ਲੰਬੀ ਤੋਂ ਟਿਕਟ ਕੱਟੇ ਜਾਣ ’ਤੇ ਬੋਲੇ ਗੁਰਮੀਤ ਸਿੰਘ ਖੁੱਡੀਆਂ, ਕਿਹਾ- ਪਾਰਟੀ ਦਾ ਫ਼ੈਸਲਾ ਸਿਰ ਮੱਥੇ
- ਪੰਜਾਬ
- (Asia/Kolkata)
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹਲਕਾ ਲੰਬੀ ਤੋਂ ਨਵਾਂ ਉਮੀਦਵਾਰ ਉਤਾਰੇ ਜਾਣ ਦੇ ਆਮ ਆਦਮੀ ਪਾਰਟੀ ਦੇ ਫ਼ੈਸਲੇ ਨੂੰ ਸਵੀਕਾਰ ਕਰਦਿਆਂ ਕਿਹਾ ਹੈ ਕਿ ਪਾਰਟੀ ਦਾ ਫ਼ੈਸਲਾ ਉਨ੍ਹਾਂ ਨੂੰ ਸਿਰ ਮੱਥੇ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਹੁਣ ਉਨ੍ਹਾਂ ਦੇ ਭਤੀਜੇ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਲੰਬੀ ਤੋਂ ਉਮੀਦਵਾਰ ਬਣਾਇਆ ਹੈ ਅਤੇ ਉਹ ਉਸ ਦੀ ਜਿੱਤ ਲਈ ਪੂਰੀ ਤਾਕਤ ਨਾਲ ਚੋਣ ਮੁਹਿੰਮ ਚਲਾਉਣਗੇ। ਪੰਜਾਬੀ ਟ੍ਰਿਬਿਊਨ ਨਾਲ ਗੱਲਬਾਤ ਕਰਦਿਆਂ ਖੁੱਡੀਆਂ ਨੇ ਪਾਰਟੀ ਦੇ ਇਸ ਫ਼ੈਸਲੇ ’ਤੇ ਸੰਤੁਸ਼ਟੀ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹੀ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਲੰਬੀ ਤੋਂ ਟਿਕਟ ਦਿੱਤੀ ਸੀ, ਜਿਸ ਤੋਂ ਬਾਅਦ ਉਹ ਵਿਧਾਇਕ ਚੁਣੇ ਗਏ ਅਤੇ ਉਨ੍ਹਾਂ ਨੂੰ ਮੰਤਰੀ ਬਣਾਇਆ ਗਿਆ। ਖੁੱਡੀਆਂ ਮੁਤਾਬਕ, ਜਦੋਂ ਉਨ੍ਹਾਂ ਨੂੰ 2022 ਵਿੱਚ ਪਾਰਟੀ ਦੀ ਟਿਕਟ ਮਿਲੀ ਸੀ ਤਾਂ ਰਣਧੀਰ ਖੁੱਡੀਆਂ ਨੇ ਉਨ੍ਹਾਂ ਦੀ ਜਿੱਤ ਲਈ ਪੂਰੀ ਮਿਹਨਤ ਕੀਤੀ ਸੀ। ਹੁਣ ਉਹ ਆਪਣੇ ਭਤੀਜੇ ਧੀਰਾ ਖੁੱਡੀਆਂ ਦੀ ਜਿੱਤ ਲਈ ਇਸੇ ਤਰ੍ਹਾਂ ਜ਼ੋਰ ਲਾਉਣਗੇ। ਆਮ ਆਦਮੀ ਪਾਰਟੀ ਦੀ ਦੂਜੀ ਉਮੀਦਵਾਰ ਸੂਚੀ ਵਿੱਚ ਗੁਰਮੀਤ ਸਿੰਘ ਖੁੱਡੀਆਂ ਦਾ ਨਾਂ ਨਾ ਹੋਣ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ‘ਆਪ’ ਦੀ ਕੌਮੀ ਲੀਡਰਸ਼ਿਪ ਨੂੰ ਨਿਸ਼ਾਨੇ ’ਤੇ ਲਿਆ ਹੈ। ਖੁੱਡੀਆਂ 26 ਜੁਲਾਈ 2021 ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੇ ਲੰਬੀ ਵਰਗੇ ਵੱਕਾਰੀ ਹਲਕੇ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 11,396 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜਿੱਤ ਦਰਜ ਕੀਤੀ ਸੀ। ਉਨ੍ਹਾਂ ਨੇ 31 ਮਈ 2023 ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਬਠਿੰਡਾ ਹਲਕੇ ਤੋਂ ਉਮੀਦਵਾਰ ਬਣਾਇਆ ਸੀ। ਹਾਲਾਂਕਿ, ਉਹ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਤੋਂ 49,656 ਵੋਟਾਂ ਦੇ ਫ਼ਰਕ ਨਾਲ ਚੋਣ ਹਾਰ ਗਏ ਸਨ। ਖੁੱਡੀਆਂ ਨੇ ਦਿੱਲੀ ਵਾਲਿਆਂ ਖ਼ਿਲਾਫ਼ ਬੋਲਣ ਦੀ ਕੀਮਤ ਚੁਕਾਈ: ਜਾਖੜ ਇਸ ਦੌਰਾਨ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਦੀ ਦੂਜੀ ਉਮੀਦਵਾਰ ਸੂਚੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਗੁਰਮੀਤ ਸਿੰਘ ਖੁੱਡੀਆਂ ਨੂੰ ਦਿੱਲੀ ਦੇ ਆਗੂਆਂ ਖ਼ਿਲਾਫ਼ ਬੋਲਣ ਦੀ ਕੀਮਤ ਚੁਕਾਉਣੀ ਪਈ ਹੈ। ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਟਿਕਟਾਂ ਦੀ ਵੰਡ ਕਰਨਾ ਉਸ ਦਾ ਅੰਦਰੂਨੀ ਮਾਮਲਾ ਹੈ, ਪਰ ਦੋਵੇਂ ਉਮੀਦਵਾਰ ਸੂਚੀਆਂ ਨੂੰ ਦੇਖਣ ਤੋਂ ਬਾਅਦ ਉਮੀਦਵਾਰਾਂ ਦੀ ਚੋਣ ਵਿੱਚ ਕੋਈ ਨਵਾਂ ਆਦਰਸ਼ਵਾਦ ਨਜ਼ਰ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਖੁੱਡੀਆਂ ਨੂੰ ਪੰਜਾਬ ਦੇ ਹੱਕ ਵਿੱਚ ਅਤੇ ਦਿੱਲੀ ਦੇ ਆਗੂਆਂ ਦੇ ਖ਼ਿਲਾਫ਼ ਬੋਲਣ ਦੀ ਕੀਮਤ ਚੁਕਾਉਣੀ ਪਈ ਹੈ।
Leave a Reply