ਗੁਰਦਾਸਪੁਰ ਦੇ ਨਿੱਜੀ ਹਸਪਤਾਲ ਵਿੱਚ ਜ਼ੋਰਦਾਰ ਧਮਾਕਾ, ਖਿੜਕੀਆਂ ਤੇ ਦਰਵਾਜ਼ਿਆਂ ਦੇ ਸ਼ੀਸ਼ੇ ਟੁੱਟੇ
ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਕਸਬੇ ਵਿੱਚ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਮੰਗਲਵਾਰ ਨੂੰ ਹੋਏ ਜ਼ੋਰਦਾਰ ਧਮਾਕੇ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਅਣਪਛਾਤੇ ਹਮਲਾਵਰਾਂ ਵੱਲੋਂ ਮੁਲਤਾਨੀ ਹਸਪਤਾਲ ਨੂੰ ਨਿਸ਼ਾਨਾ ਬਣਾਉਂਦਿਆਂ ਧਮਾਕਾ ਕੀਤਾ ਗਿਆ, ਜਿਸ ਕਾਰਨ ਹਸਪਤਾਲ ਦੀਆਂ ਖਿੜਕੀਆਂ ਅਤੇ ਦਰਵਾਜ਼ਿਆਂ ਦੇ ਸ਼ੀਸ਼ੇ ਟੁੱਟ ਗਏ। ਹਾਲਾਂਕਿ ਧਮਾਕਾ ਕਾਫੀ ਸ਼ਕਤੀਸ਼ਾਲੀ ਸੀ, ਪਰ ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਵਾਰਦਾਤ ਤੋਂ ਤੁਰੰਤ ਬਾਅਦ ਹਸਪਤਾਲ ਅਤੇ ਆਸ-ਪਾਸ ਦੇ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਭਾਰੀ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਇਸ ਘਟਨਾ ਤੋਂ ਬਾਅਦ ਸਥਾਨਕ ਡਾਕਟਰਾਂ ਅਤੇ ਵਪਾਰੀਆਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਪਾਇਆ ਜਾ ਰਿਹਾ ਹੈ। ਘਟਨਾ ਸਥਾਨ ਤੋਂ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਫੁਟੇਜ ਵਿੱਚ ਇੱਕ ਸ਼ੱਕੀ ਨੌਜਵਾਨ ਹਸਪਤਾਲ ਦੇ ਆਲੇ-ਦੁਆਲੇ ਕਾਫੀ ਸਮੇਂ ਤੱਕ ਘੁੰਮਦਾ ਹੋਇਆ ਦਿਖਾਈ ਦੇ ਰਿਹਾ ਹੈ। ਪੁਲਿਸ ਨੇ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਲਈ ਹੈ ਅਤੇ ਸ਼ੱਕੀ ਦੀ ਪਛਾਣ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਆਦਿਤਿਆ ਨੇ ਦੱਸਿਆ ਕਿ ਕਲਾਨੌਰ ਪੁਲਿਸ ਸਟੇਸ਼ਨ ਨੂੰ ਮੁਲਤਾਨੀ ਹਸਪਤਾਲ ਵਿੱਚ ਤੇਜ਼ ਧਮਾਕੇ ਦੀ ਆਵਾਜ਼ ਆਉਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਐੱਸਐੱਚਓ ਅਤੇ ਡੀਐੱਸਪੀ ਕਲਾਨੌਰ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਸ਼ੀਸ਼ੇ ਟੁੱਟੇ ਹੋਏ ਮਿਲੇ ਹਨ ਅਤੇ ਘਟਨਾ ਸਥਾਨ ਦਾ ਨਿਰੀਖਣ ਕੀਤਾ ਗਿਆ ਹੈ। ਫੋਰੈਂਸਿਕ ਟੀਮ ਵੀ ਮੌਕੇ 'ਤੇ ਮੌਜੂਦ ਹੈ ਅਤੇ ਸਬੂਤ ਇਕੱਠੇ ਕਰ ਰਹੀ ਹੈ। ਐੱਸਐੱਸਪੀ ਨੇ ਸਪੱਸ਼ਟ ਕੀਤਾ ਕਿ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਕੁਝ ਅਹਿਮ ਸੁਰਾਗ ਵੀ ਮਿਲੇ ਹਨ, ਜਿਨ੍ਹਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਜਾਂਚ ਅੱਗੇ ਵਧਣ ਨਾਲ ਘਟਨਾ ਨਾਲ ਜੁੜੇ ਤੱਥ ਜਲਦੀ ਸਾਹਮਣੇ ਆ ਸਕਦੇ ਹਨ।
Posted By: Daily Suraj Bureau