ਝੋਨੇ ਦੀ ਖ਼ਰੀਦ ਬੰਦ ਕਰਨ ਖ਼ਿਲਾਫ਼ SKM ਦਾ ਹੱਲਾ ਬੋਲ: ਸੂਬੇ ਭਰ 'ਚ ਐੱਸ.ਡੀ.ਐੱਮ. ਦਫ਼ਤਰਾਂ ਅੱਗੇ ਜ਼ੋਰਦਾਰ ਮੁਜ਼ਾਹਰੇ

ਝੋਨੇ ਦੀ ਖ਼ਰੀਦ ਬੰਦ ਕਰਨ ਖ਼ਿਲਾਫ਼ SKM ਦਾ ਹੱਲਾ ਬੋਲ: ਸੂਬੇ ਭਰ 'ਚ ਐੱਸ.ਡੀ.ਐੱਮ. ਦਫ਼ਤਰਾਂ ਅੱਗੇ ਜ਼ੋਰਦਾਰ ਮੁਜ਼ਾਹਰੇ

ਪੰਜਾਬ ਦੀਆਂ ਕੁਝ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕੀਤੇ ਜਾਣ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਸ਼ੁੱਕਰਵਾਰ ਨੂੰ ਸੂਬੇ ਭਰ ਵਿੱਚ ਐੱਸ.ਡੀ.ਐੱਮ. (SDM) ਦਫ਼ਤਰਾਂ ਅੱਗੇ ਵਿਸ਼ਾਲ ਇਕੱਠ ਕਰ ਕੇ ਰੋਸ ਮੁਜ਼ਾਹਰੇ ਕੀਤੇ ਗਏ। ਇਨ੍ਹਾਂ ਪ੍ਰਦਰਸ਼ਨਾਂ ਵਿੱਚ ਵੱਡੀ ਗਿਣਤੀ ਕਿਸਾਨਾਂ ਨੇ ਸ਼ਮੂਲੀਅਤ ਕਰਦਿਆਂ ਸੂਬਾ ਸਰਕਾਰ ਤੋਂ ਮੰਡੀਆਂ ਵਿੱਚ ਖ਼ਰੀਦ ਪ੍ਰਕਿਰਿਆ ਨਿਰੰਤਰ ਜਾਰੀ ਰੱਖਣ ਦੀ ਮੰਗ ਕੀਤੀ। ਵੱਖ-ਵੱਖ ਥਾਵਾਂ 'ਤੇ ਇਕੱਠਾਂ ਨੂੰ ਸੰਬੋਧਨ ਕਰਦਿਆਂ SKM ਦੇ ਪ੍ਰਮੁੱਖ ਆਗੂਆਂ ਬਲਬੀਰ ਸਿੰਘ ਰਾਜੇਵਾਲ, ਮਨਜੀਤ ਸਿੰਘ ਧਨੇਰ, ਹਰਮੀਤ ਸਿੰਘ ਕਾਦੀਆਂ, ਰਮਿੰਦਰ ਸਿੰਘ ਪਟਿਆਲਾ, ਬੂਟਾ ਸਿੰਘ ਸ਼ਾਦੀਪੁਰ, ਬੂਟਾ ਸਿੰਘ ਬੁਰਜਗਿੱਲ, ਹਰਭਜਨ ਸਿੰਘ ਬੁੱਟਰ, ਨਿਰਭੈ ਸਿੰਘ ਢੁੱਡੀਕੇ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਮੱਲੀ ਨੰਗਲ, ਬਲਵਿੰਦਰ ਸਿੰਘ ਰਾਜੂ ਔਲਖ, ਹਰਜਿੰਦਰ ਸਿੰਘ ਟਾਂਡਾ, ਕਮਲਪ੍ਰੀਤ ਸਿੰਘ ਪੰਨੂ, ਨਿਰਵੈਰ ਸਿੰਘ ਡਾਲੇਕੇ, ਪ੍ਰੇਮ ਸਿੰਘ ਭੰਗੂ, ਸਤਨਾਮ ਸਿੰਘ ਅਜਨਾਲਾ, ਮਲੂਕ ਸਿੰਘ ਹੀਰਕੇ ਅਤੇ ਨਛੱਤਰ ਸਿੰਘ ਜੈਤੋ ਨੇ ਕਿਹਾ ਕਿ ਇਸ ਵਾਰ ਸੂਬੇ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ ਝੋਨੇ ਦੀ ਬੰਪਰ ਫ਼ਸਲ ਹੋਈ ਹੈ ਅਤੇ ਝਾੜ ਵੀ ਵੱਧ ਨਿਕਲਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਹੜ੍ਹਾਂ ਅਤੇ ਖ਼ਰਾਬ ਮੌਸਮ ਕਾਰਨ ਝਾੜ ਘਟ ਗਿਆ ਸੀ, ਪਰ ਇਸ ਵਾਰ ਵੱਧ ਪੈਦਾਵਾਰ ਹੋਣ ਕਾਰਨ ਮਾਲਵਾ ਖੇਤਰ ਦੇ ਸੰਗਰੂਰ, ਪਟਿਆਲਾ, ਮਾਨਸਾ, ਬਰਨਾਲਾ, ਫਾਜ਼ਿਲਕਾ, ਬਠਿੰਡਾ, ਫਰੀਦਕੋਟ ਅਤੇ ਮੋਗਾ ਦੀਆਂ ਮੰਡੀਆਂ ਵਿੱਚ ਝੋਨੇ ਦੇ ਅੰਬਾਰ ਲੱਗੇ ਹੋਏ ਹਨ। ਮੋਰਚੇ ਨੇ ਮੰਗ ਕੀਤੀ ਕਿ ਸਰਕਾਰ ਬੰਦ ਕੀਤੀਆਂ ਮੰਡੀਆਂ ਵਿੱਚ ਤੁਰੰਤ ਖ਼ਰੀਦ ਮੁੜ ਸ਼ੁਰੂ ਕਰੇ। ਗੰਨੇ ਦੇ ਭਾਅ ਨੂੰ ਲੈ ਕੇ 20 ਨਵੰਬਰ ਤੋਂ ਜਾਮ ਦੀ ਚਿਤਾਵਨੀ ਪ੍ਰਦਰਸ਼ਨਕਾਰੀ ਕਿਸਾਨ ਆਗੂਆਂ ਨੇ ਐੱਸ.ਡੀ.ਐੱਮ. ਰਾਹੀਂ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਭੇਜ ਕੇ 6 ਸਤੰਬਰ ਨੂੰ ਚੰਡੀਗੜ੍ਹ ਮੋਰਚੇ ਦੌਰਾਨ ਹੋਈ ਮੀਟਿੰਗ ਵਿੱਚ ਕੀਤੇ ਵਾਅਦੇ ਯਾਦ ਕਰਵਾਏ। ਉਨ੍ਹਾਂ ਮੰਗ ਕੀਤੀ ਕਿ ਗੰਨੇ ਦਾ ਭਾਅ ਪੂਰੇ ਦੇਸ਼ ਵਿੱਚੋਂ ਸਭ ਤੋਂ ਵੱਧ ਐਲਾਨਿਆ ਜਾਵੇ ਅਤੇ 'ਇੱਕ ਕਾਊਂਟਰ, ਇੱਕ ਅਦਾਇਗੀ' ਦੀ ਪ੍ਰਣਾਲੀ ਲਾਗੂ ਕੀਤੀ ਜਾਵੇ। ਕਿਸਾਨਾਂ ਨੇ ਸਖ਼ਤ ਚਿਤਾਵਨੀ ਦਿੱਤੀ ਕਿ ਜੇਕਰ 18 ਨਵੰਬਰ ਤੱਕ ਗੰਨੇ ਦੇ ਭਾਅ ਵਿੱਚ ਵਾਧਾ ਨਾ ਕੀਤਾ ਗਿਆ, ਤਾਂ 20 ਨਵੰਬਰ ਨੂੰ ਧੰਨੋਵਾਲੀ ਫਾਟਕ 'ਤੇ ਅਣਮਿੱਥੇ ਸਮੇਂ ਲਈ ਜਾਮ ਲਗਾਇਆ ਜਾਵੇਗਾ ਅਤੇ ਗੰਨੇ ਦਾ ਵਾਜਬ ਭਾਅ ਤੇ ਇੱਕ ਕੰਟਰੈਕਟ ਅਦਾਇਗੀ ਦਾ ਹੱਕ ਲੈ ਕੇ ਹੀ ਧਰਨਾ ਸਮਾਪਤ ਕੀਤਾ ਜਾਵੇਗਾ। ਕਿਸਾਨ-ਮਜ਼ਦੂਰ ਮੋਰਚੇ ਵੱਲੋਂ 7 ਦਸੰਬਰ ਨੂੰ ਚੰਡੀਗੜ੍ਹ ਮੋਰਚੇ ਦਾ ਐਲਾਨ ਦੂਜੇ ਪਾਸੇ, ਕਿਸਾਨ-ਮਜ਼ਦੂਰ ਮੋਰਚਾ (KMM) ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 7 ਦਸੰਬਰ ਨੂੰ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਸ ਮੋਰਚੇ ਦੀਆਂ ਤਿਆਰੀਆਂ ਸਬੰਧੀ ਜਥੇਬੰਦੀ ਵੱਲੋਂ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਉਪਰੰਤ ਆਗੂਆਂ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਰਾਏ ਅਤੇ ਬਲਕਾਰ ਸਿੰਘ ਬੈਂਸ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਪੰਜ ਫ਼ਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ (MSP) 'ਤੇ ਸਰਕਾਰੀ ਖ਼ਰੀਦ ਦੀ ਕਾਨੂੰਨੀ ਗਾਰੰਟੀ ਦੇਵੇ ਅਤੇ ਸੂਬੇ ਦੇ ਕਿਸਾਨਾਂ ਤੇ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰੇ।