ਹਫ਼ਤੇ ਬਾਅਦ ਆੜ੍ਹਤੀਆਂ ਨੇ ਖਤਮ ਕੀਤੀ ਹੜਤਾਲ, ਕਣਕ ਖਰੀਦ ਨੂੰ ਮਿਲੇਗੀ ਰਫ਼ਤਾਰ
- ਪੰਜਾਬ
- (Asia/Kolkata)
ਪੰਜਾਬ ਵਿੱਚ ਆੜ੍ਹਤੀਆਂ ਵੱਲੋਂ ਚੱਲ ਰਹੀ ਹੜਤਾਲ ਨੂੰ ਲਗਭਗ ਇੱਕ ਹਫ਼ਤੇ ਬਾਅਦ ਖਤਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਬੁੱਧਵਾਰ ਤੋਂ ਆੜ੍ਹਤੀਏ ਖ਼ਰੀਦ ਕੇਂਦਰਾਂ ’ਤੇ ਆਪਣੇ ਕੰਮ ’ਤੇ ਵਾਪਸ ਪਰਤਣਗੇ। ਹਾਲਾਂਕਿ ਹੜਤਾਲ ਖਤਮ ਕਰਨ ਬਾਰੇ ਅਜੇ ਤੱਕ ਕੋਈ ਰਸਮੀ ਐਲਾਨ ਨਹੀਂ ਕੀਤਾ ਗਿਆ। ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਆੜ੍ਹਤੀਆਂ ਦੀ ਮੀਟਿੰਗ ਵਿੱਚ ਹੜਤਾਲ ਖਤਮ ਕਰਨ ਦਾ ਰਸਮੀ ਫ਼ੈਸਲਾ ਲਿਆ ਜਾਵੇਗਾ। ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ 1 ਅਪ੍ਰੈਲ 2026 ਤੋਂ ਸ਼ੁਰੂ ਹੋ ਚੁੱਕੀ ਹੈ। ਹੁਣ ਆੜ੍ਹਤੀਆਂ ਵੱਲੋਂ ਹੜਤਾਲ ਖਤਮ ਕਰਨ ਦੇ ਫੈਸਲੇ ਨਾਲ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਦੇ ਮੁੜ ਸੁਚਾਰੂ ਢੰਗ ਨਾਲ ਚੱਲਣ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਬੇ-ਮੌਸਮੀ ਮੀਂਹ ਅਤੇ ਗੜੇਮਾਰੀ ਕਾਰਨ ਹੋਏ ਫ਼ਸਲੀ ਨੁਕਸਾਨ ਦੇ ਮੱਦੇਨਜ਼ਰ ਆੜ੍ਹਤੀਆਂ ਨੇ ਇਹ ਫ਼ੈਸਲਾ ਲਿਆ ਹੈ। ਪੰਜਾਬ ਦੇ ਮਾਲਵਾ ਅਤੇ ਮਾਝਾ ਖੇਤਰਾਂ ਦੇ ਕੁਝ ਜ਼ਿਲ੍ਹਿਆਂ ਵਿੱਚ ਪੱਕੀ ਹੋਈ ਕਣਕ ਦੀ ਫ਼ਸਲ ਪ੍ਰਭਾਵਿਤ ਹੋਈ ਹੈ। ਸਰਕਾਰੀ ਰਿਪੋਰਟ ਮੁਤਾਬਕ ਲਗਭਗ ਸਵਾ ਲੱਖ ਏਕੜ ਵਿੱਚ ਫ਼ਸਲ ਨੁਕਸਾਨੀ ਗਈ ਹੈ। ਇਸ ਤੋਂ ਪਹਿਲਾਂ ਆੜ੍ਹਤੀਆਂ ਵੱਲੋਂ ਢਾਈ ਫੀਸਦੀ ਆੜ੍ਹਤ ਦੀ ਮੰਗ ਨੂੰ ਲੈ ਕੇ ਹੜਤਾਲ ਕੀਤੀ ਗਈ ਸੀ ਅਤੇ ਕਣਕ ਦੀ ਖਰੀਦ ਦਾ ਬਾਈਕਾਟ ਕੀਤਾ ਗਿਆ ਸੀ। ਇਸੇ ਦਰਮਿਆਨ ਆੜ੍ਹਤੀ ਐਸੋਸੀਏਸ਼ਨ ਦੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਅੱਜ ਸਵੇਰੇ 11 ਵਜੇ ਕਿਸਾਨ ਭਵਨ, ਚੰਡੀਗੜ੍ਹ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਵੀ ਹੋਣੀ ਹੈ, ਜਿਸ ਵਿੱਚ ਮੁੱਖ ਮੁੱਦਿਆਂ ਅਤੇ ਮੰਗਾਂ ’ਤੇ ਚਰਚਾ ਕੀਤੀ ਜਾਵੇਗੀ। ਉਧਰ ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਕਿਹਾ ਜਾ ਰਿਹਾ ਹੈ ਕਿ ਆੜ੍ਹਤ ਨਾਲ ਜੁੜਿਆ ਮੁੱਦਾ ਕੇਂਦਰ ਸਰਕਾਰ ਦੇ ਅਧੀਨ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸੰਬੰਧੀ 11 ਅਪ੍ਰੈਲ ਨੂੰ ਕੇਂਦਰ ਸਰਕਾਰ ਅੱਗੇ ਮੰਗਾਂ ਉਠਾਉਣ ਦੀ ਗੱਲ ਕਹੀ ਹੈ।
Leave a Reply