Daily Suraj

ਪੰਜਾਬੀ

ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਫਿਲਹਾਲ ਟਲਿਆ; SSP ਦੇ ਤਬਾਦਲੇ ਤੱਕ ਪਿਤਾ ਨੇ ਕੀਤਾ ਭੁੱਖ ਹੜਤਾਲ ਦਾ ਐਲਾਨ

07 Nov, 2026 09:46 AM

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਨੂੰ ਸ਼ੁੱਕਰਵਾਰ ਨੂੰ ਪੋਸਟਮਾਰਟਮ ਲਈ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGI), ਚੰਡੀਗੜ੍ਹ ਲਿਆਂਦਾ ਗਿਆ। ਹਾਲਾਂਕਿ, ਲਾਸ਼ ਦਾ ਪੋਸਟਮਾਰਟਮ ਅਜੇ ਤੱਕ ਨਹੀਂ ਹੋ ਸਕਿਆ ਹੈ। ਪੀ.ਜੀ.ਆਈ. ਪ੍ਰਸ਼ਾਸਨ ਨੇ ਇਸ ਪ੍ਰਕਿਰਿਆ ਲਈ ਡਾਕਟਰਾਂ ਦੀ ਵਿਸ਼ੇਸ਼ ਟੀਮ ਦਾ ਗਠਨ ਕੀਤਾ ਸੀ, ਪਰ ਪ੍ਰਸ਼ਾਸਨ ਵੱਲੋਂ ਪੋਸਟਮਾਰਟਮ ਹੋਣ ਦੀ ਆਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਰਵਿੰਦਰ ਸਿੰਘ ਦੀ ਦੇਹ ਪਿਛਲੇ ਕਈ ਦਿਨਾਂ ਤੋਂ ਫਰੀਜ਼ਰ ਵਿੱਚ ਰੱਖੇ ਜਾਣ ਕਾਰਨ ਜ਼ਿਆਦਾ ਠੰਢੀ ਹੋ ਚੁੱਕੀ ਹੈ, ਜਿਸ ਕਰਕੇ ਸ਼ੁੱਕਰਵਾਰ ਨੂੰ ਪੋਸਟਮਾਰਟਮ ਸੰਭਵ ਨਹੀਂ ਹੋ ਸਕਿਆ। ਹੁਣ ਇਹ ਕਾਰਵਾਈ ਸ਼ਨੀਵਾਰ ਬਾਅਦ ਦੁਪਹਿਰ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦੂਜੇ ਪਾਸੇ, ਮ੍ਰਿਤਕ ਦੇ ਪਰਿਵਾਰ ਵੱਲੋਂ 7 ਨਵੰਬਰ ਨੂੰ ਹੀ ਪਿੰਡ ਵਿਖੇ ਅੰਤਿਮ ਸੰਸਕਾਰ ਕਰਨ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਇਸ ਦੌਰਾਨ ਪਰਵਿੰਦਰ ਸਿੰਘ ਦੇ ਪਿਤਾ ਭੀਮ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਵਿਰੁੱਧ ਤਿੱਖਾ ਰੋਸ ਪ੍ਰਗਟਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਹਾਲੇ ਤੱਕ ਮਾਨਸਾ ਦੇ ਐੱਸ.ਐੱਸ.ਪੀ. ਦਾ ਤਬਾਦਲਾ ਨਹੀਂ ਕੀਤਾ ਗਿਆ, ਜਿਸ ਕਾਰਨ ਸਮੁੱਚੀ ਐਕਸ਼ਨ ਕਮੇਟੀ ਵਿੱਚ ਗੰਭੀਰ ਨਰਾਜ਼ਗੀ ਹੈ। ਆਪਣੇ ਰੋਸ ਨੂੰ ਜ਼ਾਹਰ ਕਰਦਿਆਂ ਪਿਤਾ ਭੀਮ ਸਿੰਘ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਮਾਨਸਾ ਦੇ ਐੱਸ.ਐੱਸ.ਪੀ. ਦੀ ਬਦਲੀ ਨਹੀਂ ਕੀਤੀ ਜਾਂਦੀ, ਉਦੋਂ ਤੱਕ ਉਹ ਭੁੱਖ ਹੜਤਾਲ 'ਤੇ ਰਹਿਣਗੇ ਅਤੇ ਖਾਣਾ ਨਹੀਂ ਖਾਣਗੇ। ਇਸ ਦੇ ਨਾਲ ਹੀ ਪਰਿਵਾਰ ਨੇ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਸਰਕਾਰੀ ਨੌਕਰੀ ਦੀ ਪੇਸ਼ਕਸ਼ ਨੂੰ ਵੀ ਰੱਦ ਕਰ ਦਿੱਤਾ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਨਿਹੰਗ ਮੁਖੀ ਰਾਜਾ ਰਾਜ ਸਿੰਘ ਨੇ ਵੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਪਰਿਵਾਰ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣੇ ਅਤੇ ਯੋਗ ਕਾਰਵਾਈ ਕਰੇ।

Latest News