Daily Suraj

ਪੰਜਾਬੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਗਰਮੀ, ਮੌਸਮ ਵਿਭਾਗ ਦੀ ਭਵਿੱਖਬਾਣੀ

02 Mar, 2026 10:43 AM

ਮਾਰਚ ਮਹੀਨੇ ਦੀ ਸ਼ੁਰੂਆਤ ਨਾਲ ਹੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਦਾ ਪ੍ਰਭਾਵ ਵੱਧਣਾ ਸ਼ੁਰੂ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 5.8 ਡਿਗਰੀ ਸੈਲਸੀਅਸ ਜ਼ਿਆਦਾ ਦਰਜ ਕੀਤਾ ਗਿਆ ਹੈ, ਹਾਲਾਂਕਿ 0.1 ਡਿਗਰੀ ਸੈਲਸੀਅਸ ਦੀ ਹਲਕੀ ਘਟੋਤਰੀ ਵੀ ਨੋਟ ਕੀਤੀ ਗਈ। ਮੌਸਮ ਵਿਭਾਗ ਦੇ ਅਨੁਸਾਰ, ਆਉਣ ਵਾਲੇ ਪੰਜ ਦਿਨਾਂ ਵਿੱਚ ਉੱਤਰ-ਪੱਛਮੀ ਭਾਰਤ, ਜਿਸ ਵਿੱਚ ਪੰਜਾਬ ਅਤੇ ਚੰਡੀਗੜ੍ਹ ਸ਼ਾਮਲ ਹਨ, ਵਿੱਚ ਵੱਧ ਤੋਂ ਵੱਧ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਤੱਕ ਹੋਰ ਵੱਧ ਸਕਦਾ ਹੈ। ਇਸ ਕਾਰਨ ਤਾਪਮਾਨ ਆਮ ਨਾਲੋਂ 4 ਤੋਂ 7 ਡਿਗਰੀ ਸੈਲਸੀਅਸ ਵੱਧ ਰਹਿਣ ਦੀ ਸੰਭਾਵਨਾ ਹੈ। ਮੌਜੂਦਾ ਸਮੇਂ ਦੌਰਾਨ ਚੰਡੀਗੜ੍ਹ ਅਤੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 27 ਤੋਂ 31 ਡਿਗਰੀ ਸੈਲਸੀਅਸ ਦੇ ਦਰਮਿਆਨ ਦਰਜ ਕੀਤਾ ਗਿਆ ਹੈ, ਜਦਕਿ ਘੱਟੋ-ਘੱਟ ਤਾਪਮਾਨ 10 ਤੋਂ 15 ਡਿਗਰੀ ਸੈਲਸੀਅਸ ਦੇ ਆਸ-ਪਾਸ ਰਿਹਾ। ਵਿਭਾਗ ਮੁਤਾਬਕ ਇਹ ਹਾਲਾਤ ਉੱਤਰ-ਪੱਛਮੀ ਭਾਰਤ ਵਿੱਚ ਸਰਗਰਮ ਇੱਕ ਨਵੀਂ ਪੱਛਮੀ ਗੜਬੜ ਦੇ ਪ੍ਰਭਾਵ ਨਾਲ ਜੁੜੇ ਹੋਏ ਹਨ। ਇਸ ਗੜਬੜ ਦੇ ਕਾਰਨ 4 ਮਾਰਚ ਤੋਂ ਹਿਮਾਲੀਆਈ ਖੇਤਰਾਂ ਵਿੱਚ ਹਲਕੀ ਬਾਰਿਸ਼ ਜਾਂ ਬਰਫਬਾਰੀ ਦੀ ਸੰਭਾਵਨਾ ਹੈ, ਪਰ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੁੱਖ ਤੌਰ ‘ਤੇ ਮੌਸਮ ਖੁਸ਼ਕ ਹੀ ਰਹਿਣ ਦੀ ਉਮੀਦ ਹੈ। 7 ਮਾਰਚ ਤੱਕ ਖੇਤਰ ਵਿੱਚ ਮੀਂਹ ਦੇ ਕੋਈ ਖਾਸ ਆਸਾਰ ਨਹੀਂ ਹਨ। ਤਾਪਮਾਨ ਦੇ ਅਨੁਮਾਨ ਅਨੁਸਾਰ 2 ਮਾਰਚ ਨੂੰ ਵੱਧ ਤੋਂ ਵੱਧ ਤਾਪਮਾਨ 31 ਤੋਂ 33 ਡਿਗਰੀ ਸੈਲਸੀਅਸ, 3 ਮਾਰਚ ਨੂੰ 32 ਤੋਂ 34 ਡਿਗਰੀ ਸੈਲਸੀਅਸ ਅਤੇ 4 ਮਾਰਚ ਨੂੰ 33 ਤੋਂ 35 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਅਗਲੇ ਚਾਰ ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਆਵੇਗਾ, ਜਿਸ ਤੋਂ ਬਾਅਦ ਹੌਲੀ-ਹੌਲੀ ਵਾਧਾ ਦਰਜ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਵੀ ਜਤਾਈ ਗਈ ਹੈ।

Posted By: Daily Suraj Bureau

Latest News