ਰਜਿਸਟਰੀਆਂ, ਇੰਤਕਾਲਾਂ ਦੇ ਕੰਮ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼

ਰਜਿਸਟਰੀਆਂ, ਇੰਤਕਾਲਾਂ ਦੇ ਕੰਮ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼

ਗੁਰਦਾਸਪੁਰ: ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਜ਼ਿਲ੍ਹੇ ਦੇ ਸਮੂਹ ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਰਜਿਸਟਰੀਆਂ, ਇੰਤਕਾਲਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ। ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਰੈਵੀਨਿਊ ਵਿਭਾਗ ਦੇ ਕੰਮਾਂ ਦਾ ਰੀਵਿਊ ਕਰਨ ਲਈ ਵਿਸ਼ੇਸ਼ ਮੀਟਿੰਗ ਕਰ ਰਹੇ ਸਨ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਬੇਦੀ, ਐੱਸਡੀਐੱਮ ਦੀਨਾਨਗਰ ਜਸਪਿੰਦਰ ਸਿੰਘ, ਐੱਸਡੀਐੱਮ ਬਟਾਲਾ ਵਿਕਰਮਜੀਤ ਸਿੰਘ, ਐੱਸਡੀਐੱਮ ਕਲਾਨੌਰ ਜਿਯੋਤਸਨਾ ਸਿੰਘ, ਐੱਸਡੀਐੱਮ ਫ਼ਤਹਿਗੜ੍ਹ ਚੂੜੀਆਂ ਵੀਰਪਾਲ ਕੌਰ ਅਤੇ ਜ਼ਿਲ੍ਹੇ ਦੇ ਸਮੂਹ ਤਹਸੀਲਦਾਰ ਅਤੇ ਨਾਇਬ ਤਹਿਸੀਲਦਾਰ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝਗੜਾ ਰਹਿਤ ਇੰਤਕਾਲਾਂ ਦਾ ਫ਼ੈਸਲਾ 45 ਦਿਨਾਂ ਦੇ ਅੰਦਰ ਕਰਨਾ ਲਾਜ਼ਮੀ ਹੈ। ਉਨ੍ਹਾਂ ਜ਼ਿਲ੍ਹੇ ਦੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਅਤੇ ਇੱਕ ਮਹੀਨੇ ਅੰਦਰ ਅਜਿਹੇ ਸਾਰੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ 45 ਦਿਨ ਦੀ ਸਮਾਂ ਸੀਮਾ ਤੋਂ ਵੱਧ ਕੋਈ ਝਗੜਾ ਰਹਿਤ ਇੰਤਕਾਲ ਕਿਸੇ ਤਹਿਸੀਲ/ਸਬ-ਤਹਿਸੀਲ ਵਿੱਚ ਪੈਂਡਿੰਗ ਪਾਇਆ ਜਾਂਦਾ ਹੈ ਤਾਂ ਇਸ ਲਈ ਜ਼ਿੰਮੇਵਾਰੀ ਸਬੰਧਿਤ ਅਧਿਕਾਰੀ/ਕਰਮਚਾਰੀ ਦੀ ਹੋਵੇਗੀ। ਮੀਟਿੰਗ ਦੌਰਾਨ ਰਿਕਵਰੀ ਆਫ ਲੈਂਡ ਰੈਵੀਨਿਊ, ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਆਮ ਨਾਗਰਿਕ ਨੂੰ ਰੈਵੀਨਿਊ ਨਾਲ ਸਬੰਧਤ ਸੇਵਾਵਾਂ ਲੈਣ ਵਿੱਚ ਕੋਈ ਦਿੱਕਤਾਂ ਪੇਸ਼ ਨਹੀਂ ਆਉਣੀਆਂ ਚਾਹੀਦੀ।