Daily Suraj

ਪੰਜਾਬੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ

11 Jul, 2026 06:33 PM

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸ਼ਰਧਾਲੂਆਂ ਨਾਲ ਭਰੀਆਂ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀਆਂ ਗਈਆਂ। ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਪਿੰਡ ਚਿੱਲਾ, ਧੁਰਾਲੀ ਅਤੇ ਗਰੀਨ ਇਨਕਲੇਵ ਤੋਂ ਇਨ੍ਹਾਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਪਹਿਲਾਂ ਹਲਕਾ ਮੋਹਾਲੀ ਤੋਂ ਰੋਜ਼ਾਨਾ ਦੋ ਬੱਸਾਂ ਤੀਰਥ ਯਾਤਰਾ ਲਈ ਭੇਜੀਆਂ ਜਾਂਦੀਆਂ ਸਨ, ਪਰ ਸ਼ਰਧਾਲੂਆਂ ਦੀ ਲਗਾਤਾਰ ਵਧ ਰਹੀ ਗਿਣਤੀ ਅਤੇ ਰਜਿਸਟ੍ਰੇਸ਼ਨ ਵਿੱਚ ਹੋਏ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਤੀਜੀ ਬੱਸ ਵੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਯੋਜਨਾ ਨੂੰ ਲੋਕਾਂ ਵੱਲੋਂ ਭਰਪੂਰ ਸਮਰਥਨ ਅਤੇ ਉਤਸ਼ਾਹ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਧਾਰਮਿਕ ਆਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਆਪਸੀ ਭਾਈਚਾਰੇ ਅਤੇ ਸਮਾਜਿਕ ਸਾਂਝ ਨੂੰ ਵੀ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਖ਼ਾਸ ਤੌਰ 'ਤੇ ਸੀਨੀਅਰ ਨਾਗਰਿਕਾਂ ਦੀਆਂ ਸਹੂਲਤਾਂ ਦਾ ਪੂਰਾ ਧਿਆਨ ਰੱਖਿਆ ਜਾਂਦਾ ਹੈ। ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਿਹਤ ਨੂੰ ਯਕੀਨੀ ਬਣਾਉਣ ਲਈ ਹਰ ਬੱਸ ਵਿੱਚ ਡਾਕਟਰ ਅਤੇ ਗਾਈਡ ਦੀ ਵਿਵਸਥਾ ਕੀਤੀ ਗਈ ਹੈ। ਵਿਧਾਇਕ ਕੁਲਵੰਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਅੱਜ ਹਲਕਾ ਮੋਹਾਲੀ ਤੋਂ 77ਵੀਂ, 78ਵੀਂ ਅਤੇ 79ਵੀਂ ਬੱਸ ਰਵਾਨਾ ਕੀਤੀ ਗਈ। ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਜਲ੍ਹਿਆਂਵਾਲਾ ਬਾਗ ਅਤੇ ਅਟਾਰੀ-ਵਾਘਾ ਸਰਹੱਦ ਦੇ ਦਰਸ਼ਨ ਕਰਨਗੇ। ਇਸ ਮੌਕੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਵੀ ਮੌਜੂਦ ਰਹੇ। ਸਮਾਗਮ ਵਿੱਚ ਪਿੰਡ ਚਿੱਲਾ ਵਿਖੇ ਅਮਨ ਸਿੰਘ, ਸੰਤੋਖ ਸਿੰਘ, ਕੁਲਵੰਤ ਸਿੰਘ, ਕਾਕਾ ਸਿੰਘ, ਕੌਂਸਲਰ ਨਸੀਬ ਸਿੰਘ ਸੰਧੂ, ਹਰਿੰਦਰ ਪਾਲ ਸਿੰਘ, ਮਾਨ ਭੁਪਿੰਦਰ ਸਿੰਘ, ਜਰਨੈਲ ਸਿੰਘ, ਦਲਵੀਰ ਸਿੰਘ, ਚੰਨਾ ਸਿੰਘ, ਗੁਰਨਾਮ ਸਿੰਘ, ਗੁਰਮੀਤ ਸਿੰਘ, ਪ੍ਰੀਤਮ ਸਿੰਘ, ਗੁਰਮੇਲ ਸਿੰਘ, ਸੰਤ ਸਿੰਘ, ਬਲਵੀਰ ਸਿੰਘ, ਭਜਨ ਸਿੰਘ ਅਤੇ ਖੁਸ਼ਹਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਸ਼ਰਧਾਲੂ ਹਾਜ਼ਰ ਸਨ।

Posted By: Daily Suraj Bureau

Latest News