Daily Suraj

ਪੰਜਾਬੀ

ਮਾਨਸਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ: ਅਰਸ਼ ਡੱਲਾ ਗੈਂਗ ਦੇ 2 ਸ਼ੂਟਰ ਗ੍ਰਿਫ਼ਤਾਰ, ਨਾਜਾਇਜ਼ ਅਸਲਾ ਬਰਾਮਦ

09 Sep, 2026 02:20 PM

ਮਾਨਸਾ ਪੁਲਿਸ ਨੇ ਖ਼ਤਰਨਾਕ ਗੈਂਗਸਟਰ ਅਰਸ਼ ਡੱਲਾ ਗਰੁੱਪ ਨਾਲ ਸਬੰਧਤ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਜ਼ਿਲ੍ਹੇ ਵਿੱਚ ਕਿਸੇ ਵੱਡੀ ਅਪਰਾਧਿਕ ਵਾਰਦਾਤ ਨੂੰ ਵਾਪਰਨ ਤੋਂ ਪਹਿਲਾਂ ਹੀ ਰੋਕਣ ਦਾ ਦਾਅਵਾ ਕੀਤਾ ਹੈ। ਪੁਲਿਸ ਵੱਲੋਂ ਫੜੇ ਗਏ ਮੁਲਜ਼ਮਾਂ ਕਬਜ਼ੇ ਵਿੱਚੋਂ ਭਾਰੀ ਮਾਤਰਾ ਵਿੱਚ ਨਾਜਾਇਜ਼ ਹਥਿਆਰ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਮਾਨਸਾ ਦੇ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਵੈਭਵ ਚੌਧਰੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਆਈ.ਏ. ਸਟਾਫ਼ ਮਾਨਸਾ ਦੀ ਟੀਮ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਨਹਿਰੂ ਕਾਲਜ ਦੇ ਪਿਛਲੇ ਪਾਸੇ ਸ਼ੱਕੀ ਹਾਲਤ ਵਿੱਚ ਘੁੰਮ ਰਹੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। ਫੜੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ਼ ਜੈਕੀ ਅਤੇ ਕੁਲਦੀਪ ਸਿੰਘ ਉਰਫ਼ ਘੁੱਗੀ ਵਜੋਂ ਹੋਈ ਹੈ। ਐੱਸ.ਐੱਸ.ਪੀ. ਨੇ ਦੱਸਿਆ ਕਿ ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ .32 ਬੋਰ ਦੇ 4 ਪਿਸਤੌਲ, 13 ਜ਼ਿੰਦਾ ਕਾਰਤੂਸ ਅਤੇ .315 ਬੋਰ ਦਾ 1 ਦੇਸੀ ਕੱਟਾ ਬਰਾਮਦ ਕੀਤਾ ਗਿਆ। ਇਨ੍ਹਾਂ ਦੋਵਾਂ ਵਿਰੁੱਧ ਥਾਣਾ ਸਿਟੀ-2 ਮਾਨਸਾ ਵਿਖੇ 7 ਸਤੰਬਰ 2026 ਨੂੰ ਅਸਲਾ ਐਕਟ (Arms Act) ਦੀਆਂ ਧਾਰਾਵਾਂ 25, 54 ਅਤੇ 59 ਤਹਿਤ ਮੁਕੱਦਮਾ ਨੰਬਰ 216 ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਅਨੁਸਾਰ ਇਹ ਮੁਲਜ਼ਮ ਇਲਾਕੇ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸਨ, ਪਰ ਸਮਾਂ ਰਹਿੰਦਿਆਂ ਪੁਲਿਸ ਟੀਮ ਨੇ ਇਨ੍ਹਾਂ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਫਿਲਹਾਲ ਪੁਲਿਸ ਵੱਲੋਂ ਫੜੇ ਗਏ ਨੌਜਵਾਨਾਂ ਦੇ ਅਰਸ਼ ਡੱਲਾ ਗੈਂਗ ਨਾਲ ਤਾਰ ਜੁੜੇ ਹੋਣ ਸਬੰਧੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਟੀਮਾਂ ਇਹ ਪਤਾ ਲਗਾਉਣ 'ਚ ਜੁਟੀਆਂ ਹੋਈਆਂ ਹਨ ਕਿ ਇਹ ਹਥਿਆਰ ਕਿੱਥੋਂ ਲਿਆਂਦੇ ਗਏ ਸਨ ਅਤੇ ਇਸ ਗਿਰੋਹ ਦੇ ਪਿੱਛੇ ਹੋਰ ਕਿਹੜੇ-ਕਿਹੜੇ ਵਿਅਕਤੀ ਸ਼ਾਮਲ ਹਨ।

Posted By: Daily Suraj Bureau

Latest News