ਭ੍ਰਿਸ਼ਟਾਚਾਰ ‘ਤੇ ਨਕੇਲ: ਵਸੀਕਾ ਨਵੀਸ ਵਿਰੁੱਧ ਮਾਮਲਾ ਦਰਜ, ਜਾਂਚ ਜਾਰੀ

ਭ੍ਰਿਸ਼ਟਾਚਾਰ ‘ਤੇ ਨਕੇਲ: ਵਸੀਕਾ ਨਵੀਸ ਵਿਰੁੱਧ ਮਾਮਲਾ ਦਰਜ, ਜਾਂਚ ਜਾਰੀ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪਟਿਆਲਾ ਦੇ ਇੱਕ ਵਸੀਕਾ ਨਵੀਸ ਖ਼ਿਲਾਫ਼ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ‘ਜ਼ੀਰੋ ਟੋਲਰੈਂਸ’ ਨੀਤੀ ਦੇ ਅਧੀਨ ਕੀਤੀ ਗਈ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਸ਼ੀ ਦੀ ਪਛਾਣ ਨਰੇਸ਼ ਕੁਮਾਰ ਵਜੋਂ ਹੋਈ ਹੈ, ਜੋ ਪਟਿਆਲਾ ਵਿੱਚ ਵਸੀਕਾ ਨਵੀਸ ਦੇ ਤੌਰ ‘ਤੇ ਕੰਮ ਕਰਦਾ ਹੈ। ਉਸ ਵਿਰੁੱਧ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਲਗੇ ਹਨ। ਇਹ ਮਾਮਲਾ ਹਰਿਆਣਾ ਦੇ ਜ਼ਿਲ੍ਹਾ ਕੈਥਲ ਦੇ ਚੀਕਾ ਸਥਿਤ ਪ੍ਰੋਫੈਸਰ ਕਾਲੋਨੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਸਾਹਮਣੇ ਆਇਆ। ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਆਪਣੀ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਉਸਦੇ ਰਿਸ਼ਤੇਦਾਰ ਨੇ ਪਟਿਆਲਾ ਵਿੱਚ ਜ਼ਮੀਨ ਖਰੀਦੀ ਸੀ ਅਤੇ ਉਸ ਦੀ ਰਜਿਸਟ੍ਰੀ ਕਰਵਾਉਣ ਲਈ ਦੋਸ਼ੀ ਵਸੀਕਾ ਨਵੀਸ ਨੇ 15,000 ਰੁਪਏ ਦੀ ਮੰਗ ਕੀਤੀ। ਦੋਸ਼ ਹੈ ਕਿ ਰਿਸ਼ਵਤ ਲੈਣ ਦੇ ਸਮੇਂ ਉਸ ਨੇ ਤਹਿਸੀਲਦਾਰ ਦੇ ਡਰਾਈਵਰ ਅਤੇ ਪਟਵਾਰੀ ਨੂੰ ਵੀ ਮੌਕੇ ‘ਤੇ ਬੁਲਾਇਆ, ਜਿਸ ਤੋਂ ਬਾਅਦ ਤਹਿਸੀਲਦਾਰ ਵੱਲੋਂ ਰਜਿਸਟ੍ਰੀ ਦਰਜ ਕਰ ਦਿੱਤੀ ਗਈ। ਵਿਜੀਲੈਂਸ ਬਿਊਰੋ ਅਨੁਸਾਰ, ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਅਤੇ ਲੈਣ ਨਾਲ ਸੰਬੰਧਿਤ ਪੂਰੀ ਗੱਲਬਾਤ ਦੀ ਰਿਕਾਰਡਿੰਗ ਵੀ ਕੀਤੀ ਹੋਈ ਹੈ, ਜਿਸਨੂੰ ਸਬੂਤ ਵਜੋਂ ਪੇਸ਼ ਕੀਤਾ ਗਿਆ ਹੈ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ ਪਟਿਆਲਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਲੋੜ ਪੈਣ ‘ਤੇ ਹੋਰ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।