵਾਲਾ ਵਿਖੇ ਬ੍ਰਾਂਚ ਪ੍ਰਧਾਨ ਰਾਕੇਸ਼ ਸਿੰਘ ਹੀਰੇਵਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ’ਚ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ, ਸਰਕਲ ਸਕੱਤਰ ਜਸਵਿੰਦਰ ਚੱਕ ਜਾਨੀਸਰ, ਜਿਲ੍ਹਾ ਪ੍ਰਧਾਨ ਗੁਰਮੀਤ ਆਲਮਕੇ, ਜਿਲ੍ਹਾ ਜਨਰਲ ਸਕੱਤਰ ਬਲਵਿੰਦਰ ਨੂਰ ਸਮੰਦ, ਦਫਤਰੀ ਸਟਾਫ ਦੇ ਸੂਬਾ ਆਗੂ ਸੁਖਚੈਨ ਸੋਢੀ, ਖਜਾਨਚੀ ਮਹਿੰਦਰ ਸਿੰਘ, ਕਰਤਾਰ ਸਿੰਘ, ਸਤਪਾਲ ਸਿੰਘ ਕੋਟੂਵਾਲਾ ਹਾਜ਼ਰ ਹੋਏ। ਮੀਟਿੰਗ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਧੀਨ ਚੱਲ ਰਹੀਆ ਪੇਂਡੂ ਜਲ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ/ਨਿੱਜੀਕਰਨ ਕਰਨ ਦੀਆ ਲੋਕ ਮਾਰੂ ਨੀਤੀਆ ਲਾਗੂ ਕਰਨ ਦੇ ਉਦੇਸ਼ ਨਾਲ ਐਕਸੀਅਨ ਫਾਜਿਲਕਾ ਅਤੇ ਐਸ.ਡੀ.ਓ. ਜਲਾਲਾਬਾਦ ਵੱਲੋਂ ਵਾਟਰ ਸਪਲਾਈ ਸਕੀਮਾਂ, ਪੰਚਾਇਤਾਂ ਨੂੰ ਹੈਡ ਓਵਰ ਕਰਨ ਦੇ ਮਤੇ ਪੁਆਉਣ ਦੇ ਫੈਸਲੇ ਦੀ ਨਿਖੇਧੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਜੱਥੇਬੰਦੀ ਦੀ ਸੂਬਾ ਵਰਕਿੰਗ ਕਮੇਟੀ ਦੇ ਫੈਸਲੇ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਮੁਲਾਜਮਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਜਿਵੇਂ ਕਿ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਮੁਲਾਜਮਾਂ ਨੂੰ ਤਜਰਬੇ ਦੇ ਅਧਾਰ ’ਤੇ ਸਬੰਧਤ ਵਿਭਾਗ ਵਿਚ ਮਰਜ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਵਾਲੀ ਪ੍ਰਪੋਜਲ ਲਾਗੂ ਕਰਨਾ ਅਤੇ ਜਦੋਂ ਤੱਕ ਇਸ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਵਾਲੀ ਮੰਗ ਦਾ ਹੱਲ ਨਹੀਂ ਕੀਤਾ ਜਾਂਦਾ, ਉਸ ਸਮੇਂ ਤੱਕ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਦੀਆਂ ਤਨਖਾਹਾਂ ਵਿਚ ਕਿਰਤ ਕਾਨੂੰਨ ਦੇ ਅਧੀਨ ਵਧੀਆ ਉਜਰਤਾਂ ਮੁਤਾਬਿਕ ਤਨਖਾਹ ’ਚ ਵਾਧਾ ਕਰਨ, ਈ.ਪੀ.ਐਫ., ਈ.ਐਸ.ਆਈ. ਅਤੇ 8.33 ਪ੍ਰਤੀਸ਼ਤ ਬੋਨਸ ਲਾਗੂ ਕਰਨਾ, ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਗਾ ਕੇ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਲੋਕ ਨੀਤੀਆਂ ਨੂੰ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਮਾਰੂ ਨੀਤੀਆ ਬਾਰੇ ਪਿੰਡਾਂ ਦੇ ਲੋਕਾਂ ਅਤੇ ਖਾਸ ਕਰਕੇ ਸਰਪੰਚਾਂ-ਪੰਚਾਂ ਨੂੰ ਜਾਣੂ ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਜੱਥੇਬੰਦੀ ਵੱਲੋਂ ਇਹ ਵੀ ਮੰਗ ਕੀਤੀ ਗਈ ਕਿ ਵਰਕਰਾਂ ਨੂੰ ਦਸੰਬਰ 2024 ਮਹੀਨੇ ਦੀ ਤਨਖਾਹ ਦਿੱਤੀ ਜਾਵੇ ਅਤੇ ਨਵੇਂ ਸਾਲ ਤੋਂ ਤਨਖਾਹ ਵਿਚ ਬਣਦਾ ਵਾਧਾ ਕੀਤਾ ਜਾਵੇ।
Posted By:

Leave a Reply