Daily Suraj

ਪੰਜਾਬੀ

ਲੋਕ ਸਭਾ ਵਿੱਚ ਪ੍ਰਿਯੰਕਾ ਗਾਂਧੀ ਦਾ ਕੇਂਦਰ ਸਰਕਾਰ 'ਤੇ ਹਮਲਾ, ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਕਾਰਵਾਈ ਨੂੰ ਲੈ ਕੇ ਚੁੱਕੇ ਸਵਾਲ

28 Jul, 2026 04:42 PM

ਸੀਨੀਅਰ ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਨੇ ਲੋਕ ਸਭਾ ਵਿੱਚ ਪੇਪਰ ਲੀਕ ਮਾਮਲੇ ਅਤੇ ਵਿਦਿਆਰਥੀਆਂ ਦੇ ਪ੍ਰਦਰਸ਼ਨਾਂ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੰਬੋਧਨ ਕਰਦਿਆਂ ਪੁੱਛਿਆ ਕਿ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਖ਼ਿਲਾਫ਼ ਅੱਥਰੂ ਗੈਸ, ਲਾਠੀਚਾਰਜ ਅਤੇ ਪੈਲੇਟ ਗੰਨ ਵਰਗੇ ਹਥਿਆਰਾਂ ਦੀ ਵਰਤੋਂ ਕਰਨ ਦੀ ਲੋੜ ਕਿਉਂ ਪਈ। ਪ੍ਰਿਯੰਕਾ ਗਾਂਧੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਹ ਵੀ ਜਾਣਨਾ ਚਾਹਿਆ ਕਿ ਵਿਦਿਆਰਥੀਆਂ 'ਤੇ ਪੈਲੇਟ ਗੰਨ ਦੀ ਵਰਤੋਂ ਦੀ ਇਜਾਜ਼ਤ ਕਿਸ ਵੱਲੋਂ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਸਨ ਅਤੇ ਉਨ੍ਹਾਂ ਨੇ ਪ੍ਰਦਰਸ਼ਨਾਂ ਰਾਹੀਂ ਆਪਣੀ ਆਵਾਜ਼ ਉਠਾਈ। ਉਨ੍ਹਾਂ ਦੀ ਮੰਗ ਸਿੱਖਿਆ ਮੰਤਰੀ ਦੇ ਅਸਤੀਫ਼ੇ ਅਤੇ ਉਨ੍ਹਾਂ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਸੀ, ਜਿਨ੍ਹਾਂ ਕਾਰਨ ਉਨ੍ਹਾਂ ਦਾ ਭਵਿੱਖ ਖ਼ਤਰੇ ਵਿੱਚ ਪਿਆ। ਲੋਕ ਸਭਾ ਵਿੱਚ ਆਪਣੇ ਸੰਬੋਧਨ ਦੌਰਾਨ ਪ੍ਰਿਯੰਕਾ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਨਜ਼ ਕਰਦਿਆਂ ਕਿਹਾ ਕਿ ਜੇਕਰ ਉਹ ਨੌਜਵਾਨ ਪੀੜ੍ਹੀ (Generation Z) ਦਾ ਭਰੋਸਾ ਜਿੱਤਣਾ ਚਾਹੁੰਦੇ ਹਨ ਤਾਂ ਵੱਖ-ਵੱਖ ਕੈਮਰਾ ਐਂਗਲਾਂ ਤੋਂ ਵੀਡੀਓ ਬਣਾਉਣ ਨਾਲ ਕੋਈ ਫ਼ਰਕ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਕੈਮਰੇ ਦਾ ਨਹੀਂ, ਸਗੋਂ ਆਪਣੇ ਦਿਲ ਦਾ ਐਂਗਲ ਬਦਲਣ ਦੀ ਲੋੜ ਹੈ। ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ 'ਤੇ ਨਿਸ਼ਾਨਾ ਸਾਧਦਿਆਂ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਪਿਛਲੇ ਦਸ ਸਾਲਾਂ ਦੌਰਾਨ ਦੇਸ਼ ਵਿੱਚ 152 ਪੇਪਰ ਲੀਕ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ, ਪਰ ਕਿਸੇ ਵੀ ਪੇਪਰ ਲੀਕ ਮਾਫੀਆ ਨੂੰ ਸਜ਼ਾ ਨਹੀਂ ਮਿਲੀ। ਉਨ੍ਹਾਂ ਦਾਅਵਾ ਕੀਤਾ ਕਿ ਸਾਲ 2024 ਵਿੱਚ ਐਂਟੀ-ਪੇਪਰ ਲੀਕ ਬਿੱਲ ਪਾਸ ਹੋਣ ਤੋਂ ਬਾਅਦ ਵੀ ਹੁਣ ਤੱਕ ਇੱਕ ਵੀ ਦੋਸ਼ੀ ਨੂੰ ਸਜ਼ਾ ਨਹੀਂ ਹੋਈ ਹੈ। ਉਨ੍ਹਾਂ ਨੇ ਫਾਸਟ-ਟਰੈਕ ਅਦਾਲਤਾਂ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਉਠਾਏ। ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਇਨ੍ਹਾਂ ਅਦਾਲਤਾਂ ਦਾ ਰਿਕਾਰਡ ਸੰਤੋਸ਼ਜਨਕ ਨਹੀਂ ਰਿਹਾ ਅਤੇ ਇਸ ਮਾਮਲੇ ਵਿੱਚ ਪਹਿਲੀ ਸੁਣਵਾਈ ਦੌਰਾਨ ਸੀਬੀਆਈ ਦਾ ਵਕੀਲ ਵੀ ਅਦਾਲਤ ਵਿੱਚ ਪੇਸ਼ ਨਹੀਂ ਹੋਇਆ। ਉਨ੍ਹਾਂ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਪੂਰੀ ਤਰ੍ਹਾਂ ਪਤਾ ਹੈ ਕਿ ਕੌਣ ਸੱਚ ਬੋਲ ਰਿਹਾ ਹੈ ਅਤੇ ਕੌਣ ਉਨ੍ਹਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

Posted By: Daily Suraj Bureau

Latest News