Daily Suraj

ਪੰਜਾਬੀ

ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜਥਾ ਅੱਜ ਰਿਸ਼ੀਕੇਸ਼ ਤੋਂ ਹੋਵੇਗਾ ਰਵਾਨਾ

20 May, 2026 09:43 AM

ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਸ ਸਾਲ ਅੱਜ ਤੋਂ ਸ਼ੁਰੂ ਹੋ ਰਹੀ ਹੈ। ਯਾਤਰਾ ਦੀ ਸ਼ੁਰੂਆਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲੇ ਜਥੇ ਦੇ ਰਿਸ਼ੀਕੇਸ਼ ਤੋਂ ਰਵਾਨਾ ਹੋਣ ਨਾਲ ਹੋਵੇਗੀ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਸੰਗਤ ਲਈ 23 ਮਈ ਨੂੰ ਖੋਲ੍ਹੇ ਜਾਣਗੇ। ਇਸ ਸਬੰਧੀ ਜਾਣਕਾਰੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰ ਜੀਤ ਸਿੰਘ ਬਿੰਦਰਾ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਯਾਤਰਾ ਦੀਆਂ ਤਿਆਰੀਆਂ ਅਤੇ ਸੰਗਤ ਦੀ ਸਹੂਲਤ ਲਈ ਉਤਰਾਖੰਡ ਦੇ ਮੁੱਖ ਸਕੱਤਰ ਆਨੰਦ ਵਰਧਨ ਨਾਲ ਵਿਸਥਾਰ ਵਿੱਚ ਚਰਚਾ ਕੀਤੀ ਗਈ ਸੀ। ਇਸ ਮੀਟਿੰਗ ਮਗਰੋਂ 23 ਮਈ ਨੂੰ ਗੁਰਦੁਆਰੇ ਦੇ ਦਰਵਾਜ਼ੇ ਖੋਲ੍ਹਣ ’ਤੇ ਸਹਿਮਤੀ ਬਣੀ। ਟਰੱਸਟ ਦੇ ਮੁਤਾਬਕ, ਯਾਤਰਾ ਦੀ ਸ਼ੁਰੂਆਤ 20 ਮਈ ਨੂੰ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲੇ ਜਥੇ ਦੇ ਰਵਾਨਾ ਹੋਣ ਨਾਲ ਹੋਵੇਗੀ। ਇਸ ਦੇ ਨਾਲ ਹੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਭਾਰਤੀ ਫ਼ੌਜ ਵੱਲੋਂ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਅਤੇ ਯਾਤਰਾ ਮਾਰਗਾਂ ਤੋਂ ਬਰਫ਼ ਹਟਾਉਣ ਦਾ ਕੰਮ ਵੀ ਮੁਕੰਮਲ ਕਰ ਲਿਆ ਗਿਆ ਹੈ, ਜਿਸ ਨਾਲ ਯਾਤਰੀਆਂ ਨੂੰ ਸਹੂਲਤ ਮਿਲੇਗੀ। ਜ਼ਿਕਰਯੋਗ ਹੈ ਕਿ ਗੁਰਦੁਆਰਾ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਹਰ ਸਾਲ ਸਰਕਾਰ ਨਾਲ ਤਾਲਮੇਲ ਕਰਕੇ ਯਾਤਰਾ ਦੇ ਪ੍ਰਬੰਧ ਕਰਦਾ ਹੈ। ਇਸ ਵਾਰ ਪਿਛਲੇ ਸਾਲਾਂ ਦੇ ਮੁਕਾਬਲੇ ਘੱਟ ਬਰਫ਼ਬਾਰੀ ਹੋਣ ਕਾਰਨ ਯਾਤਰਾ ਜਲਦੀ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

Posted By: Daily Suraj Bureau

Latest News