ਪੰਜਾਬ ਵਿੱਚ ਸਰਕਾਰੀ ਆਵਾਜਾਈ ਨੂੰ ਵੱਡਾ ਬਲ, ਪਟਿਆਲਾ ‘ਚ ਨਵੀਆਂ ਬੱਸਾਂ ਦੀ ਸ਼ੁਰੂਆਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (PRTC) ਦੇ ਬੇੜੇ ਵਿੱਚ 250 ਨਵੀਆਂ ਬੱਸਾਂ ਸ਼ਾਮਲ ਕਰਨ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਈ ਵਿਕਾਸੀ ਪ੍ਰੋਜੈਕਟਾਂ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਉਨ੍ਹਾਂ ਨੇ PRTC ਦੇ ਮੁਲਾਜ਼ਮਾਂ, ਬੱਸ ਡਰਾਈਵਰਾਂ ਅਤੇ ਕੰਡਕਟਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਨਵੀਆਂ ਬੱਸਾਂ ਦੀ ਸ਼ਮੂਲੀਅਤ ਸਿਰਫ਼ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਨਹੀਂ, ਸਗੋਂ ਲੋਕਾਂ ਨੂੰ ਬਿਹਤਰ, ਸੁਰੱਖਿਅਤ ਅਤੇ ਆਰਾਮਦਾਇਕ ਯਾਤਰਾ ਮੁਹੱਈਆ ਕਰਵਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਨਾਲ ਸਰਕਾਰੀ ਆਵਾਜਾਈ ਪ੍ਰਣਾਲੀ ਵਿੱਚ ਸੁਧਾਰ ਹੋਵੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ।
ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ 300 ਤੋਂ ਵੱਧ ਹੋਰ ਬੱਸਾਂ ਵੀ PRTC ਦੇ ਬੇੜੇ ਵਿੱਚ ਸ਼ਾਮਲ ਕੀਤੀਆਂ ਜਾਣਗੀਆਂ। ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਲਗਾਤਾਰ ਉਪਰਾਲੇ ਜਾਰੀ ਹਨ, ਜੋ ਪੰਜਾਬ ਨੂੰ ਤਰੱਕੀ ਦੀ ਰਾਹ ‘ਤੇ ਅੱਗੇ ਵਧਾ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਪਹਿਲੀ ਵਾਰ ਐਸਾ ਹੋਇਆ ਹੈ ਕਿ ਕਿਸੇ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੀਆਂ ਗਈਆਂ ਗਾਰੰਟੀਆਂ ਨੂੰ ਸਰਕਾਰ ਬਣਨ ਦੇ ਚਾਰ ਸਾਲਾਂ ਵਿੱਚ ਹੀ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਔਰਤਾਂ ਨੂੰ ਆਰਥਿਕ ਸਹਾਇਤਾ ਦੇਣ ਦਾ ਵਾਅਦਾ ਕੀਤਾ ਸੀ ਅਤੇ ਹੁਣ ਐਸ.ਸੀ. ਅਤੇ ਬੀ.ਸੀ. ਵਰਗਾਂ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਇਸ ਫੈਸਲੇ ‘ਤੇ ਵੀ ਸਵਾਲ ਖੜ੍ਹੇ ਕਰ ਰਹੀ ਹੈ। ਉਨ੍ਹਾਂ ਦੇ ਅਨੁਸਾਰ ਕੁਝ ਆਗੂਆਂ ਲਈ ਇਹ ਰਕਮ ਛੋਟੀ ਹੋ ਸਕਦੀ ਹੈ, ਪਰ ਆਮ ਪਰਿਵਾਰਾਂ ਲਈ ਇਹ ਮਹੱਤਵਪੂਰਨ ਸਹਾਇਤਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇੱਕ ਪਰਿਵਾਰ ਵਿੱਚ ਦੋ ਔਰਤਾਂ ਹੁੰਦੀਆਂ ਹਨ, ਉਥੇ 3000 ਰੁਪਏ ਮਹੀਨਾਵਾਰ ਰਕਮ ਨਾਲ ਘਰੇਲੂ ਖਰਚ ਚਲਾਉਣ ਵਿੱਚ ਮਦਦ ਮਿਲਦੀ ਹੈ।
Posted By: Daily Suraj Bureau