ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ, ਪੰਜਾਬ ਪੁਲਿਸ ਨੇ ਦਿੱਲੀ ਏਅਰਪੋਰਟ ’ਤੇ ਕੀਤਾ ਗ੍ਰਿਫ਼ਤਾਰ

ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ, ਪੰਜਾਬ ਪੁਲਿਸ ਨੇ ਦਿੱਲੀ ਏਅਰਪੋਰਟ ’ਤੇ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰ ਸੰਗਠਿਤ ਅਪਰਾਧ ਨਾਲ ਜੁੜੇ ਨੈੱਟਵਰਕ ਖ਼ਿਲਾਫ਼ ਕਾਰਵਾਈ ਕਰਦਿਆਂ ਮਲੇਸ਼ੀਆ ਤੋਂ ਦਵਿੰਦਰ ਬੰਬੀਹਾ ਗੈਂਗ ਨਾਲ ਸਬੰਧਤ ਤਿੰਨ ਲੋੜੀਂਦੇ ਮੁਲਜ਼ਮਾਂ ਨੂੰ ਭਾਰਤ ਡਿਪੋਰਟ ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਕਾਰਵਾਈ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ OFTEC (ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ) ਵੱਲੋਂ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਕੀਤੀ ਗਈ। ਪੁਲਿਸ ਮੁਤਾਬਕ ਡਿਪੋਰਟ ਕੀਤੇ ਗਏ ਤਿੰਨੇ ਮੁਲਜ਼ਮ ਕਤਲ, ਜਬਰੀ ਵਸੂਲੀ, ਵਿਸਫੋਟਕ ਸਮੱਗਰੀ ਅਤੇ ਲੁਧਿਆਣਾ ਵਿੱਚ ਹੈਂਡ ਗ੍ਰਨੇਡ ਧਮਾਕੇ ਦੀ ਸਾਜ਼ਿਸ਼ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ। ਪੁਲਿਸ ਨੇ ਇਹ ਵੀ ਦੱਸਿਆ ਹੈ ਕਿ ਇਨ੍ਹਾਂ ਦੇ ਸਬੰਧ ਪਾਕਿਸਤਾਨ ਦੀ ਆਈਐੱਸਆਈ ਨਾਲ ਹਨ। ਮਲੇਸ਼ੀਆ ਤੋਂ ਡਿਪੋਰਟ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜੱਸ ਬਹਿਬਲ, ਅਜੈ ਸਿੰਘ ਅਤੇ ਪਵਨਦੀਪ ਸਿੰਘ ਵਜੋਂ ਹੋਈ ਹੈ। ਭਾਰਤ ਪਹੁੰਚਣ ਤੋਂ ਬਾਅਦ ਤਿੰਨਾਂ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ (IGI) ਹਵਾਈ ਅੱਡੇ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਅਨੁਸਾਰ ਤਿੰਨਾਂ ਮੁਲਜ਼ਮਾਂ ਨੂੰ ਅਗਲੇਰੀ ਜਾਂਚ ਅਤੇ ਕਾਨੂੰਨੀ ਕਾਰਵਾਈ ਲਈ ਪੰਜਾਬ ਲਿਆਂਦਾ ਜਾ ਰਿਹਾ ਹੈ। ਜਾਂਚ ਦੌਰਾਨ ਇਨ੍ਹਾਂ ਦੇ ਅਪਰਾਧਿਕ ਨੈੱਟਵਰਕ ਅਤੇ ਵੱਖ-ਵੱਖ ਮਾਮਲਿਆਂ ਵਿੱਚ ਭੂਮਿਕਾ ਸਬੰਧੀ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਹ ਅੰਤਰਰਾਸ਼ਟਰੀ ਪੱਧਰ ’ਤੇ ਸਰਗਰਮ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਪੁਲਿਸ ਦਾ ਕਹਿਣਾ ਹੈ ਕਿ ਵਿਦੇਸ਼ਾਂ ਵਿੱਚ ਲੁਕੇ ਭਗੌੜੇ ਮੁਲਜ਼ਮਾਂ ਨੂੰ ਵੀ ਟ੍ਰੈਕ ਕਰਕੇ ਕਾਨੂੰਨ ਦੇ ਦਾਇਰੇ ਵਿੱਚ ਲਿਆਂਦਾ ਜਾਵੇਗਾ।