ਅਧਿਆਪਕਾਂ ਨੇ ਪੰੰਜਾਬ ਨੂੰ ਅੱਵਲ ਲਿਆਉਣ ’ਚ ਅਹਿਮ ਭੂਮਿਕਾ ਨਿਭਾਈ: ਭਗਵੰਤ ਮਾਨ

ਅਧਿਆਪਕਾਂ ਨੇ ਪੰੰਜਾਬ ਨੂੰ ਅੱਵਲ ਲਿਆਉਣ ’ਚ ਅਹਿਮ ਭੂਮਿਕਾ ਨਿਭਾਈ: ਭਗਵੰਤ ਮਾਨ

ਸੰਗਰੂਰ, 6 ਜੁਲਾਈ


ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਰਾਹੀਂ ਪੰਜਾਬ ਨੂੰ ਹਰ ਖੇਤਰ ਵਿੱਚ ਅੱਵਲ ਸੂਬਾ ਬਣਾਉਣ ਦਾ ਸੰਕਲਪ ਲਿਆ। ਪਰਖ ਰਾਸ਼ਟਰੀਆ ਸਰਵੇਖਣ (ਨੈਸ਼ਨਲ ਅਚੀਵਮੈਂਟ ਸਰਵੇ) ਵਿੱਚ ਪੰਜਾਬ ਦੇ ਸਰਵੋਤਮ ਪ੍ਰਦਰਸ਼ਨ ਦੇ ਮਾਣ ਵਿੱਚ ਰੱਖੇ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਅੱਜ ਇਸ ਸਰਵੇਖਣ ਵਿੱਚ ਪਹਿਲੇ ਸਥਾਨ ’ਤੇ ਹੈ ਜਦੋਂਕਿ 2017 ਵਿੱਚ ਇਹ 29ਵੇਂ ਸਥਾਨ ’ਤੇ ਸੀ। ਉਨ੍ਹਾਂ ਕਿਹਾ ਕਿ ਅਧਿਆਪਕ ਰਾਸ਼ਟਰ ਦੇ ਨਿਰਮਾਤਾ ਹਨ ਅਤੇ ਉਨ੍ਹਾਂ ਨੇ ਪੰਜਾਬ ਨੂੰ ਨੰਬਰ ਇੱਕ ਬਣਾਉਣ ਵਿੱਚ ਮਹੱਤਵਪੂਰਨ

ਭੂਮਿਕਾ ਨਿਭਾਈ ਹੈ।


ਅਧਿਆਪਕਾਂ ਨੂੰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੀ ਸ਼ਖਸੀਅਤ ਉਸਾਰੀ ਲਈ ਅਜਿਹੇ ਉਪਰਾਲੇ ਕਰਨੇ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਇਹ ਵੀ ਸਮੇਂ ਦੀ ਲੋੜ ਹੈ ਕਿ ਵਿਦਿਆਰਥੀ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਅਤੇ ਜ਼ਿੰਦਗੀ ਵਿੱਚ ਬੁਲੰਦੀਆਂ ਹਾਸਲ ਕਰਨ।


ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਦੇਸ਼ ਵਿਆਪੀ ਸਰਵੇਖਣ ਐੱਨਸੀਈਆਰਟੀ ਵੱਲੋਂ ਦਸੰਬਰ-2024 ਵਿੱਚ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਹਿਯੋਗ ਨਾਲ ਕੀਤਾ ਗਿਆ ਸੀ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਨਸ਼ੇ ਦੇ ਪੈਸੇ ਨਾਲ ਬਣੀਆਂ ਜਾਇਦਾਦਾਂ ਨੂੰ ਬੁਲਡੋਜ਼ਰਾਂ ਨੇ ਢਾਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੀੜ੍ਹੀਆਂ ਦਾ ਭਵਿੱਖ ਬਰਬਾਦ ਕੀਤਾ ਸੀ, ਉਨ੍ਹਾਂ ਨੂੰ ਹੁਣ ਆਪਣੇ ਪਾਪਾਂ ਦੀ ਸਜ਼ਾ ਮਿਲ ਰਹੀ ਹੈ। ਉਨ੍ਹਾਂ ਆਗੂਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ ਜਿਨ੍ਹਾਂ ਨੇ ਨਸ਼ੇ ਦੇ ਕਾਰੋਬਾਰ ਦੀ ਪੁਸ਼ਤਪਨਾਹੀ ਕੀਤੀ ਸੀ। ਇਸ ਤੋਂ ਪਹਿਲਾਂ ਸੀਨੀਅਰ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦੇਸ਼ ਵਿੱਚ ਸਿੱਖਿਆ ਮਾਫੀਆ ਦੇ ਰਾਜ ਵਿੱਚ ਸਰਕਾਰੀ ਸਕੂਲਾਂ ਲਈ ਮਿਆਰੀ ਸਿੱਖਿਆ ਮਹਿਜ਼ ਸੁਪਨਾ ਹੀ ਸੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੇ ਇਸ ਸ਼ਾਨਦਾਰ ਟੀਚੇ ਨੂੰ ਪ੍ਰਾਪਤ ਕਰਕੇ ਹੈਰਾਨੀਜਨਕ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲ ਸਫਲਤਾ ਦੀ ਨਵੀਂ ਕਹਾਣੀ ਲਿਖ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਤਾਂ ਹਾਲੇ ਸ਼ੁਰੂਆਤ ਹੈ ਕਿਉਂਕਿ ਸਿੱਖਿਆ ਖੇਤਰ ਵਿੱਚ ਪੰਜਾਬ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ, ਹਰਜੋਤ ਸਿੰਘ ਬੈਂਸ ਅਤੇ ਬਰਿੰਦਰ ਗੋਇਲ, ਵਿਧਾਇਕ ਨਰਿੰਦਰ ਕੌਰ ਭਰਾਜ ਮੌਜੂਦ ਸਨ।