Daily Suraj

ਪੰਜਾਬੀ

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਬਦਲਿਆ ਮੌਸਮ ਦਾ ਮਿਜ਼ਾਜ; ਅਗਲੇ ਦੋ ਦਿਨ ਗੜੇਮਾਰੀ ਦਾ ਅਲਰਟ

29 Oct, 2026 09:44 AM

ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ ਮੌਸਮ ਨੇ ਇੱਕ ਵਾਰ ਫਿਰ ਤੋਂ ਕਰਵਟ ਲੈ ਲਈ ਹੈ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਕੀਤੀ ਗਈ ਤਾਜ਼ਾ ਜਾਣਕਾਰੀ ਅਨੁਸਾਰ ਖੇਤਰ ਵਿੱਚ ਅਗਲੇ ਦੋ ਦਿਨਾਂ ਦੌਰਾਨ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ, ਜਿਸ ਦੇ ਚਲਦਿਆਂ ਕਈ ਇਲਾਕਿਆਂ ਵਿੱਚ ਗੜੇਮਾਰੀ ਅਤੇ ਤੇਜ਼ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਲੁਧਿਆਣਾ ਅਤੇ ਚੰਡੀਗੜ੍ਹ ਕੇਂਦਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਖੇਤਰ ਵਿੱਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਝੱਖੜ ਅਤੇ ਗਰਜ-ਚਮਕ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅਚਾਨਕ ਆਏ ਇਸ ਮੌਸਮੀ ਬਦਲਾਅ ਕਾਰਨ ਤਾਪਮਾਨ ਵਿੱਚ ਗਿਰਾਵਟ ਆਉਣ ਅਤੇ ਠੰਢ ਦਾ ਪ੍ਰਭਾਵ ਵਧਣ ਦੇ ਆਸਾਰ ਬਣ ਗਏ ਹਨ। ਇਸ ਖਰਾਬ ਮੌਸਮ ਅਤੇ ਗੜੇਮਾਰੀ ਦੀ ਚਿਤਾਵਨੀ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਕਿਸਾਨਾਂ ਲਈ ਵਿਸ਼ੇਸ਼ ਐਡਵਾਇਜ਼ਰੀ ਜਾਰੀ ਕੀਤੀ ਹੈ। ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਮੰਡੀਆਂ ਜਾਂ ਖੇਤਾਂ ਵਿੱਚ ਵੱਢ ਕੇ ਰੱਖੀ ਹੋਈ ਆਪਣੀ ਫ਼ਸਲ ਨੂੰ ਤੁਰੰਤ ਸੁਰੱਖਿਅਤ ਅਤੇ ਢੱਕੀਆਂ ਹੋਈਆਂ ਥਾਵਾਂ ’ਤੇ ਪਹੁੰਚਾਉਣ, ਤਾਂ ਜੋ ਤੇਜ਼ ਹਵਾਵਾਂ, ਮੀਂਹ ਅਤੇ ਗੜੇਮਾਰੀ ਕਾਰਨ ਫ਼ਸਲ ਦਾ ਨੁਕਸਾਨ ਹੋਣ ਤੋਂ ਬਚਾਅ ਕੀਤਾ ਜਾ ਸਕੇ। ਪ੍ਰਸ਼ਾਸਨ ਅਤੇ ਮੌਸਮ ਵਿਗਿਆਨੀਆਂ ਨੇ ਆਮ ਲੋਕਾਂ ਨੂੰ ਵੀ ਤੇਜ਼ ਝੱਖੜ ਅਤੇ ਆਕਾਸ਼ੀ ਬਿਜਲੀ ਦੌਰਾਨ ਖੁੱਲ੍ਹੇ ਵਿੱਚ ਜਾਂ ਰੁੱਖਾਂ ਹੇਠ ਖੜ੍ਹੇ ਹੋਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ।

Latest News