ਸ਼ਾਂਤਮਈ ਢੰਗ ਨਾਲ ਮੰਗ ਪੱਤਰ ਦੇਣ ਜਾ ਰਹੇ ਕਰਮਚਾਰੀਆਂ 'ਤੇ ਲਾਠੀਆਂ ਵਰ੍ਹਾਉਣਾ ਲੋਕਤੰਤਰ ਦਾ ਘਾਣ : ਸਾਥੀ ਦਲਜੀਤ ਗੋਰਾ
- ਸੰਗਰੂਰ
- (Asia/Kolkata)
ਵੋਟਾਂ ਵੇਲੇ ਲੋਕ ਕਰਨਗੇ ਹਿਸਾਬ ਬਰਾਬਰ, ਮਨਰੇਗਾ ਕਰਮਚਾਰੀਆਂ ਦੇ ਸੰਘਰਸ਼ ਨੂੰ ਹਰ ਪੱਖੋਂ ਮਿਲੇਗਾ ਸਾਥ (ਜਗਸੀਰ ਸਿੰਘ): ਪਿਛਲੇ ਦਿਨੀਂ ਖੰਨਾ ਵਿਖੇ ਮਨਰੇਗਾ ਕਰਮਚਾਰੀਆਂ 'ਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸੀਟੂ ਪੰਜਾਬ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸਬੰਧੀ ਪ੍ਰਤੀਕਿਰਿਆ ਦਿੰਦਿਆਂ ਸੀਟੂ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਸਾਥੀ ਦਲਜੀਤ ਕੁਮਾਰ ਗੋਰਾ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਅਤੇ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕਰਨਾ ਅਤੇ ਸੰਘਰਸ਼ ਕਰ ਰਹੇ ਲੋਕਾਂ 'ਤੇ ਲਾਠੀਆਂ ਵਰ੍ਹਾਉਣੀਆਂ ਹੀ ਜਾਰੀ ਰੱਖੀਆਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕ ਇਸ ਦਾ ਹਿਸਾਬ ਬਰਾਬਰ ਕਰਨਗੇ। ਉਨ੍ਹਾਂ ਕਿਹਾ ਕਿ ਮਨਰੇਗਾ ਕਰਮਚਾਰੀ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਜਮਹੂਰੀ ਢੰਗ ਨਾਲ ਲੇਬਰ ਮੰਤਰੀ ਨੂੰ ਆਪਣਾ ਮੰਗ ਪੱਤਰ ਦੇਣ ਲਈ ਜਾ ਰਹੇ ਸਨ, ਪਰ ਪੁਲਿਸ ਵੱਲੋਂ ਉਨ੍ਹਾਂ ਦਾ ਰਸਤਾ ਰੋਕ ਲਿਆ ਗਿਆ, ਅੱਗੇ ਜਾਣ ਤੋਂ ਮਨ੍ਹਾ ਕਰ ਦਿੱਤਾ ਗਿਆ ਅਤੇ ਬਾਅਦ ਵਿੱਚ ਕਰਮਚਾਰੀਆਂ 'ਤੇ ਲਾਠੀਚਾਰਜ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮਨਰੇਗਾ ਕਰਮਚਾਰੀ ਪਿਛਲੇ ਛੇ ਮਹੀਨਿਆਂ ਤੋਂ ਰੁਕੀ ਹੋਈ ਆਪਣੀ ਤਨਖ਼ਾਹ ਜਾਰੀ ਕਰਨ ਦੀ ਮੰਗ ਕਰ ਰਹੇ ਸਨ। ਇਸ ਦੇ ਨਾਲ ਹੀ ਉਹ ਭਗਵੰਤ ਮਾਨ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਅਨੁਸਾਰ ਉਨ੍ਹਾਂ ਨੂੰ ਪੱਕਾ ਕਰਨ ਦੀ ਮੰਗ ਵੀ ਕਰ ਰਹੇ ਸਨ। ਸਾਥੀ ਦਲਜੀਤ ਕੁਮਾਰ ਗੋਰਾ ਨੇ ਕਿਹਾ ਕਿ ਲੋਕਤੰਤਰ ਵਿੱਚ ਜਮਹੂਰੀ ਢੰਗ ਨਾਲ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖਣਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ, ਪਰ ਭਗਵੰਤ ਮਾਨ ਸਰਕਾਰ ਕਿਸੇ ਵੀ ਵਰਗ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਬਜਾਏ ਹੱਕਾਂ ਲਈ ਸੰਘਰਸ਼ ਕਰ ਰਹੇ ਕਰਮਚਾਰੀਆਂ 'ਤੇ ਲਾਠੀਚਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਰਵੱਈਏ ਦਾ ਜਵਾਬ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜ਼ਰੂਰ ਦੇਣਗੇ। ਇਸ ਮੌਕੇ ਮਨਰੇਗਾ ਮਜ਼ਦੂਰ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਬਰਮੀ ਨੇ ਕਿਹਾ ਕਿ ਮਨਰੇਗਾ ਕਰਮਚਾਰੀਆਂ ਦੇ ਇਸ ਸੰਘਰਸ਼ ਵਿੱਚ ਜਥੇਬੰਦੀ ਪੂਰੀ ਤਨਦੇਹੀ ਨਾਲ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਜਥੇਬੰਦੀਆਂ ਨੇ ਆਪਣੇ-ਆਪਣੇ ਪੱਧਰ 'ਤੇ ਇਸ ਸੰਘਰਸ਼ ਵਿੱਚ ਸ਼ਮੂਲੀਅਤ ਵੀ ਕੀਤੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਮਨਰੇਗਾ ਕਰਮਚਾਰੀਆਂ ਦੇ ਹੱਕੀ ਸੰਘਰਸ਼ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇਬੰਦੀ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਤੱਕ ਉਨ੍ਹਾਂ ਦੇ ਨਾਲ ਡਟ ਕੇ ਖੜ੍ਹੀ ਰਹੇਗੀ ਅਤੇ ਸੰਘਰਸ਼ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਲੋੜੀਂਦਾ ਯੋਗਦਾਨ ਪਾਏਗੀ। ਇਸ ਮੌਕੇ ਪ੍ਰਿਤਪਾਲ ਸਿੰਘ ਬਿੱਟਾ, ਜਸਵੰਤ ਸਿੰਘ ਜੋਗਾ, ਸਨੀ ਰਾਏਕੋਟ, ਸਤਵਿੰਦਰ ਪਾਲ ਸਿੰਘ ਅਤੇ ਬਹਾਦਰ ਸਿੰਘ ਨੂਰਪੁਰਾ ਨੇ ਵੀ ਮਨਰੇਗਾ ਕਰਮਚਾਰੀਆਂ 'ਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਤੋਂ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਅਤੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ।
Leave a Reply