Daily Suraj

ਪੰਜਾਬੀ

ਪੰਜਾਬ ਵਿਧਾਨ ਸਭਾ ‘ਚ ਸਤਿਕਾਰ ਸੋਧ ਬਿੱਲ ਸਰਬਸੰਮਤੀ ਨਾਲ ਪਾਸ

13 Apr, 2026 02:43 PM

ਪੰਜਾਬ ਵਿਧਾਨ ਸਭਾ ਵਿੱਚ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026’ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਹ ਫੈਸਲਾ ਵਿਸ਼ੇਸ਼ ਸੈਸ਼ਨ ਦੌਰਾਨ ਲਿਆ ਗਿਆ, ਜਿਸ ਦੌਰਾਨ ਸਾਰੇ ਵਿਧਾਇਕਾਂ ਨੇ ਇਕਸੁਰ ਹੋ ਕੇ ਬਿੱਲ ਦਾ ਸਮਰਥਨ ਕੀਤਾ। ਬਿੱਲ ਪਾਸ ਹੋਣ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਵਿੱਚ ਪੰਜ ਵਾਰ ‘ਬੋਲੇ ਸੋ ਨਿਹਾਲ’ ਦੇ ਜੈਕਾਰੇ ਲਗਾਏ। ਇਸ ਮੌਕੇ ‘ਤੇ ਸਦਨ ਵਿੱਚ ਧਾਰਮਿਕ ਅਤੇ ਭਾਵਨਾਤਮਕ ਮਾਹੌਲ ਵੇਖਣ ਨੂੰ ਮਿਲਿਆ। ਇਸ ਤੋਂ ਬਾਅਦ ਸਪੀਕਰ ਵੱਲੋਂ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ, ਸਵੇਰੇ 11:30 ਵਜੇ ਜਦੋਂ ਸਦਨ ਦੀ ਕਾਰਵਾਈ ਦੂਜੀ ਵਾਰ ਸ਼ੁਰੂ ਹੋਈ, ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਬਿੱਲ ਪੇਸ਼ ਕੀਤਾ। ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਇਸ ਬਿੱਲ ਨੂੰ ਅਧਿਕਾਰਕ ਤੌਰ ‘ਤੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026’ ਨਾਮ ਦਿੱਤਾ ਗਿਆ ਹੈ। ਬਿੱਲ ਦੇ ਪ੍ਰਬੰਧਾਂ ਅਨੁਸਾਰ, ਜੇਕਰ ਕੋਈ ਵਿਅਕਤੀ ਬੇਅਦਬੀ ਦੇ ਦੋਸ਼ ‘ਚ ਦੋਸ਼ੀ ਕਰਾਰ ਦਿੱਤਾ ਜਾਂਦਾ ਹੈ, ਤਾਂ ਉਸਨੂੰ ਵੱਧ ਤੋਂ ਵੱਧ ਉਮਰ ਕੈਦ ਦੀ ਸਜ਼ਾ ਅਤੇ 25 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਬਿੱਲ ਪਾਸ ਹੋਣ ਤੋਂ ਬਾਅਦ ਹੁਣ ਇਸਨੂੰ ਰਾਜਪਾਲ ਕੋਲ ਮਨਜ਼ੂਰੀ ਲਈ ਭੇਜਿਆ ਜਾਵੇਗਾ। ਇਸ ਤੋਂ ਪਹਿਲਾਂ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ‘ਤੇ ਵਿਧਾਨ ਸਭਾ ਵੱਲੋਂ ਵ੍ਰਿੰਦਾਵਨ ਕਿਸ਼ਤੀ ਹਾਦਸੇ ਅਤੇ ਕਾਂਗੜਾ ਸੜਕ ਹਾਦਸੇ ਵਿੱਚ ਮਾਰੇ ਗਏ ਸ਼ਰਧਾਲੂਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸਦੇ ਨਾਲ ਹੀ ਸਾਬਕਾ ਮੰਤਰੀ ਲਾਲ ਸਿੰਘ ਅਤੇ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ ਨੂੰ ਵੀ ਯਾਦ ਕੀਤਾ ਗਿਆ। ਇਸ ਸਬੰਧੀ ਇੱਕ ਸ਼ੋਕ ਪ੍ਰਸਤਾਵ ਵੀ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਅਸਥਾਈ ਤੌਰ ‘ਤੇ 11:30 ਵਜੇ ਤੱਕ ਮੁਲਤਵੀ ਕੀਤੀ ਗਈ ਸੀ।

Posted By: Daily Suraj Bureau

Latest News