ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ : ਸਿਹਤ ਮੰਤਰੀ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ : ਸਿਹਤ ਮੰਤਰੀ

ਬਠਿੰਡਾ : ਸੂਬਾ ਸਰਕਾਰ ਦੀ ਨੀਅਤ ਅਤੇ ਨੀਤੀ ਸਾਫ਼ ਹੋਣ ਕਰਕੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਆਮ ਲੋਕਾਂ ਤੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਜ਼ਿਲ੍ਹੇ ਅੰਦਰ ਹੁਣ ਤਕ ਦੀ ਕੀਤੀ ਗਈ ਕਾਰਗੁਜ਼ਾਰੀ ਦਾ ਲੇਖਾ-ਜੋਖਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਮੌੜ ਸੁਖਬੀਰ ਸਿੰਘ ਮਾਈਸਰਖਾਨਾ, ਮੇਅਰ ਪਦਮਜੀਤ ਮਹਿਤਾ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। 

ਇਸ ਦੌਰਾਨ ਸਿਹਤ ਮੰਤਰੀ ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਨਸ਼ੇ ਛੱਡਣ ਵਾਲੇ ਵਿਅਕਤੀਆਂ ਨੂੰ ਮੁੜ ਤੋਂ ਮੁੱਖ ਧਾਰਾ ਵਿਚ ਸ਼ਾਮਲ ਕਰਕੇ ਬਿਹਤਰ ਜਿੰਦਗੀ ਜਿਉਣ ਦਾ ਮੌਕਾ ਪ੍ਰਦਾਨ ਕਰਨ ਲਈ ਨਸ਼ਾ ਛੁਡਾਊ ਕੇਂਦਰਾਂ ’ਚ ਸਕਿੱਲ ਡਿਵੈਲਪਮੈਂਟ ਕੋਰਸ ਤੋਂ ਇਲਾਵਾ ਯੋਗਾ ਕਲਾਸਾਂ ਅਤੇ ਖੇਡ ਗਤੀਵਿਧੀਆਂ ਕਰਵਾਉਣ ਨੂੰ ਮੁੱਖ ਤਰਜੀਹ ਦਿੱਤੀ ਜਾਵੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਜ ਵਿਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਣ ਲਈ ਸਕੂਲਾਂ ਦੇ ਪੱਧਰ ਤੋਂ ਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਲਈ ਜਾਗਰੂਕਤਾ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। 

ਕੈਬਨਿਟ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਪੇਂਡੂ ਖੇਤਰ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿਚ ਲਾਇਬ੍ਰੇਰੀਆਂ, ਖੇਡ ਮੈਦਾਨ, ਜਿੰਮ ਤੇ ਪਾਰਕ ਬਣਾਏ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਆਮ ਲੋਕਾਂ ਸਾਫ ਅਤੇ ਸ਼ੁੱਧ ਖਾਣ ਲਈ ਪ੍ਰੇਰਿਤ ਕਰਨ। 

ਉਨ੍ਹਾਂ ਡਰੱਗ ਇੰਸਪੈਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸ਼ੱਕੀ ਕੈਮਿਸਟ ਦੀਆਂ ਦੁਕਾਨਾਂ ’ਤੇ ਪੂਰਨ ਨਜ਼ਰਸਾਨੀ ਰੱਖਣ ਤਾਂ ਜੋ ਕੋਈ ਵੀ ਕੈਮਿਸਟ ਨਸ਼ੀਲੀਆਂ ਵਸਤਾਂ ਦਾ ਵਿਕਰੀ ਨਾ ਕਰ ਸਕੇ। ਇਸ ਮੌਕੇ ਸਿਹਤ ਮੰਤਰੀ ਨੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਉਜਾਲੇ ਵੱਲ ਲੈ ਕੇ ਜਾਣਾ ਅਤੇ ਉਨ੍ਹਾਂ ਨੂੰ ਆਪਣੇ ਪੈਰਾ ’ਤੇ ਖੜ੍ਹੇ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ।

 ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਆਮ ਲੋਕਾਂ ਦਾ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਵਿਚ ਵਿਸ਼ਵਾਸ ਵੱਧ ਰਿਹਾ ਹੈ ਅਤੇ ਸਰਕਾਰ ਵੱਲੋਂ ਨਸ਼ਾ ਤਸਕਰਾਂ ’ਤੇ ਸ਼ਖਤ ਨਜ਼ਰਸਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਬਾਰਡਰ ਏਰੀਆਂ ’ਚੋਂ 70 ਫੀਸਦੀ ਨਸ਼ੀਲੀਆਂ ਵਸਤਾਂ ਵਾਲੇ ਡਰੋਨ ਦੀਆਂ ਗਤੀਵਿਧੀਆਂ ਘਟੀਆਂ ਹਨ। ਇਸ ਦੌਰਾਨ ਉਨ੍ਹਾਂ ਸਵਾਲ ਦੇ ਜਵਾਬ ਵਿਚ ਕਿਹਾ ਕਿ ਐਨਰਜੀ ਡਰਿੰਕ ਸਿਹਤ ਲਈ ਬਹੁਤ ਹਾਨੀਕਾਰਕ ਹੈ, ਜਿਸ ਨੂੰ ਸੂਬੇ ਦੇ ਸਕੂਲਾਂ ਵਿਚ ਪੂਰਨ ਤੌਰ ’ਤੇ ਬੰਦ ਕਰ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਬਲਬੀਰ ਸਿੰਘ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਨਸ਼ੇ ਤੋਂ ਪੀੜਤਾਂ ਦਾ ਸਰਕਾਰ ਵੱਲੋਂ ਮੁਫ਼ਤ ਇਲਾਜ ਕੀਤਾ ਜਾਵੇਗਾ ਪਰ ਨਸ਼ੇ ਦੀ ਤਸਕਰੀ ਵਿਚ ਲੱਗੇ ਲੋਕਾਂ ਨਾਲ ਕਾਨੂੰਨ ਕਰੜੇ ਹੱਥੀ ਨੱਜੀਠੇਗਾ ਅਤੇ ਅਜਿਹੇ ਲੋਕ ਆਪਣੇ ਅੰਤਮ ਮੁਕਾਮ ਜੇਲ੍ਹ ਜਾਣ ਲਈ ਤਿਆਰ ਰਹਿਣ।

 ਉਨ੍ਹਾਂ ਨੇ ਕਿਹਾ ਕਿ ਨਸ਼ਾ ਮੁਕਤ ਤੇ ਸਿਹਤਮੰਦ ਸਮਾਜ ਹੀ ਰੰਗਲੇ ਪੰਜਾਬ ਦੀ ਤਰੱਕੀ ਦਾ ਅਧਾਰ ਬਣੇਗਾ। ਬਲਬੀਰ ਸਿੰਘ ਨੇ ਕਿਹਾ ਕਿ ਨਸ਼ੇ ਦੀ ਸਪਲਾਈ ਲਾਈਨ ਟੁੱਟੀ ਹੈ, ਜਿਸ ਕਾਰਨ ਪੀੜਤ ਇਲਾਜ ਲਈ ਨਸ਼ਾ ਮੁਕਤੀ ਕੇਂਦਰਾਂ ’ਤੇ ਆ ਰਹੇ ਹਨ ਅਤੇ ਪਹਿਲਾਂ ਦੇ ਮੁਕਾਬਲੇ ਇਹ ਗਿਣਤੀ ਵੱਧਣ ਲੱਗੀ ਹੈ। 

ਇਸ ਲਈ ਸਰਕਾਰ ਵੱਲੋਂ ਰਾਜ ਵਿਚ ਨਸ਼ਾ ਮੁਕਤੀ ਕੇਂਦਰਾਂ ਅਤੇ ਪੁਨਰਵਾਸ ਕੇਂਦਰਾਂ ਵਿਚ ਬਿਸਤਰਿਆਂ ਦੀ ਗਿਣਤੀ ਵਧਾਈ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ ਅਤੇ ਹੋਰ ਸਮੁੱਚੇ ਸਟਾਫ ਦੀ ਜਲਦ ਭਰਤੀ ਕੀਤੀ ਜਾਵੇਗੀ।

#AntiDrugCampaign #DrugAbuse #PunjabHealth #HealthMinister #SocialAwareness #FightAgainstDrugs #PunjabNews #SikhCommunity #YouthEmpowerment #DrugFreeSociety