ਫਿਰੋਜ਼ਪੁਰ 'ਚ ਡਰੋਨ ਹਮਲੇ ਦੇ ਪੀੜਤ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵਲੋਂ 5 ਲੱਖ ਰੁ. ਦੀ ਮਾਲੀ ਸਹਾਇਤਾ ਦਾ ਐਲਾਨ
ਅੰਮ੍ਰਿਤਸਰ : ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਕੀ ’ਚ ਬੀਤੇ ਦਿਨੀਂ ਡਰੋਨ ਹਮਲੇ ਦੌਰਾਨ ਜ਼ਖ਼ਮੀ ਹੋਏ ਪਰਿਵਾਰ ਵਿਚੋਂ ਮਾਤਾ ਸੁਖਵਿੰਦਰ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਪੀੜਤ ਪਰਿਵਾਰ ਨੂੰ 5 ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਦਿਨੀਂ ਹੋਏ ਡਰੋਨ ਹਮਲਿਆਂ ਵਿਚ ਸ. ਲਖਵਿੰਦਰ ਸਿੰਘ ਦੇ ਪਰਿਵਾਰ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ, ਜਿਨ੍ਹਾਂ ਦੇ ਤਿੰਨ ਜੀਅ ਹਮਲੇ ਵਿਚ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿਚੋਂ ਬੀਬੀ ਸੁਖਵਿੰਦਰ ਕੌਰ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ ਜਦਕਿ ਇਕ ਮੈਂਬਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਮਾਤਾ ਜੀ ਦਾ ਘਾਟਾ ਤਾਂ ਪੂਰਾ ਨਹੀਂ ਹੋ ਸਕਦਾ ਪਰ ਪੀੜਤ ਪਰਿਵਾਰ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵਲੋਂ 5 ਲੱਖ ਰੁਪਏ ਮਾਲੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਪੀੜਤ ਪਰਿਵਾਰ ਦੇ ਘਰ ਪਹੁੰਚਿਆ ਸੀ। ਸ਼੍ਰੋਮਣੀ ਕਮੇਟੀ ਦੇ ਇਸ ਵਫਦ ਵਿਚ ਮੈਂਬਰ ਸ. ਦਰਸ਼ਨ ਸਿੰਘ ਸ਼ੇਰ ਖਾਂ, ਸ. ਸਤਪਾਲ ਸਿੰਘ ਤਲਵੰਡੀ, ਸ. ਪ੍ਰੀਤਮ ਸਿੰਘ ਮਲਸੀਆਂ ਤੇ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਸ਼ਾਮਿਲ ਸਨ।
#FerozepurDroneAttack #SGPC #FinancialAid #PunjabNews #DroneThreat #BorderSecurity #HumanitarianSupport #SikhCommunity #PunjabUpdates
Posted By: Daily Suraj Bureau