ਮਾਨਸਾ : ਪਿੰਡ ਜਵਾਹਰਕੇ ’ਚ ਨੌਜਵਾਨ ਦੀ ਬੀਤੇ ਕੱਲ੍ਹ ਹੋਈ ਨਸ਼ੇ ਦੀ ਓਵਰਡੋਜ਼ ਨਾਲ ਮੌਤ ਦੇ ਦੂਜੇ ਦਿਨ ਬਰਨਾਲ ਸਿਰਸਾ ਰੋਡ ’ਤੇ ਪਰਿਵਾਰਕ ਮੈਂਬਰਾਂ ਤੇ ਲੋਕਾਂ ਨੇ ਲਾਸ਼ ਰੱਖ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟਾਇਆ। ਇਸ ਦੌਰਾਨ ਉਨ੍ਹਾਂ ਰਸਤਾ ਬੰਦ ਕਰਦੇ ਹੋਏ ਜਾਮ ਲਗਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸ਼ਖਤ ਕਾਰਵਾਈ ਕਰਨ ਦੀ ਮੰਗ ਕੀਤੀ ਤੇ ਪਰਿਵਾਰ ਦੀ ਆਰਥਿਕ ਮਦਦ ਲਈ ਯੋਗ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ। ਇੱਥੇ ਜ਼ਿਕਰਯੋਗ ਹੈ ਕਿ ਮਾਨਸਾ ਦੇ ਨੇੜਲੇ ਪਿੰਡ ਜਵਾਹਰਕੇ ‘ਚ ਬੀਤੇ ਕੱਲ੍ਹ ਗੁਰਮੀਤ ਸਿੰਘ 19 ਸਾਲਾਂ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਦੇ ਨਾਲ ਮੌਤ ਹੋ ਗਈ ਸੀ, ਜਿਸ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ’ਤੇ ਮਾਮਲਾ ਦਰਜ ਕਰ ਲਿਆ ਸੀ।ਅੱਜ ਪਰਿਵਾਰਕ ਮੈਂਬਰਾਂ ਵੱਲੋਂ ਨੌਜਵਾਨ ਦੀ ਲਾਸ਼ ਨੂੰ ਬਰਨਾਲਾ ਸਿਰਸਾ ਨੈਸ਼ਨਲ ਹਾਈਵੇ ’ਤੇ ਰਮਦਿੱਤੇਵਾਲਾ ਚੌਂਕ ਵਿੱਚ ਰੱਖ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਨੌਜਵਾਨ ਦੀ ਲਾਸ਼ ਨੂੰ ਮੁੱਖ ਮਾਰਗ ’ਤੇ ਰੱਖਣ ਤੋਂ ਪਹਿਲਾਂ ਪੁਲਿਸ ਵੱਲੋਂ ਲੋਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੇ ਜਾਣ ’ਤੇ ਪੁਲਿਸ ਤੇ ਲੋਕਾਂ ਵਿੱਚ ਆਪਸੀ ਤਕਰਾਰ ਵੀ ਹੋਈ ਹੈ ਅਤੇ ਧੱਕਾ ਮੁੱਕੀ ਹੋਏ। ਨਸ਼ੇ ਖ਼ਿਲਾਫ਼ ਲੜਾਈ ਲੜ ਰਹੇ ਐਂਟੀ ਡਰੱਗ ਟਾਸਕ ਫ਼ੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਨੇ ਪੁਲਿਸ ਦੀ ਗੱਡੀ ਅੱਗੇ ਬੈਠ ਕੇ ਪੁਲਿਸ ਨੂੰ ਰੋਕ ਲਿਆ, ਜਿਸ ਬਾਅਦ ਪੁਲਿਸ ਨੇ ਪਰਵਿੰਦਰ ਸਿੰਘ ਝੋਟੇ ਨਾਲ ਵੀ ਖਿੱਚ ਧੂਹ ਕਰਕੇ ਉਨ੍ਹਾਂ ਨੂੰ ਸਾਈਡ ਤੇ ਕਰ ਦਿੱਤਾ। ਇਸ ਬਾਅਦ ਨੌਜਵਾਨ ਦੀ ਲਾਸ਼ ਨੂੰ ਰਮਦਿੱਤੇ ਵਾਲਾ ਚੌਂਕ ਵਿੱਚ ਰੱਖ ਕੇ ਪ੍ਰਦਰਸ਼ਨਕਾਰੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ। ਇਸ ਦੌਰਾਨ ਪਰਵਿੰਦਰ ਸਿੰਘ ਤੇ ਜਗਸੀਰ ਸਿੰਘ ਸੀਰਾ ਨੇ ਕਿਹਾ ਕਿ ਜਵਾਹਰਕੇ ਪਿੰਡ ਵਿੱਚ ਸ਼ਰੇਆਮ ਨਸ਼ੇ ਦੀ ਵਿਕਰੀ ਹੋ ਰਹੀ ਹੈ, ਪਰ ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ।
Leave a Reply