ਕਾਊਂਟਰ ਇੰਟੈਲੀਜੈਂਸ ਦੀ ਵੱਡੀ ਕਾਰਵਾਈ, BKI ਮਾਡਿਊਲ ਦਾ ਮੁੱਖ ਸੰਚਾਲਕ ਕਾਬੂ
ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਐਸ.ਬੀ.ਐਸ. ਨਗਰ ਪੁਲਿਸ ਨਾਲ ਸਾਂਝੀ ਕਾਰਵਾਈ ਕਰਦਿਆਂ ਵਿਦੇਸ਼-ਅਧਾਰਤ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਕਥਿਤ ਆਈ.ਐੱਸ.ਆਈ.-ਸਮਰਥਿਤ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਕਾਰਵਾਈ ਦੌਰਾਨ ਇੱਕ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਕੋਲੋਂ ਇੱਕ 86-ਪੀ ਹੈਂਡ ਗ੍ਰਨੇਡ ਬਰਾਮਦ ਹੋਇਆ। ਪੁਲਿਸ ਮੁਤਾਬਕ ਇਸ ਕਾਰਵਾਈ ਨਾਲ ਇੱਕ ਯੋਜਨਾਬੱਧ ਹਮਲੇ ਨੂੰ ਨਾਕਾਮ ਕੀਤਾ ਗਿਆ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ ਕਥਿਤ ਤੌਰ ’ਤੇ ਵਿਦੇਸ਼-ਅਧਾਰਤ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਆਦਮਪੁਰ, ਜਲੰਧਰ ਨੇੜੇ ਇੱਕ ਡੀ.ਐੱਲ.ਬੀ. ਤੋਂ ਗ੍ਰਨੇਡ ਪ੍ਰਾਪਤ ਕੀਤਾ ਸੀ। ਇਸ ਮਾਮਲੇ ਸਬੰਧੀ ਥਾਣਾ ਸਦਰ ਨਵਾਂਸ਼ਹਿਰ, ਐੱਸ.ਬੀ.ਐੱਸ. ਨਗਰ ਵਿਖੇ ਭਾਰਤੀ ਨਿਆਂ ਸੰਹਿਤਾ (BNS) ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦਾ ਮੁੱਖ ਕੇਂਦਰ ਵਿਦੇਸ਼ੀ ਹੈਂਡਲਰਾਂ, ਸਥਾਨਕ ਸਹਾਇਤਾ ਨੈੱਟਵਰਕ ਅਤੇ ਮੁਲਜ਼ਮ ਦੇ ਅੱਗੇ-ਪਿੱਛੇ ਦੇ ਸਬੰਧਾਂ ਦਾ ਪਤਾ ਲਗਾਉਣਾ ਹੈ। ਇਸ ਦੇ ਨਾਲ ਹੀ ਪੂਰੇ ਅੱਤਵਾਦੀ ਨੈੱਟਵਰਕ ਨੂੰ ਬੇਨਕਾਬ ਕਰਨ ਲਈ ਵੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਹ ਸੂਬੇ ਵਿੱਚ ਅੱਤਵਾਦੀ ਨੈੱਟਵਰਕਾਂ ਅਤੇ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ। ਪੁਲਿਸ ਨੇ ਸ਼ਾਂਤੀ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਵੀ ਦੁਹਰਾਈ ਹੈ।
Posted By: Daily Suraj Bureau