Daily Suraj

ਪੰਜਾਬੀ

CM ਭਗਵੰਤ ਮਾਨ ਦੀ ਪਤਨੀ ’ਤੇ 5 ਕਰੋੜ ਮੰਗਣ ਦੇ ਦੋਸ਼, NHRC ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

22 Aug, 2026 11:39 AM

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ’ਤੇ ਜਬਰ-ਜਨਾਹ ਦੇ ਇੱਕ ਮਾਮਲੇ ਨੂੰ ਦਬਾਉਣ ਲਈ ਕਥਿਤ ਤੌਰ ’ਤੇ 5 ਕਰੋੜ ਰੁਪਏ ਦੀ ਮੰਗ ਕਰਨ ਦੇ ਲਗਾਏ ਗਏ ਦੋਸ਼ਾਂ ਦਾ ਨੋਟਿਸ ਲਿਆ ਹੈ। ਇਹ ਸ਼ਿਕਾਇਤ ਪੰਜਾਬ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਵੱਲੋਂ ਕੀਤੇ ਗਏ ਕਥਿਤ ਜਨਤਕ ਦਾਅਵਿਆਂ ਦੇ ਆਧਾਰ ’ਤੇ ਦਾਇਰ ਕੀਤੀ ਗਈ ਸੀ। ਮਾਮਲੇ ਵਿੱਚ NHRC ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਦੀ ਅਗਵਾਈ ਵਾਲੀ ਬੈਂਚ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡਾਇਰੈਕਟਰ ਜਨਰਲ ਆਫ਼ ਪੁਲੀਸ (DGP) ਨੂੰ ਦੋਸ਼ਾਂ ਦੀ ਜਾਂਚ ਕਰਵਾਉਣ ਅਤੇ ਦੋ ਹਫ਼ਤਿਆਂ ਦੇ ਅੰਦਰ ਐਕਸ਼ਨ ਟੇਕਨ ਰਿਪੋਰਟ (ATR) ਕਮਿਸ਼ਨ ਕੋਲ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰਾਲੇ ਦੇ ਮਹਿਲਾ ਸੁਰੱਖਿਆ ਵਿਭਾਗ ਨੂੰ ਵੀ ਭੇਜ ਦਿੱਤਾ ਹੈ। NHRC ਨੇ ਕਿਹਾ ਹੈ ਕਿ ਅਗਲੀ ਕਾਰਵਾਈ ਪੰਜਾਬ ਸਰਕਾਰ ਅਤੇ ਪੁਲੀਸ ਵੱਲੋਂ ਪੇਸ਼ ਕੀਤੀ ਜਾਣ ਵਾਲੀ ਕਾਰਵਾਈ ਰਿਪੋਰਟ ਦੇ ਆਧਾਰ ’ਤੇ ਕੀਤੀ ਜਾਵੇਗੀ। ਦੋਸ਼ਾਂ ਦੀ ਸੁਤੰਤਰ ਜਾਂਚ ਦੀ ਮੰਗ ਕਮਿਸ਼ਨ ਦੇ ਹੁਕਮਾਂ ਅਨੁਸਾਰ, ‘ਲੀਗਲ ਰਾਈਟਸ ਆਬਜ਼ਰਵੇਟਰੀ’ (LRO) ਵੱਲੋਂ ਦਾਇਰ ਸ਼ਿਕਾਇਤ ਵਿੱਚ ਦੋਸ਼ਾਂ ਦੀ ਸੁਤੰਤਰ ਤਸਦੀਕ, ਸਬੂਤਾਂ ਦੀ ਸੁਰੱਖਿਆ ਅਤੇ ਜਾਂਚ ਨੂੰ ਪ੍ਰਭਾਵਿਤ ਕਰਨ ਦੀ ਕਿਸੇ ਵੀ ਕੋਸ਼ਿਸ਼ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤ ਵਿੱਚ ਇਹ ਵੀ ਚਿੰਤਾ ਪ੍ਰਗਟਾਈ ਗਈ ਹੈ ਕਿ ਜੇਕਰ ਕਿਸੇ ਪ੍ਰਭਾਵਸ਼ਾਲੀ ਵਿਅਕਤੀ ਵੱਲੋਂ ਜਾਂਚ ਵਿੱਚ ਦਖ਼ਲਅੰਦਾਜ਼ੀ ਕੀਤੀ ਜਾਂਦੀ ਹੈ ਤਾਂ ਇਸ ਨਾਲ ਜਬਰ-ਜਨਾਹ ਪੀੜਤਾ ਦੇ ਮਾਣ-ਸਨਮਾਨ, ਸੁਰੱਖਿਆ, ਨਿਰਪੱਖ ਜਾਂਚ ਅਤੇ ਇਨਸਾਫ਼ ਤੱਕ ਪਹੁੰਚ ਦੇ ਅਧਿਕਾਰ ਪ੍ਰਭਾਵਿਤ ਹੋ ਸਕਦੇ ਹਨ। NHRC ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਨੂੰ ਪਹਿਲੀ ਨਜ਼ਰ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਜੁੜਿਆ ਮਾਮਲਾ ਮੰਨਦਿਆਂ Protection of Human Rights Act, 1993 ਦੀ ਧਾਰਾ 12 ਤਹਿਤ ਨੋਟਿਸ ਲਿਆ ਹੈ। ਮੁੱਖ ਸਕੱਤਰ ਅਤੇ DGP ਨੂੰ ਦੋ ਹਫ਼ਤਿਆਂ ਵਿੱਚ ਰਿਪੋਰਟ ਦੇਣ ਦੇ ਹੁਕਮ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ DGP ਨੂੰ ਸ਼ਿਕਾਇਤ ਵਿੱਚ ਦਰਜ ਦੋਸ਼ਾਂ ਦੀ ਜਾਂਚ ਕਰਵਾਉਣ ਅਤੇ ਦੋ ਹਫ਼ਤਿਆਂ ਦੇ ਅੰਦਰ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਰਿਪੋਰਟ ਮਿਲਣ ਤੋਂ ਬਾਅਦ ਕਮਿਸ਼ਨ ਮਾਮਲੇ ਵਿੱਚ ਅਗਲੀ ਕਾਰਵਾਈ ਬਾਰੇ ਫ਼ੈਸਲਾ ਕਰੇਗਾ। NHRC ਦੇ ਨੋਟਿਸ ਮਗਰੋਂ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਕਾਨੂੰਨੀ ਨੋਟਿਸ ਇਸ ਦੌਰਾਨ, NHRC ਵੱਲੋਂ ਨੋਟਿਸ ਲਏ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਮੁੱਖ ਮੰਤਰੀ ਦਫ਼ਤਰ (CMO) ਦੇ ਇੱਕ ਅਧਿਕਾਰੀ ਅਨੁਸਾਰ, ਨੋਟਿਸ ਰਾਹੀਂ ਸਾਬਕਾ ਜੱਜ ਨੂੰ 24 ਘੰਟਿਆਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ। ਜਵਾਬ ਨਾ ਦੇਣ ਦੀ ਸੂਰਤ ਵਿੱਚ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ। ਜਾਣਕਾਰੀ ਮੁਤਾਬਕ ਸੇਵਾਮੁਕਤ ਜੱਜ ਰਣਜੀਤ ਸਿੰਘ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੇ ਰਿਸ਼ਤੇਦਾਰ ਹਨ। ਮਾਮਲੇ ਨੂੰ ਲੈ ਕੇ ਹੁਣ NHRC ਦੀ ਜਾਂਚ, ਪੰਜਾਬ ਸਰਕਾਰ ਅਤੇ ਪੁਲੀਸ ਦੀ ਕਾਰਵਾਈ ਰਿਪੋਰਟ ਅਤੇ ਕਾਨੂੰਨੀ ਨੋਟਿਸ ਦੇ ਜਵਾਬ ’ਤੇ ਨਜ਼ਰ ਰਹੇਗੀ। 

Posted By: Daily Suraj Bureau

Latest News