ਕ੍ਰਿਸ਼ੀ ਵਿਗਿਆਨ ਕੇਂਦਰ ਨੇ ਸੀ.ਆਰ.ਐਮ. ਪ੍ਰੋਜੈਕਟ ਅਧੀਨ ਪਿੰਡ ਬਾਲੀਆਂ ਵਿਖੇ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਗਾਇਆ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਸੀ.ਆਰ.ਐਮ. ਪ੍ਰੋਜੈਕਟ ਅਧੀਨ ਪਿੰਡ ਬਾਲੀਆਂ ਵਿਖੇ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਗਾਇਆ

ਕੈਂਪ ਦੌਰਾਨ 100 ਤੋਂ ਵੱਧ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਣਕਾਰੀ ਹਾਸਿਲ ਕੀਤੀ - ਡਾ. ਮਨਦੀਪ ਸਿੰਘ ਲੌਂਗੋਵਾਲ,10 ਸਤੰਬਰ (ਜਗਸੀਰ ਸਿੰਘ)- ਝੋਨੇ ਦੀ ਪਰਾਲੀ ਨੂੰ ਨਾ ਸਾੜਨ ਲਈ ਵਿੱਢੀ ਮੁਹਿੰਮ ਅਧੀਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਿੰਡ ਬਾਲੀਆਂ, ਬਲਾਕ ਧੂਰੀ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਇੱਕ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ 100 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਡਾ. ਮਨਦੀਪ ਸਿੰਘ, ਇੰਚਾਰਜ, ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਵਾਤਾਵਰਣ, ਮਿੱਟੀ ਦੀ ਸਿਹਤ ਅਤੇ ਮਨੁੱਖੀ ਸਿਹਤ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਉਹਨਾਂ ਦੱਸਿਆ ਕਿ ਇੱਕ ਟਨ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ 5.5 ਕਿਲੋ ਨਾਈਟ੍ਰੋਜਨ, 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼ ਅਤੇ 1.2 ਕਿਲੋ ਸਲਫ਼ਰ ਤੱਤ ਦਾ ਨੁਕਸਾਨ ਹੁੰਦਾ ਹੈ। ਇਸ ਦੇ ਨਾਲ ਹੀ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੀਆਂ ਹਾਨੀਕਾਰਕ ਗੈਸਾਂ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਅਤੇ ਮਨੁੱਖਾਂ ਲਈ ਬਿਮਾਰੀਆਂ ਦਾ ਕਾਰਣ ਬਣਦੀਆਂ ਹਨ। ਉਹਨਾਂ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਨੂੰ ਖੇਤ ਵਿੱਚ ਹੀ ਸੰਭਾਲਣ ਦੀਆਂ ਤਕਨੀਕਾਂ ਅਪਣਾਉਣ ਦੀ ਪੁਰਜ਼ੋਰ ਅਪੀਲ ਕੀਤੀ। ਉਹਨਾਂ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਨਾਲ ਹੋਣ ਵਾਲੇ ਫ਼ਾਇਦਿਆਂ ਅਤੇ ਮਿੱਟੀ ਦੀ ਸਿਹਤ ਵਿੱਚ ਹੋਣ ਵਾਲੇ ਸੁਧਾਰ ਸੰਬੰਧੀ ਵੀ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹੁਣ ਨਾਲ ਮਿੱਟੀ ਵਿੱਚ ਜੈਵਿਕ ਕਾਰਬਨ ਦੀ ਮਾਤਰਾ ਵਧਦੀ ਹੈ । ਜਿਸ ਨਾਲ ਮਿੱਟੀ ਵਧੇਰੇ ਉਪਜਾਊ ਬਣਦੀ ਹੈ ਅਤੇ ਰਸਾਇਣਿਕ ਖਾਦਾਂ ਦਾ ਖਰਚਾ ਘਟਦਾ ਹੈ ਅਤੇ ਫ਼ਸਲ ਦੀ ਪੈਦਾਵਾਰ ਵਧਦੀ ਹੈ।ਇਸ ਤੋਂ ਇਲਾਵਾ ਉਹਨਾਂ ਕਣਕ ਦੀ ਵੱਧ ਝਾੜ ਦੇਣ ਵਾਲੀ ਨਵੀਂ ਕਿਸਮ ਪੀ ਬੀ ਡਬਲਯੂ 887 ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਇਹ ਕਿਸਮ ਪੱਕਣ ਲਈ 155 ਦਿਨ ਲੈਂਦੀ ਹੈ ਅਤੇ ਇਸ ਦਾ ਔਸਤ ਝਾੜ 24.60 ਕੁਇੰਟਲ ਪ੍ਰਤੀ ਏਕੜ ਹੈ। ਇਸ ਤੋਂ ਇਲਾਵਾ ਉਹਨਾਂ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਜਿਵੇਂ ਕਿ ਪੀ ਬੀ ਡਬਲਯੂ 872 ਅਤੇ ਪੀ ਬੀ ਡਬਲਯੂ 826 ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ ਵੱਲੋਂ ਕਣਕ ਦੀਆਂ ਵਿਸ਼ੇ਼ਸ਼ ਗੁਣਵੱਤਾ ਵਾਲੀਆਂ ਕਿਸਮਾਂ ਜਿਵੇਂ ਕਿ ਪੀ ਬੀ ਡਬਲਯੂ ਜ਼ਿੰਕ 2, ਪੀ ਬੀ ਡਬਲਯੂ 1 ਚਪਾਤੀ, ਪੀ ਬੀ ਡਬਲਯੂ ਆਰ ਐਸ 1 ਅਤੇ ਪੀ ਬੀ ਡਬਲਯੂ 1 ਬਿਸਕੁਟ ਆਦਿ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਹਨਾਂ ਕਿਸਾਨਾਂ ਨੂੰ ਹਾੜ੍ਹੀ ਰੁੱਤ ਦੀਆਂ ਦਾਲਾਂ ਅਤੇ ਤੇਲਬੀਜ ਫ਼ਸਲਾਂ ਬੀਜਣ ਲਈ ਵੀ ਪ੍ਰੇਰਿਤ ਕੀਤਾ।ਉਹਨਾਂ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਤੰਬਰ ਮਹੀਨੇ ਦੌਰਾਨ ਲੱਗਣ ਵਾਲੇ ਕਿਸਾਨ ਮੇਲਿਆਂ ਵਿੱਚ ਹੁੰਮ-ਹੁੰਮਾ ਕੇ ਭਾਗ ਲੈਣ ਦਾ ਸੱਦਾ ਵੀ ਦਿੱਤਾ। ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ) ਨੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਲਈ ਪੀ.ਏ.ਯੂ. ਵੱਲੋਂ ਵਿਕਸਤ ਕੀਤੀ ਗਈ ਖੇਤੀ ਮਸ਼ੀਨਰੀ ਜਿਵੇਂ ਕਿ ਸਮਾਰਟ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ, ਹੈਪੀ ਸੀਡਰ, ਪਲਟਾਊ ਹਲ, ਮਲਚਰ, ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਕਿਸਾਨਾਂ ਨੂੰ ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਣਾਉਣ ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ ਪਰਾਲੀ ਵਿੱਚ ਮੌਜੂਦ ਖੁਰਾਕੀ ਤੱਤਾਂ ਨੂੰ ਦੇਖਦਿਆਂ ਇਸ ਨੂੰ ਖੇਤ ਵਿੱਚ ਹੀ ਸਾਂਭਣ 'ਤੇ ਜ਼ੋਰ ਦਿੱਤਾ। ਡਾ. ਰੁਕਿੰਦਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਕਿਸਾਨਾਂ ਨੂੰ ਪਰਾਲੀ ਖੇਤ ਵਿੱਚ ਮਿਲਾ ਕੇ ਬੀਜੀ ਕਣਕ ਦੀ ਫ਼ਸਲ ਵਿੱਚ ਨਦੀਆਂ ਦੀ ਰੋਕਥਾਮ ਅਤੇ ਖੁਰਾਕੀ ਤੱਤਾਂ ਦੀ ਪੂਰਤੀ ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ ਕਣਕ ਵਿੱਚ ਗੁੱਲੀਡੰਡੇ ਦੀ ਅਸਰਦਾਰ ਰੋਕਥਾਮ ਲਈ ਕਣਕ ਦੇ ਉੱਗਣ ਤੋਂ ਪਹਿਲਾਂ ਵਰਤੀਆਂ ਜਾਣ ਵਾਲੀਆਂ ਨਦੀਨਨਾਸ਼ਕ ਦਵਾਈਆਂ ਵਰਤਣ ਲਈ ਉਤਸ਼ਾਹਿਤ ਕੀਤਾ। ਉਹਨਾਂ ਕਣਕ ਵਿੱਚ ਤਣੇ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਵੀ ਵਡਮੁੱਲੇ ਸੁਝਾਅ ਸਾਂਝੇ ਕੀਤੇ। ਇਸ ਕੈਂਪ ਦੇ ਅਖੀਰ ਵਿੱਚ ਕਿਸਾਨ ਵੀਰਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ ਉਹਨਾਂ ਨੂੰ ਯੂਨੀਵਰਸਿਟੀ ਵੱਲੋਂ ਤਿਆਰ ਸਰਦੀ ਰੁੱਤ ਦੀਆਂ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਅਤੇ ਖੇਤੀ ਸਾਹਿਤ ਮੁਹਈਆ ਕਰਵਾਇਆ ਗਿਆ। ਪਿੰਡ ਦੇ ਸਰਪੰਚ ਸ. ਕੁਲਦੀਪ ਸਿੰਘ ਅਤੇ ਸਹਿਕਾਰੀ ਸਭਾ ਦੇ ਪ੍ਰਧਾਨ ਸ. ਜਗਸੀਰ ਸਿੰਘ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਦੀ ਟੀਮ ਦਾ ਤਹਿ-ਦਿਲੋਂ ਧੰਨਵਾਦ ਕੀਤਾ ਗਿਆ। ਸ. ਪਰਗਟ ਸਿੰਘ ਅਤੇ ਉਸ ਦੇ ਸਾਥੀ ਕਿਸਾਨਾਂ ਨੇ ਕੈਂਪ ਨੂੰ ਸਫ਼ਲ ਬਣਾਉਣ ਲਈ ਸ਼ਲਾਘਾਯੋਗ ਯਤਨ ਕੀਤੇ।