ਰਾਸ਼ਟਰਪਤੀ ਕੋਲ ਪਹੁੰਚੇ ਬਾਗ਼ੀ ਸੰਸਦ ਮੈਂਬਰ, ਪੰਜਾਬ ਸਰਕਾਰ ‘ਤੇ ਬਦਲਾਖੋਰੀ ਦੇ ਦੋਸ਼

ਰਾਸ਼ਟਰਪਤੀ ਕੋਲ ਪਹੁੰਚੇ ਬਾਗ਼ੀ ਸੰਸਦ ਮੈਂਬਰ, ਪੰਜਾਬ ਸਰਕਾਰ ‘ਤੇ ਬਦਲਾਖੋਰੀ ਦੇ ਦੋਸ਼

ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ ਰਾਜ ਸਭਾ ਮੈਂਬਰਾਂ ਦੇ ਇਕ ਵਫ਼ਦ ਨੇ ਅੱਜ ਦਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਵਿੱਚ ਰਾਘਵ ਚੱਢਾ, ਸੰਦੀਪ ਪਾਠਕ, ਰਾਜਿੰਦਰ ਗੁਪਤਾ ਅਤੇ ਅਸ਼ੋਕ ਮਿੱਤਲ ਸ਼ਾਮਿਲ ਸਨ। ਮੁਲਾਕਾਤ ਦੌਰਾਨ ਮੈਂਬਰਾਂ ਨੇ ਰਾਸ਼ਟਰਪਤੀ ਨੂੰ ਜਾਣੂ ਕਰਵਾਇਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਦਾ ਨਿਸ਼ਾਨਾ ਬਣਾਉਣ ਲਈ ਸਰਕਾਰੀ ਤੰਤਰ ਦੀ ਨਾਜਾਇਜ਼ ਵਰਤੋਂ ਕਰ ਰਹੀ ਹੈ। ਮੁਲਾਕਾਤ ਤੋਂ ਬਾਅਦ ਰਾਘਵ ਚੱਢਾ ਨੇ ਸੋਸ਼ਲ ਮੀਡੀਆ ਰਾਹੀਂ ਆਪਣੀ ਪ੍ਰਤੀਕਿਰਿਆ ਦਿੰਦਿਆਂ ‘ਆਪ’ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਇੱਕ ਸਿਆਸੀ ਪਾਰਟੀ ਵਾਂਗ ਨਹੀਂ, ਸਗੋਂ ਇੱਕ ‘ਧੋਖਾ ਖਾਧੇ ਪ੍ਰੇਮੀ’ ਵਾਂਗ ਵਿਵਹਾਰ ਕਰ ਰਹੀ ਹੈ। ਉਨ੍ਹਾਂ ਦੇ ਮੁਤਾਬਕ ਪਾਰਟੀ ਬਦਲਾਖੋਰੀ ਦੀ ਭਾਵਨਾ ਨਾਲ ਭਰੀ ਹੋਈ ਹੈ ਅਤੇ ਹਕੀਕਤ ਨੂੰ ਸਵੀਕਾਰ ਕਰਨ ਲਈ ਤਿਆਰ ਨਹੀਂ। ਚੱਢਾ ਨੇ ਕਿਹਾ ਕਿ ਜਿਹੜੀ ਪਾਰਟੀ ਪਹਿਲਾਂ ਖ਼ੁਦ ਸਿਆਸੀ ਬਦਲਾਖੋਰੀ ਦੇ ਦੋਸ਼ ਲਗਾਉਂਦੀ ਸੀ, ਉਹੀ ਹੁਣ ਇਸਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦੋ-ਤਿਹਾਈ ਬਹੁਮਤ ਨਾਲ ਭਾਜਪਾ ਵਿੱਚ ਸ਼ਾਮਿਲ ਹੋਣ ਦੇ ਸੰਵਿਧਾਨਕ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਸੰਵਿਧਾਨਕ ਅਧਿਕਾਰਾਂ ਅਤੇ ਲੋਕਤੰਤਰਕ ਮਰਿਆਦਾਵਾਂ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਹ ਮੁਲਾਕਾਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਾਸ਼ਟਰਪਤੀ ਨਾਲ ਨਿਧਾਰਤ ਮੀਟਿੰਗ ਤੋਂ ਕੁਝ ਘੰਟੇ ਪਹਿਲਾਂ ਹੋਈ ਹੈ, ਜਿਸ ਕਾਰਨ ਇਸ ਮਾਮਲੇ ਨੂੰ ਹੋਰ ਵੀ ਅਹਿਮ ਮੰਨਿਆ ਜਾ ਰਿਹਾ ਹੈ।