ਰਿਸ਼ਵਤਖੋਰੀ ਖ਼ਿਲਾਫ਼ ਵੱਡੀ ਕਾਰਵਾਈ: ਸੀਆਈਏ ਸਟਾਫ ਦਾ ਏਐਸਆਈ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ, ਜ਼ਿਲ੍ਹਾ ਫਿਰੋਜ਼ਪੁਰ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ 1,30,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਪਿੰਡ ਨੌਰੰਗ ਕੇ ਲੇਲੀ, ਜ਼ਿਲ੍ਹਾ ਫਿਰੋਜ਼ਪੁਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਸ਼ਿਕਾਇਤ ਮੁਤਾਬਕ, ਸ਼ਿਕਾਇਤਕਰਤਾ ਪਸ਼ੂਆਂ ਦੀ ਖਰੀਦੋ-ਫਰੋਖ਼ਤ ਦਾ ਕਾਰੋਬਾਰ ਕਰਦਾ ਹੈ ਅਤੇ ਉਸ ਦੇ ਇੱਕ ਰਿਸ਼ਤੇਦਾਰ ਖ਼ਿਲਾਫ਼ ਫਿਰੋਜ਼ਪੁਰ ਛਾਉਣੀ ਵਿਖੇ ਸੀਆਈਏ ਵੱਲੋਂ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਏਐਸਆਈ ਗੁਰਜੀਤ ਸਿੰਘ ਨੇ ਸ਼ਿਕਾਇਤਕਰਤਾ ਨਾਲ ਸੰਪਰਕ ਕਰਕੇ ਕਥਿਤ ਤੌਰ ’ਤੇ ਧਮਕੀ ਦਿੱਤੀ ਕਿ ਉਸ ਦੇ ਰਿਸ਼ਤੇਦਾਰ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਏਐਸਆਈ ਨੇ ਉਸ ਦੇ ਰਿਸ਼ਤੇਦਾਰ ਦੀ ਗ੍ਰਿਫ਼ਤਾਰੀ ਟਾਲਣ ਅਤੇ ਉਸ ਦੀ ਜ਼ਮਾਨਤ ਲਈ ਰਾਹ ਪੱਧਰਾ ਕਰਨ ਦੇ ਬਦਲੇ 2.5 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਦੋਸ਼ੀ ਅਧਿਕਾਰੀ ਨੇ ਇਹ ਵੀ ਕਥਿਤ ਤੌਰ ’ਤੇ ਦਾਅਵਾ ਕੀਤਾ ਕਿ ਇਹ ਰਕਮ ਸੀਆਈਏ ਸਟਾਫ ਦੇ ਇੰਚਾਰਜ ਮੋਹਿਤ ਧਵਨ ਨੂੰ ਦਿੱਤੀ ਜਾਣੀ ਸੀ। ਬੁਲਾਰੇ ਅਨੁਸਾਰ, ਬਾਅਦ ਵਿੱਚ ਗੱਲਬਾਤ ਦੌਰਾਨ ਇਹ ਸੌਦਾ 2.3 ਲੱਖ ਰੁਪਏ ਵਿੱਚ ਤੈਅ ਹੋ ਗਿਆ। ਸ਼ਿਕਾਇਤਕਰਤਾ ਵੱਲੋਂ ਪਹਿਲੀ ਕਿਸ਼ਤ ਵਜੋਂ ਇੱਕ ਲੱਖ ਰੁਪਏ ਪਹਿਲਾਂ ਹੀ ਦਿੱਤੇ ਜਾ ਚੁੱਕੇ ਸਨ। ਜਦੋਂ ਬਾਕੀ ਰਕਮ ਦੀ ਮੰਗ ਕੀਤੀ ਗਈ ਤਾਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ, ਮੋਹਾਲੀ ਨਾਲ ਸੰਪਰਕ ਕੀਤਾ। ਸ਼ਿਕਾਇਤ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਏਐਸਆਈ ਗੁਰਜੀਤ ਸਿੰਘ ਨੂੰ ਸ਼ਿਕਾਇਤਕਰਤਾ ਤੋਂ 1,30,000 ਰੁਪਏ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਮੋਹਾਲੀ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Posted By: Daily Suraj Bureau