Daily Suraj

ਪੰਜਾਬੀ

MP Minister moves SC ਕਰਨਲ ਸੋਫੀਆ ਕੁਰੈਸ਼ੀ ਖ਼ਿਲਾਫ਼ ਟਿੱਪਣੀ: ਮੱਧ ਪ੍ਰਦੇਸ਼ ਦੇ ਮੰਤਰੀ ਵੱਲੋਂ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼

15 May, 2025 08:55 PM

ਨਵੀਂ ਦਿੱਲੀ : ਮੱਧ ਪ੍ਰਦੇਸ਼ ਸਰਕਾਰ ਵਿੱਚ ਕਬਾਇਲੀ ਮਾਮਲਿਆਂ ਦੇ ਮੰਤਰੀ ਅਤੇ ਭਾਜਪਾ ਆਗੂ ਵਿਜੈ ਸ਼ਾਹ ਨੇੇ ਕਰਨਲ ਕੁਰੈਸ਼ੀ ਬਾਰੇ ਅਪਮਾਨਜਨਕ ਟਿੱਪਣੀ ਕੀਤੀ ਸੀ, ਜਿਸ ਦਾ ਦੇਸ਼ ਭਰ ਵਿਚ ਵਿਰੋਧ ਹੋਇਆ ਸੀ। ਇਸ ਤੋਂ ਬਾਅਦ ਹਾਈ ਕੋਰਟ ਨੇ ਮੰਤਰੀ ਖ਼ਿਲਾਫ਼ ਐਫਆਈਆਰ ਦਰਜ ਕਰਨ ਲਈ ਕਿਹਾ ਸੀ। ਇਸ ਤੋਂ ਬਾਅਦ ਅੱਜ ਵਿਜੈ ਸ਼ਾਹ ਨੇ ਸੁਪਰੀਮ ਕੋਰਟ ਦਾ ਰੁਖ਼ ਕਰਦਿਆਂ ਐਫਆਈਆਰ ’ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। ਦੂਜੇ ਪਾਸੇ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ’ਤੇ ਸੁਣਵਾਈ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਇਸ ਮਾਮਲੇ ’ਤੇ ਸਰਵਉਚ ਅਦਾਲਤ ਵਿਚ ਭਲਕੇ ਸੁਣਵਾਈ ਹੋਵੇਗੀ।

ਕਰਨਲ ਕੁਰੈਸ਼ੀ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਵੱਲੋਂ ਕੀਤੇ ਗਏ ‘ਅਪਰੇਸ਼ਨ ਸਿੰਧੂਰ’ ਦਾ ਵੇਰਵਾ ਮੀਡੀਆ ਕਾਨਫਰੰਸ ਦੌਰਾਨ ਸਾਂਝਾ ਕੀਤਾ ਸੀ, ਜਿਸ ਵਿੱਚ ਵਿਦੇਸ਼ ਸਕੱਤਰ ਵਿਕਰਮ ਮਿਸਰੀ ਅਤੇ ਵਿੰਗ ਕਮਾਂਡਰ ਵਿਓਮਿਕਾ ਸਿੰਘ ਸ਼ਾਹ ਵੀ ਸ਼ਾਮਲ ਹੋਏ ਸੀ। ਮੱਧ ਪ੍ਰਦੇਸ਼ ਸਰਕਾਰ ਵਿੱਚ ਕਬਾਇਲੀ ਮਾਮਲਿਆਂ ਦੇ ਮੰਤਰੀ ਅਤੇ ਭਾਜਪਾ ਨੇਤਾ ਵਿਜੈ ਸ਼ਾਹ ਨੇੇ ਕਰਨਲ ਕੁਰੈਸ਼ੀ ’ਤੇ ਅਪਮਾਨਜਨਕ ਟਿੱਪਣੀ ਕੀਤੀ ਸੀ, ਜਿਸ ਨੇ ਇੱਕ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ। ਉਨ੍ਹਾਂ ਕਰਨਲ ਕੁਰੈਸ਼ੀ ਨੂੰ ‘ਅਤਿਵਾਦੀਆਂ ਦੀ ਭੈਣ’ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਵਿਵਾਦਤ ਬਿਆਨ ਦਾ ਨੋਟਿਸ ਲੈਂਦਿਆਂ ਹਾਈ ਕੋਰਟ ਦੇ ਜਸਟਿਸ ਅਤੁਲ ਸ੍ਰੀਧਰਨ ਅਤੇ ਅਨੁਰਾਧਾ ਸ਼ੁਕਲਾ ਦੇ ਬੈਂਚ ਨੇ ਪੁਲੀਸ ਨੂੰ ਮੰਤਰੀ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਸੀ। ਸ਼ਾਹ ਦੀ ਟਿੱਪਣੀ ਦੀ ਵਿਆਪਕ ਪੱਧਰ ’ਤੇ ਨਿਖੇਧੀ ਹੋਈ ਅਤੇ ਕਾਂਗਰਸ ਨੇ ਉਨ੍ਹਾਂ ਨੂੰ ਮੱਧ ਪ੍ਰਦੇਸ਼ ਦੇ ਮੰਤਰੀ ਮੰਡਲ ਤੋਂ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਵਿਜੈ ਸ਼ਾਹ ਨੇ ਕਿਹਾ ਸੀ ਕਿ ਜੇਕਰ ਕਿਸੇ ਨੂੰ ਉਨ੍ਹਾਂ ਦੇ ਬਿਆਨ ਕਾਰਨ ਠੇਸ ਪਹੁੰਚੀ ਹੈ ਤਾਂ ਉਹ 10 ਵਾਰ ਮੁਆਫ਼ੀ ਮੰਗਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਕਰਨਲ ਕੁਰੈਸ਼ੀ ਦਾ ਆਪਣੀ ਭੈਣ ਤੋਂ ਵੀ ਵੱਧ ਸਨਮਾਨ ਕਰਦੇ ਹਨ। ਦੂਜੇ ਪਾਸੇ ਵਿਰੋਧੀ ਪਾਰਟੀਆਂ ਨੇ ਮੰਗ ਕੀਤੀ ਕਿ ਵਿਜੈ ਸ਼ਾਹ ਨੂੰ ਮੰਤਰੀ ਮੰਡਲ ਵਿਚੋਂ ਬਾਹਰ ਕੱਢਿਆ ਜਾਵੇ।

#MadhyaPradesh #SupremeCourt #HighCourtOrders #ColonelSophiaQureshi #PoliticalControversy #LegalBattle #IndianPolitics #SCAppeal #CourtCase #JusticeSystem


Posted By: Daily Suraj Bureau

Latest News