ਦਿੱਲੀ ਪੁਲਿਸ ਨੇ ISI ਸਮਰਥਿਤ ਨੈੱਟਵਰਕ ਦਾ ਕੀਤਾ ਪਰਦਾਫਾਸ਼, ਪੰਜਾਬ ਨਾਲ ਸਬੰਧਤ ਚਾਰ ਨੌਜਵਾਨ ਗ੍ਰਿਫ਼ਤਾਰ

ਦਿੱਲੀ ਪੁਲਿਸ ਨੇ ISI ਸਮਰਥਿਤ ਨੈੱਟਵਰਕ ਦਾ ਕੀਤਾ ਪਰਦਾਫਾਸ਼, ਪੰਜਾਬ ਨਾਲ ਸਬੰਧਤ ਚਾਰ ਨੌਜਵਾਨ ਗ੍ਰਿਫ਼ਤਾਰ

ਦਿੱਲੀ ਪੁਲਿਸ ਨੇ ਇੱਕ ਕਥਿਤ ISI ਸਮਰਥਿਤ ਅੰਤਰ-ਰਾਜੀ ਅਤਿਵਾਦੀ ਅਤੇ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਇਸ ਕਾਰਵਾਈ ਦੌਰਾਨ ਦਿੱਲੀ ਵਿੱਚ ਕਥਿਤ ਅਤਿਵਾਦੀ ਹਮਲੇ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਤਿੰਨ ਪੰਜਾਬ ਦੇ ਰਹਿਣ ਵਾਲੇ ਹਨ, ਜਦਕਿ ਇੱਕ ਨੂੰ ਦਿੱਲੀ ਤੋਂ ਕਾਬੂ ਕੀਤਾ ਗਿਆ। ਪੁਲਿਸ ਅਨੁਸਾਰ ਮੁਲਜ਼ਮ ਕਥਿਤ ਤੌਰ 'ਤੇ ਪਾਕਿਸਤਾਨ ਸਥਿਤ ISI ਹੈਂਡਲਰ ਸ਼ਹਿਜ਼ਾਦ ਭੱਟੀ ਦੇ ਸੰਪਰਕ ਵਿੱਚ ਸਨ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਉਹ ਫੜੇ ਜਾਣ ਤੋਂ ਬਚਣ ਲਈ ਪਾਕਿਸਤਾਨੀ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਵਿਦੇਸ਼ੀ ਮੋਬਾਈਲ ਨੰਬਰਾਂ ਦੀ ਵਰਤੋਂ ਕਰਦੇ ਸਨ। ਪੁਲਿਸ ਦਾ ਦਾਅਵਾ ਹੈ ਕਿ ਇੱਕ ਮੁਲਜ਼ਮ ਨੂੰ ਦਿੱਲੀ ਵਿੱਚ ਪੁਲਿਸ ਅਦਾਰਿਆਂ ਅਤੇ ਧਾਰਮਿਕ ਸਥਾਨਾਂ ਦੀ ਰੇਕੀ ਕਰਨ ਦੇ ਨਾਲ-ਨਾਲ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦੇਣ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਤਰਨਤਾਰਨ ਦੇ ਰਹਿਣ ਵਾਲੇ ਸ਼ੁਭਦੀਪ ਸਿੰਘ ਉਰਫ਼ ਵਿਸ਼ਾਲ (23) ਅਤੇ ਗੁਰਜੰਟ ਸਿੰਘ ਉਰਫ਼ ਰਿਸ਼ੀ (22), ਅੰਮ੍ਰਿਤਸਰ ਦੇ ਸਾਜਨ ਸਿੰਘ ਉਰਫ਼ ਹਨੀ (28) ਅਤੇ ਫਤਿਹਗੜ੍ਹ ਸਾਹਿਬ ਦੇ ਗਗਨਪ੍ਰੀਤ (24) ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਤਿੰਨ ਮੁਲਜ਼ਮਾਂ ਨੂੰ ਪੰਜਾਬ ਤੋਂ, ਜਦਕਿ ਗਗਨਪ੍ਰੀਤ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ। ਕਾਰਵਾਈ ਦੌਰਾਨ ਪੁਲਿਸ ਨੇ ਇੱਕ ਜ਼ਿਗਾਨਾ ਪਿਸਤੌਲ, ਇੱਕ .30 ਬੋਰ ਦਾ ਪਿਸਤੌਲ, ਨੌਂ ਜ਼ਿੰਦਾ ਕਾਰਤੂਸ ਅਤੇ ਪੰਜ ਮੋਬਾਈਲ ਫੋਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਡਿਪਟੀ ਕਮਿਸ਼ਨਰ ਆਫ਼ ਪੁਲਿਸ (ਸਪੈਸ਼ਲ ਸੈੱਲ) ਪ੍ਰਵੀਨ ਕੁਮਾਰ ਤ੍ਰਿਪਾਠੀ ਨੇ ਦੱਸਿਆ ਕਿ ਇਹ ਕਾਰਵਾਈ ਇੱਕ ਭਰੋਸੇਯੋਗ ਅਤੇ ਖ਼ਾਸ ਸੂਚਨਾ ਦੇ ਆਧਾਰ 'ਤੇ ਕੀਤੀ ਗਈ। ਸੂਚਨਾ ਵਿੱਚ ਕਿਹਾ ਗਿਆ ਸੀ ਕਿ ਪਾਕਿਸਤਾਨ ਸਥਿਤ ISI ਹੈਂਡਲਰ ਸ਼ਹਿਜ਼ਾਦ ਭੱਟੀ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਦਿੱਲੀ-ਐਨਸੀਆਰ ਵਿੱਚ ਇੱਕ ਅਤਿਵਾਦੀ ਘਟਨਾ ਦੀ ਯੋਜਨਾ ਬਣਾ ਰਿਹਾ ਸੀ ਅਤੇ ਇਸ ਲਈ ਪੰਜਾਬ ਦੇ ਕੁਝ ਨੌਜਵਾਨਾਂ ਨੂੰ ਭਰਤੀ ਕੀਤਾ ਗਿਆ ਸੀ। ਪੁਲਿਸ ਨੇ ਦੱਸਿਆ ਕਿ ਸਰੋਤਾਂ ਤੋਂ ਮਿਲੀ ਜਾਣਕਾਰੀ ਅਤੇ ਤਕਨੀਕੀ ਵਿਸ਼ਲੇਸ਼ਣ ਦੇ ਆਧਾਰ 'ਤੇ ਦਿੱਲੀ ਅਤੇ ਪੰਜਾਬ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ। ਪਹਿਲੀ ਗ੍ਰਿਫ਼ਤਾਰੀ ਅੰਮ੍ਰਿਤਸਰ ਦੇ ਮਜੀਠਾ ਰੋਡ ਇਲਾਕੇ ਤੋਂ ਸ਼ੁਭਦੀਪ ਸਿੰਘ ਦੀ ਹੋਈ, ਜਿਸ ਕੋਲੋਂ ਇੱਕ ਸੈਮੀ-ਆਟੋਮੈਟਿਕ ਪਿਸਤੌਲ, ਪੰਜ ਜ਼ਿੰਦਾ ਕਾਰਤੂਸ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ। ਪੁੱਛਗਿੱਛ ਦੌਰਾਨ ਉਸ ਨੇ ਕਥਿਤ ਤੌਰ 'ਤੇ ਖੁਲਾਸਾ ਕੀਤਾ ਕਿ ਉਹ ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਨਾਲ ਜੁੜੇ ਪਾਕਿਸਤਾਨੀ ਹੈਂਡਲਰਾਂ ਦੇ ਸੰਪਰਕ ਵਿੱਚ ਸੀ ਅਤੇ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰਦਾ ਸੀ। ਇਸ ਤੋਂ ਬਾਅਦ 24 ਜੂਨ ਨੂੰ ਗਗਨਪ੍ਰੀਤ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਅਨੁਸਾਰ ਉਸ ਕੋਲੋਂ ਇੱਕ ਮੋਬਾਈਲ ਫੋਨ ਬਰਾਮਦ ਹੋਇਆ, ਜਿਸ ਵਿੱਚ ਕਈ ਇਤਰਾਜ਼ਯੋਗ ਸਬੂਤ ਮਿਲੇ ਹਨ। ਜਾਂਚ ਏਜੰਸੀ ਦਾ ਦਾਅਵਾ ਹੈ ਕਿ ਉਸ ਨੂੰ ਪਾਕਿਸਤਾਨੀ ਹੈਂਡਲਰਾਂ ਵੱਲੋਂ ਦਿੱਲੀ ਦੇ ਧਾਰਮਿਕ ਸਥਾਨਾਂ ਅਤੇ ਪੁਲਿਸ ਅਦਾਰਿਆਂ ਦੀ ਰੇਕੀ ਕਰਨ ਅਤੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਦਿੱਲੀ ਪੁਲਿਸ ਮੁਤਾਬਕ ਤਰਨਤਾਰਨ ਦੇ ਰਹਿਣ ਵਾਲਾ ਸ਼ੁਭਦੀਪ ਸਿੰਘ ਭਾਰਤ-ਪਾਕਿਸਤਾਨ ਸਰਹੱਦ ਨੇੜੇ ਡਰੋਨਾਂ ਰਾਹੀਂ ਭੇਜੇ ਗਏ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰਦਾ ਸੀ ਅਤੇ ਵਿਦੇਸ਼ੀ ਨੰਬਰਾਂ ਰਾਹੀਂ ISI ਹੈਂਡਲਰਾਂ ਨਾਲ ਸੰਪਰਕ ਵਿੱਚ ਰਹਿੰਦਾ ਸੀ। ਪੁਲਿਸ ਨੇ ਦੱਸਿਆ ਕਿ ਉਹ ਪਹਿਲਾਂ ਵੀ NDPS ਐਕਟ ਨਾਲ ਸੰਬੰਧਿਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਹੋ ਚੁੱਕਾ ਹੈ। ਪੁਲਿਸ ਅਨੁਸਾਰ ਗੁਰਜੰਟ ਸਿੰਘ ਅਤੇ ਉਸ ਦਾ ਚਚੇਰਾ ਭਰਾ ਸਾਜਨ ਸਿੰਘ ਵੀ ਕਥਿਤ ਤੌਰ 'ਤੇ ਵਿਦੇਸ਼ੀ ਨੰਬਰਾਂ ਰਾਹੀਂ ਪਾਕਿਸਤਾਨੀ ਹੈਂਡਲਰਾਂ ਨਾਲ ਸੰਪਰਕ ਵਿੱਚ ਰਹਿੰਦੇ ਹੋਏ ਡਰੋਨ ਰਾਹੀਂ ਭੇਜੇ ਗਏ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰਨ ਵਿੱਚ ਮਦਦ ਕਰਦੇ ਸਨ। ਸਾਜਨ ਵੀ ਪਹਿਲਾਂ NDPS ਐਕਟ ਨਾਲ ਸੰਬੰਧਿਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਹੋ ਚੁੱਕਾ ਹੈ। ਜਾਂਚ ਏਜੰਸੀ ਦਾ ਇਹ ਵੀ ਦਾਅਵਾ ਹੈ ਕਿ ਫਤਿਹਗੜ੍ਹ ਸਾਹਿਬ ਦੇ ਰਹਿਣ ਵਾਲੇ ਗਗਨਪ੍ਰੀਤ ਨੂੰ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨੀ ਹੈਂਡਲਰਾਂ ਨੇ ਦਿੱਲੀ ਵਿੱਚ ਪੁਲਿਸ ਸਟੇਸ਼ਨਾਂ, ਪਿਕੇਟਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਰੇਕੀ ਕਰਨ ਅਤੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।