Daily Suraj

ਪੰਜਾਬੀ

ਸ਼ਹੀਦ ਅਜੈਬ ਸਿੰਘ ਕਾਲਾਝਾੜ ਦੀ 29ਵੀਂ ਬਰਸੀ ਨੂੰ ਸਮਰਪਿਤ ਨਿੱਜੀਕਰਨ ਵਿਰੁੱਧ ਕਨਵੈਂਸ਼ਨ ਆਯੋਜਿਤ

31 Dec, 2025 03:00 PM

ਸੰਗਰੂਰ, (ਜਗਸੀਰ ਸਿੰਘ)- ਅੱਜ ਪਿੰਡ ਕਾਲਾਝਾੜ ਵਿਚ ਸ਼ਹੀਦ ਅਜੈਬ ਸਿੰਘ ਕਾਲਾਝਾੜ ਦੀ ਸ਼ਹੀਦੀ ਲਾਟ ਵਿਖੇ ਵੱਡੀ ਗਿਣਤੀ ਕਿਸਾਨਾਂ, ਮਜ਼ਦੂਰਾਂ ਪਿੰਡ ਵਾਸੀਆਂ , ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਇਸ ਕਨਵੈਂਸ਼ਨ ਵਿੱਚ ਕੇਂਦਰ ਹਕੂਮਤ ਵੱਲੋਂ ਪੇਸ਼ ਕੀਤੇ ਬਿਜਲੀ ਸੋਧ ਬਿਲ, ਨਵਾਂ ਬੀਜ ਬਿਲ ,ਕਿਰਤ ਸਬੰਧੀ ਚਾਰ ਕੋਡ ਪਾਸ ਕਰਨ ਅਤੇ ਕੇਂਦਰ ਹਕੂਮਤ ਦੀ ਨਿਜੀ ਕਰਨ ਦੀ ਨੀਤੀ ਦਾ ਜੋਰਦਾਰ ਵਿਰੋਧ ਕੀਤਾ ਗਿਆ ।ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਪਟਿਆਲਾ ਜ਼ਿਲ੍ਹਾ ਸੰਗਠਨ ਸਕੱਤਰ ਬਲਰਾਜ ਜੋਸ਼ੀ, ਜ਼ਿਲਾ ਪ੍ਰਧਾਨ ਪਟਿਆਲਾ ਜਸਵਿੰਦਰ ਸਿੰਘ ਬਰਾਸ ਨੇ ਸੰਬੋਧਨ ਕੀਤਾ। ਇਸ ਮੌਕੇ ਲੋਕ ਮੋਰਚਾ ਪੰਜਾਬ ਦੇ ਸੂਬਾ ਜੱਥੇਬੰਦਕ ਸਕੱਤਰ ਮਾਸਟਰ ਜਗਮੇਲ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ। ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਹਕੂਮਤ ਸਾਮਰਾਜੀ ਦੇਸ਼ਾਂ, ਬਹੁ ਰਾਸ਼ਟਰੀ ਕੰਪਨੀਆਂ ਅਤੇ ਭਾਰਤ ਦੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ ਉੱਤੇ ਉਹਨਾਂ ਦੇ ਹਿਤਾਂ ਦੀ ਰਾਖੀ ਕਰਨ ਵਾਸਤੇ ਇਹ ਕਾਨੂੰਨ ਲਿਆ ਰਹੀ ਹੈ ਤਾਂ ਕਿ ਲੋਕਾਂ ਉੱਤੇ ਵੱਧ ਤੋਂ ਵੱਧ ਆਰਥਿਕ ਬੋਝ ਪਾ ਕੇ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰਾਂ ਅਤੇ ਮੁਨਾਫਿਆਂ ਨੂੰ ਦੂਣ ਸਵਾਇਆ ਕੀਤਾ ਜਾਵੇ। ਇਹਨਾਂ ਆਗੂਆਂ ਨੇ ਮੋਦੀ ਹਕੂਮਤ ਵੱਲੋਂ ਸਾਮਰਾਜੀ ਦੇਸ਼ਾਂ ਨਾਲ ਕੀਤੇ ਜਾ ਰਹੇ ਖੁੱਲੇ ਵਪਾਰ ਦੇ ਸਮਝੌਤੇ ਅਤੇ ਕਾਰਪੋਰੇਟ ਘਰਾਣਿਆਂ ਨੂੰ ਦੇਸ਼ ਦੇ ਕੁਦਰਤੀ ਸਰੋਤਾਂ ਨੂੰ ਕੌਡੀਆਂ ਦੇ ਭਾਅ ਲੁਟਾਉਣ ਅਤੇ ਵਾਤਾਵਰਨ ਦਾ ਸੱਤਿਆਨਾਸ ਕਰਨ ਵਾਲੀਆਂ ਅਖੌਤੀ ਵਿਕਾਸ ਦੀਆਂ ਨੀਤੀਆਂ ਦੀ ਜੋਰਦਾਰ ਨਿਖੇਧੀ ਕੀਤੀ। ਲੋਕਾਂ ਦੇ ਹੱਕੀ ਸੰਘਰਸ਼ਾਂ ਨੂੰ ਦਬਾਉਣ ਖਾਸ ਕਰਕੇ ਆਦਿਵਾਸੀ ਖੇਤਰ ਦੇ ਲੋਕਾਂ ਉੱਤੇ ਅੰਧਾ ਧੁੰਦ ਜਬਰ ਕਰਨ, ਦੇਸ਼ ਦੀਆਂ ਜਮੀਨਾਂ ਨੂੰ ਸਸਤੇ ਭਾਅ 'ਤੇ ਹਥਿਆਉਣ ਅਤੇ ਮਨਰੇਗਾ ਕਾਨੂੰਨ ਨੂੰ ਸੋਧ ਕੇ ਪੇਂਡੂ ਗਰੀਬਾਂ ਦਾ ਰੁਜ਼ਗਾਰ ਦਾ ਹੱਕ ਖੋਹਣ ਅਤੇ ਕਿਰਤੀਆਂ ਸਬੰਧੀ ਬਣੇ ਕਾਨੂੰਨਾਂ ਨੂੰ ਸੋਧ ਕੇ ਚਾਰ ਕੋਰਡਾਂ ਵਿੱਚ ਬਦਲਣ ਦਾ ਫੈਸਲਾ ਕਰਕੇ ਉਹਨਾਂ ਦੇ ਜਮਹੂਰੀ ਹੱਕਾਂ 'ਤੇ ਡਾਕਾ ਮਾਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਇਹਨਾਂ ਕਾਨੂੰਨਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਇਸ ਤੋਂ ਅਗਾਂਹ ਬੁਲਾਰਿਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਨਿੱਜੀਕਰਨ ਦੀ ਨੀਤੀ ਮੁਕੰਮਲ ਤੌਰ ਉੱਤੇ ਰੱਦ ਕਰਨ, ਨਿੱਜੀਕਰਨ ਕੀਤੇ ਗਏ ਅਦਾਰਿਆਂ ਨੂੰ ਮੁੜ ਸਰਕਾਰੀ ਕੰਟਰੋਲ ਹੇਠ ਲੈਣ, ਸਾਮਰਾਜੀ ਅਤੇ ਭਾਰਤੀ ਵੱਡੇ ਕਾਰਪੋਰੇਟਾਂ ਦੀਆਂ ਕੰਪਨੀਆਂ ਨੂੰ ਲੁੱਟ ਦੀਆਂ ਖੁੱਲ੍ਹਾਂ ਦੇਣੀਆਂ ਬੰਦ ਕਰਨ, ਭਾਰਤੀ ਮੰਡੀ ਅਤੇ ਚੁਗਿਰਦੇ ਅੰਦਰ ਇਹਨਾਂ ਦਾ ਦਾਖ਼ਲਾ ਬੰਦ ਕਰਨ, ਲੋਕਾਂ ਦੀ ਲੁੱਟ ਦੇ ਸਿਰ ਤੇ ਇਕੱਠੀ ਕੀਤੀ ਇਹਨਾਂ ਦੀ ਪੂੰਜੀ ਜਬਤ ਕਰਨ, ਵੱਡੇ ਧਨਾਢਾਂ, ਕਾਰਪੋਰੇਟਾਂ ਅਤੇ ਵੱਡੇ ਭੋਂ ਮਾਲਕਾਂ ਉੱਤੇ ਭਾਰੀ ਟੈਕਸ ਲਾ ਕੇ ਸਰਕਾਰੀ ਅਦਾਰਿਆਂ ਲਈ ਪੂੰਜੀ ਜੁਟਾਉਣ, ਵੱਡੇ ਕਾਰਪੋਰੇਟਾਂ ਨੂੰ ਦਿੱਤੀਆਂ ਜਾਂਦੀਆਂ ਸਭ ਰਿਆਇਤਾਂ/ਛੋਟਾਂ ਰੱਦ ਕਰਕੇ ਲੋਕਾਂ ਨੂੰ ਵਧੇਰੇ ਸਹੂਲਤਾਂ ਦੇਣ, ਭਾਰਤ ਅਮਰੀਕਾ ਵਪਾਰ ਵਾਰਤਾ ਬੰਦ ਕਰਨ ਅਤੇ ਸਾਮਰਾਜੀਆਂ ਨਾਲ ਕੀਤੇ ਸਭ ਸਮਝੌਤੇ ਸੰਧੀਆਂ ਰੱਦ ਕਰਨ ਦੀ ਜ਼ੋਰਦਾਰ ਮੰਗ ਕੀਤੀ। ਅਜਿਹਾ ਕਰਨ ਲਈ ਲੋਕਾਂ ਨੂੰ ਬੁਰਜੂਆ ਪਾਰਲੀਮੈਂਟ ਪਾਰਟੀਆਂ ਤੋਂ ਭਲੇ ਦੀ ਝਾਕ ਛੱਡ ਕੇ ਇਨਕਲਾਬੀ ਜਥੇਬੰਦੀਆਂ ਵੱਲੋਂ ਨਵਾਂ ਸਮਾਜ ਸਿਰਜਣ ਦੇ ਸੰਘਰਸ਼ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਕਨਵੈਂਸ਼ਨ ਵਿੱਚ ਜੇਲਾਂ ਦੇ ਵਿੱਚ ਡੱਕੇ ਬੁੱਧੀਜੀਵੀਆਂ, ਪੱਤਰਕਾਰਾਂ, ਸਮਾਜਿਕ ਕਾਰਕੁਨਾਂ ਅਤੇ ਲੋਕਾਂ ਦੇ ਜਮਹੂਰੀ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਉਲਝਾਉਣ ਅਤੇ ਕਾਲੇ ਕਾਨੂੰਨਾਂ ਤਹਿਤ ਜੇਲਾਂ ਵਿੱਚ ਡੱਕਣ ਦਾ ਵਿਰੋਧ ਕਰਦਿਆਂ ਇਹਨਾਂ ਆਗੂਆਂ ਨੂੰ ਤੁਰੰਤ ਰਿਹਾ ਕਰਨ ਦੀ ਮੰਗ ਕੀਤੀ। ਕਨਵੈਂਸ਼ਨ ਦੁਆਰਾ ਪਾਸ ਕੀਤੇ ਮਤੇ 'ਚ ਮੰਗ ਕੀਤੀ ਗਈ ਕਿ ਦੇਸ਼ ਅੰਦਰ ਫਿਰਕਾ ਪ੍ਰਸਤੀ ਭੜਕਾ ਕੇ ਧਾਰਮਿਕ ਵੰਡੀਆਂ ਪਾਉਣਾ ਅਤੇ ਧਾਰਮਿਕ ਘੱਟ ਗਿਣਤੀਆਂ ਉੱਤੇ ਜਬਰ ਬੰਦ ਕੀਤਾ ਜਾਵੇ। ਇਸ ਮੌਕੇ ਅਰਸ਼ ਕਾਲਾਝਾੜ ਦੀ ਨਿਰਦੇਸ਼ਨਾ ਹੇਠ ਕੋਰਿਓਗ੍ਰਾਫੀ "ਸੂਰਜਾ ਸੂਰਜਾ ਫੱਟੀ ਸੁਕਾ" ਕੀਤਾ ਗਿਆ। ਇਸ ਤੋਂ ਇਲਾਵਾ ਜਗਸੀਰ ਸਿੰਘ ਸਲੇਮਗੜ੍ਹ ਅਤੇ ਰਾਮ ਸਿੰਘ ਹਠੂਰ ਨੇ ਇਨਕਲਾਬੀ ਗੀਤ ਪੇਸ਼ ਕੀਤੇ। ਅੰਤ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਆਏ ਹੋਏ ਸਾਰੇ ਲੋਕਾਂ ਦਾ ਧੰਨਵਾਦ ਕੀਤਾ ਤੇ ਸਟੇਜ ਸਕੱਤਰ ਦੀ ਭੂਮਿਕਾ ਜਸਵੀਰ ਸਿੰਘ ਗਾਜੇਵਾਸ ਨੇ ਬਾਖੂਬੀ ਨਿਭਾਈ।

Posted By: Daily Suraj Bureau

Latest News