Daily Suraj

ਪੰਜਾਬੀ

ਮਾਛੀਵਾੜਾ ਨੇੜੇ ਭਿਆਨਕ ਸੜਕ ਹਾਦਸਾ: ਮਾਤਾ ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਦਾ ਟੈਂਪੂ ਖੜ੍ਹੇ ਟਿੱਪਰ ਨਾਲ ਟਕਰਾਇਆ, 3 ਦੀ ਮੌਤ

17 Nov, 2026 09:12 AM

ਮਾਛੀਵਾੜਾ ਨੇੜੇ ਸੋਮਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਹਿਮਾਚਲ ਪ੍ਰਦੇਸ਼ ਸਥਿਤ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਕੇ ਪਰਤ ਰਹੇ ਸ਼ਰਧਾਲੂਆਂ ਨਾਲ ਭਰਿਆ ਇੱਕ ਟੈਂਪੂ ਸੜਕ ਕਿਨਾਰੇ ਖੜ੍ਹੇ ਟਿੱਪਰ ਟਰੱਕ ਨਾਲ ਜਾ ਟਕਰਾਇਆ। ਇਸ ਦਰਦਨਾਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 27 ਹੋਰ ਸ਼ਰਧਾਲੂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ, ਸ਼ਰਧਾਲੂਆਂ ਨਾਲ ਭਰਿਆ ਇਹ ਮਹਿੰਦਰਾ ਪਿਕਅੱਪ ਟੈਂਪੂ ਨੈਣਾ ਦੇਵੀ ਤੋਂ ਮਾਛੀਵਾੜਾ ਵੱਲ ਵਾਪਸ ਆ ਰਿਹਾ ਸੀ। ਟੈਂਪੂ ਵਿੱਚ ਕੁੱਲ 30 ਲੋਕ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਵਾਹਨ ਨੂੰ ਕਾਫ਼ੀ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ, ਜਿਸ ਕਾਰਨ ਸੰਤੁਲਨ ਵਿਗੜ ਗਿਆ ਅਤੇ ਉਸ ਨੇ ਮਾਛੀਵਾੜਾ ਨੇੜੇ ਖੜ੍ਹੇ ਇੱਕ ਟਿੱਪਰ ਟਰੱਕ ਦੇ ਪਿੱਛੇ ਸਿੱਧੀ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਟੈਂਪੂ ਦੀ ਅਗਲੀ ਸੀਟ ’ਤੇ ਬੈਠੇ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਔਰਤ ਅਤੇ ਦੋ ਮੁੰਡੇ ਸ਼ਾਮਲ ਹਨ, ਜਿਨ੍ਹਾਂ ਦੀ ਪਛਾਣ ਗੁਰੂ ਕਲੋਨੀ, ਮਾਛੀਵਾੜਾ ਦੇ ਵਾਸੀ ਮੁੰਨਾ ਕੁਮਾਰ (13), ਗੌਰਵ ਕੁਮਾਰ (17) ਅਤੇ ਮਧੂ ਦੇਵੀ (35) ਵਜੋਂ ਹੋਈ ਹੈ। ਹਾਦਸੇ ਵਿੱਚ ਜ਼ਖ਼ਮੀ ਹੋਏ 27 ਸ਼ਰਧਾਲੂਆਂ ਨੂੰ ਇਲਾਜ ਲਈ ਮਾਛੀਵਾੜਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮਾਛੀਵਾੜਾ ਥਾਣੇ ਦੇ ਐਸ.ਐਚ.ਓ. ਚਰਨਜੀਤ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਬੀਤੀ ਦੇਰ ਰਾਤ ਤੁਰੰਤ ਮੌਕੇ ’ਤੇ ਪਹੁੰਚ ਗਈ ਸੀ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਜ਼ਖ਼ਮੀਆਂ ਨੂੰ ਐਮਰਜੈਂਸੀ ਹਾਲਤ ਵਿੱਚ ਨਿੱਜੀ ਵਾਹਨਾਂ ਰਾਹੀਂ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਹਾਦਸੇ ਵਿੱਚ ਟੈਂਪੂ ਦਾ ਡਰਾਈਵਰ ਪ੍ਰਦੀਪ ਕੁਮਾਰ ਵੀ ਜ਼ਖ਼ਮੀ ਹੋਇਆ ਹੈ, ਜੋ ਘਟਨਾ ਤੋਂ ਤੁਰੰਤ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ ਸੀ ਅਤੇ ਬਾਅਦ ਵਿੱਚ ਉਸ ਨੂੰ ਸਮਰਾਲਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਡਰਾਈਵਰ ਕਿਸੇ ਵੀ ਟਰੈਵਲ ਏਜੰਸੀ ਨਾਲ ਜੁੜਿਆ ਹੋਇਆ ਨਹੀਂ ਹੈ ਅਤੇ ਸ਼ਰਧਾਲੂਆਂ ਨੇ ਖ਼ੁਦ ਹੀ ਆਪਣੀ ਯਾਤਰਾ ਲਈ ਇਹ ਟੈਂਪੂ ਬੁੱਕ ਕੀਤਾ ਸੀ।

Latest News