ਚੰਡੀਗੜ੍ਹ ਧਰਨੇ ਤੋਂ ਇਕ ਦਿਨ ਪਹਿਲਾਂ ਜ਼ਿਲ੍ਹੇ ਦੇ ਸੱਤ ਕਿਸਾਨ ਆਗੂ ਲਏ ਹਿਰਾਸਤ ’ਚ

ਚੰਡੀਗੜ੍ਹ ਧਰਨੇ ਤੋਂ ਇਕ ਦਿਨ ਪਹਿਲਾਂ ਜ਼ਿਲ੍ਹੇ ਦੇ ਸੱਤ ਕਿਸਾਨ ਆਗੂ ਲਏ ਹਿਰਾਸਤ ’ਚ

ਸ੍ਰੀ ਮੁਕਤਸਰ ਸਾਹਿਬ : ਚੰਡੀਗੜ੍ਹ ’ਚ 05 ਮਾਰਚ ਨੂੰ ਕਿਸਾਨਾਂ ਵੱਲੋਂ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਤੋਂ ਇੱਕ ਦਿਨ ਪਹਿਲਾਂ ਹੀ ਮੁਕਤਸਰ ਜ਼ਿਲ੍ਹੇ ’ਚ ਸਵੇਰੇ ਤੜਕੇ ਇੱਕ ਛਾਪੇਮਾਰੀ ਦੌਰਾਨ ਪੁਲਿਸ ਨੇ ਸੱਤ ਕਿਸਾਨਾਂ ਨੂੰ ਹਿਰਾਸਤ ’ਚ ਲੈ ਲਿਆ। ਜਦੋਂਕਿ ਪੁਲਿਸ ਕਾਰਵਾਈ ਦੀ ਸੂਚਨਾ ਮਿਲਣ ਤੋਂ ਬਾਅਦ ਕਈ ਕਿਸਾਨ ਆਪਣੇ ਘਰਾਂ ਤੋਂ ਏਧਰ-ਓਧਰ ਹੋ ਗਏ ਸਨ। 

ਦੂਜੇ ਪਾਸੇ ਕਿਸਾਨਾਂ ਨੂੰ ਹਿਰਾਸਤ ’ਚ ਲਏ ਜਾਣ ਦੇ ਵਿਰੋਧ ਵਿੱਚ ਵੱਖ-ਵੱਖ ਕਿਸਾਨ ਜੱਥੇਬੰਦੀਆਂ ਨੇ ਥਾਣਾ ਸਦਰ ਮੁਕਤਸਰ ਦਾ ਘਿਰਾਓ ਕਰ ਦਿੱਤਾ। ਇਸ ਦੌਰਾਨ ਕਿਸਾਨਾਂ ਨੇ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਸਵੇਰੇ 10 ਵਜੇ ਦੇ ਕਰੀਬ ਸਦਰ ਥਾਣੇ ਪਹੁੰਚੇ ਅਤੇ 11:30 ਵਜੇ ਤੱਕ ਲਗਭਗ ਡੇਢ ਘੰਟੇ ਤੱਕ ਗੇਟ ਦੇ ਸਾਹਮਣੇ ਧਰਨਾ ਦਿੱਤਾ।

 ਕਿਸਾਨ ਆਗੂਆਂ ਅਨੁਸਾਰ ਪੁਲਿਸ ਨੇ ਜ਼ਿਲ੍ਹੇ ਦੇ ਲਗਭਗ ਸੱਤ ਆਗੂਆਂ ਨੂੰ ਹਿਰਾਸਤ ’ਚ ਲਿਆ ਹੈ। ਜਿਨ੍ਹਾਂ ਵਿੱਚੋਂ ਚਾਰ ਮੁਕਤਸਰ ਹਲਕੇ ਨਾਲ ਸਬੰਧਤ ਹਨ ਅਤੇ ਤਿੰਨ ਗਿੱਦੜਬਾਹਾ ਹਲਕੇ ਨਾਲ ਸਬੰਧਤ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਉਹ ਪੁਲਿਸ ਦੀ ਦੁਰਵਰਤੋਂ ਕਰਕੇ ਕਿਸਾਨਾਂ ਦੀ ਆਵਾਜ਼ ਨੂੰ ਦਬਾ ਰਹੀ ਹੈ। 

ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਜਗਸੀਰ ਸਿੰਘ ਨੇ ਕਿਹਾ ਕਿ 5 ਮਾਰਚ ਨੂੰ ਚੰਡੀਗੜ੍ਹ ’ਚ ਹੋਣ ਵਾਲੇ ਵਿਰੋਧ ਪ੍ਰਦਰਸ਼ਨ ਕਾਰਨ ਸਰਕਾਰ ਘਬਰਾਅ ਗਈ ਹੈ। ਜਿਸ ਕਾਰਨ ਧਰਨੇ ਤੋਂ ਇੱਕ ਦਿਨ ਪਹਿਲਾਂ ਜ਼ਿਲ੍ਹੇ ਦੇ ਵੱਖ-ਵੱਖ ਕਿਸਾਨਾਂ ਨੂੰ ਸਵੇਰੇ-ਸਵੇਰੇ ਚੁੱਕ ਕੇ ਹਿਰਾਸਤ ’ਚ ਲੈ ਲਿਆ ਗਿਆ। 

ਉਨ੍ਹਾਂ ਕਿਹਾ ਕਿ ਪੁਲਿਸ ਨੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਬਲਵਿੰਦਰ ਸਿੰਘ ਥਾਂਦੇਵਾਲਾ, ਜਗਦੇਵ ਸਿੰਘ ਕੰਨਿਆਂਵਾਲੀ, ਗੁਰਮੀਤ ਸਿੰਘ ਲੰਬੀ ਢਾਬ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਜਗਮੀਤ ਸਿੰਘ, ਜਗਰੂਪ ਸਿੰਘ ਅਤੇ ਜਸਪ੍ਰੀਤ ਸਿੰਘ ਦੇ ਨਾਲ-ਨਾਲ ਹੋਰ ਕਿਸਾਨ ਸੰਗਠਨਾਂ ਦੇ ਜ਼ਿਲ੍ਹਾ ਅਤੇ ਸੂਬਾਈ ਆਗੂਆਂ ਨੂੰ ਹਿਰਾਸਤ ’ਚ ਲੈ ਲਿਆ ਹੈ। ਕੁਲਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਧਰਮਪਾਲ ਨੇ ਕਿਹਾ ਕਿ ਪੁਲਿਸ ਨੇ ਕਿਸਾਨਾਂ ਨੂੰ ਇਸ ਤਰ੍ਹਾਂ ਹਿਰਾਸਤ ’ਚ ਲਿਆ ਜਿਵੇਂ ਉਹ ਕਿਸੇ ਕਿਸੇ ਵੱਡੇ ਅਪਰਾਧੀ ਨੂੰ ਗ੍ਰਿਫ਼ਤਾਰ ਕਰਨ ਆ ਰਹੇ ਹੋਣ। 

ਕਿਸਾਨਾਂ ਨੇ ਅਜਿਹਾ ਕੀ ਅਪਰਾਧ ਕੀਤਾ ਹੈ ਕਿ ਉਨ੍ਹਾਂ ਨੂੰ ਬਿਨਾਂ ਕਿਸੇ ਕਾਰਨ ਹਿਰਾਸਤ ’ਚ ਲਿਆ ਜਾ ਰਿਹਾ ਹੈ? ਸੁੱਤੇ ਪਏ ਕਿਸਾਨਾਂ ਨੂੰ ਸਵੇਰੇ-ਸਵੇਰੇ ਚੁੱਕ ਲਿਆ ਗਿਆ ਅਤੇ ਹਿਰਾਸਤ ’ਚ ਲੈ ਲਿਆ ਗਿਆ ਤਾਂ ਜੋ ਉਹ ਚੰਡੀਗੜ੍ਹ ਨਾ ਜਾ ਸਕਣ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਹਿਰਾਸਤ ’ਚ ਲਏ ਸਾਥੀਆਂ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। 

ਉਹ ਆਪਣੇ ਹੱਕਾਂ ਲਈ ਪਹਿਲਾਂ ਹੀ ਕਈ ਅੰਦੋਲਨ ਚਲਾ ਚੁੱਕੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਨਜ਼ਰਬੰਦ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਤਾਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਵੱਡੇ ਪੱਧਰ ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਵਿਰੋਧ ਪ੍ਰਦਰਸ਼ਨ ’ਚ ਮੌਜੂਦ ਕਿਸਾਨ ਸੰਗਠਨਾਂ ਦੇ ਪ੍ਰਮੁੱਖ ਆਗੂਆਂ ਨੇ ਸਰਕਾਰ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕਰਨਗੇ।

 ਪੁਲਿਸ ਕਿਸਾਨਾਂ ਨੂੰ ਹਿਰਾਸਤ ’ਚ ਲੈ ਕੇ ਅਤੇ ਚੰਡੀਗੜ੍ਹ ਦੇ ਵਿਰੋਧ ਪ੍ਰਦਰਸ਼ਨ ’ਚ ਜਾਣ ਤੋਂ ਰੋਕ ਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ, ਪਰ ਉਹ ਹਰ ਹਾਲਤ ’ਚ ਚੰਡੀਗੜ੍ਹ ਦੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈਣਗੇ। ਥਾਣਾ ਸਦਰ ਦੇ ਇੰਚਾਰਜ਼ ਮਲਕੀਤ ਸਿੰਘ ਨੇ ਕਿਹਾ ਕਿ ਪੁਲਿਸ ਨੇ ਕਿਹਾ ਕਿ ਹਿਰਾਸਤ ’ਚ ਲਏ ਕਿਸਾਨਾਂ ਨੂੰ ਅਜੇ ਰਿਹਾਅ ਨਹੀਂ ਕੀਤਾ ਗਿਆ ਹੈ। 

ਉਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਿੱਤਾ ਕਿ ਕਿਸਾਨਾਂ ਨੂੰ ਦੇਰ ਸ਼ਾਮ ਤੱਕ ਰਿਹਾਅ ਕਰ ਦਿੱਤਾ ਜਾਵੇਗਾ, ਜਿਸਤੋਂ ਬਾਅਦ ਉਨ੍ਹਾਂ ਨੇ ਆਪਣਾ ਪ੍ਰਦਰਸ਼ਨ ਵਾਪਸ ਲੈ ਲਿਆ।