Daily Suraj

ਪੰਜਾਬੀ

ਸੰਗਰੂਰ ’ਚ ਭਿਆਨਕ ਸੜਕ ਹਾਦਸਾ: ਪੀਆਰਟੀਸੀ ਬੱਸ ਪੁਲ ਨਾਲ ਟਕਰਾ ਕੇ ਪਲਟੀ, 3 ਸਵਾਰੀਆਂ ਦੀ ਮੌਤ, 26 ਜ਼ਖ਼ਮੀ

11 Nov, 2026 09:32 AM

ਸੰਗਰੂਰ ਵਿੱਚ ਅੱਜ ਤੜਕੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਪੀਆਰਟੀਸੀ ਦੀ ਬੱਸ ਪੁਲ ਦੀ ਕੰਧ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ। ਇਸ ਹਾਦਸੇ ਵਿੱਚ ਦੋ ਔਰਤਾਂ ਸਣੇ ਤਿੰਨ ਸਵਾਰੀਆਂ ਦੀ ਮੌਤ ਹੋ ਗਈ, ਜਦਕਿ 26 ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ 10 ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਪਟਿਆਲਾ ਰੈਫਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੀਆਰਟੀਸੀ ਦੀ ਇਹ ਬੱਸ ਧੂਰੀ ਤੋਂ ਚੰਡੀਗੜ੍ਹ ਜਾ ਰਹੀ ਸੀ। ਬੱਸ ਅੱਜ ਸਵੇਰੇ ਕਰੀਬ ਪੌਣੇ ਪੰਜ ਵਜੇ ਧੂਰੀ ਤੋਂ ਰਵਾਨਾ ਹੋਈ ਅਤੇ ਸੰਗਰੂਰ ਬੱਸ ਅੱਡੇ ਤੋਂ ਹੁੰਦੀ ਹੋਈ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਸਥਿਤ ਪਟਿਆਲਾ ਬਾਈਪਾਸ ਦੇ ਓਵਰਬ੍ਰਿਜ ਨੇੜੇ ਪਹੁੰਚੀ। ਇਸ ਦੌਰਾਨ ਬੱਸ ਬੇਕਾਬੂ ਹੋ ਗਈ ਅਤੇ ਪੁਲ ਦੀ ਕੰਧ ਨਾਲ ਟਕਰਾਉਣ ਮਗਰੋਂ ਪਲਟ ਗਈ। ਸੂਚਨਾ ਮਿਲਣ ’ਤੇ ਜ਼ਖ਼ਮੀਆਂ ਨੂੰ ਤੁਰੰਤ ਸੰਗਰੂਰ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਇੱਥੇ 26 ਜ਼ਖ਼ਮੀਆਂ ਨੂੰ ਇਲਾਜ ਲਈ ਦਾਖ਼ਲ ਕਰਵਾਇਆ ਗਿਆ, ਜਿਨ੍ਹਾਂ ਵਿੱਚੋਂ 10 ਨੂੰ ਬਿਹਤਰ ਇਲਾਜ ਲਈ ਪਟਿਆਲਾ ਭੇਜ ਦਿੱਤਾ ਗਿਆ ਹੈ। ਬਾਕੀ 16 ਜ਼ਖ਼ਮੀਆਂ ਦਾ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਜਾਰੀ ਹੈ। ਸਿਵਲ ਹਸਪਤਾਲ ਵਿੱਚ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਦਲਵੀਰ ਸਿੰਘ ਨੇ ਦੱਸਿਆ ਕਿ ਹਾਦਸੇ ਵਿੱਚ ਰਾਜਵਿੰਦਰ ਕੌਰ ਵਾਸੀ ਪਿੰਡ ਫਤਹਿਗੜ੍ਹ ਛੰਨਾਂ, ਨਰਿੰਦਰ ਕੌਰ ਵਾਸੀ ਧੂਰੀ ਅਤੇ ਮਨਜੀਤ ਸਿੰਘ ਵਾਸੀ ਪਿੰਡ ਥਲੇਸਾਂ ਦੀ ਮੌਤ ਹੋ ਗਈ ਹੈ। ਡੀਐੱਸਪੀ ਅਨੁਸਾਰ ਮੁੱਢਲੀ ਜਾਣਕਾਰੀ ਮੁਤਾਬਕ ਬੱਸ ਧੂਰੀ ਤੋਂ ਹੀ ਦੇਰੀ ਨਾਲ ਚੱਲ ਰਹੀ ਸੀ, ਜਿਸ ਕਾਰਨ ਡਰਾਈਵਰ ਕਾਹਲੀ ਵਿੱਚ ਬੱਸ ਚਲਾ ਰਿਹਾ ਸੀ। ਪੁਲੀਸ ਅਧਿਕਾਰੀ ਨੇ ਡਰਾਈਵਰ ਵੱਲੋਂ ਲਾਪਰਵਾਹੀ ਨਾਲ ਬੱਸ ਚਲਾਉਣ ਦੀ ਗੱਲ ਵੀ ਕਹੀ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Latest News