ਦਿਹਾਤੀ ਮਜ਼ਦੂਰ ਸਭਾ ਨੇ ਮੋਟਰਸਾਈਕਲ ਮਾਰਚ ਕਰ ਕੇ ਕੀਤਾ ਰੋਸ ਪ੍ਰਦਰਸ਼ਨ

ਦਿਹਾਤੀ ਮਜ਼ਦੂਰ ਸਭਾ ਨੇ ਮੋਟਰਸਾਈਕਲ ਮਾਰਚ ਕਰ ਕੇ ਕੀਤਾ ਰੋਸ ਪ੍ਰਦਰਸ਼ਨ

ਸ੍ਰੀ ਗੋਇੰਦਵਾਲ ਸਾਹਿਬ : ਦਿਹਾਤੀ ਮਜ਼ਦੂਰ ਸਭਾ ਵੱਲੋਂ ਤਹਿਸੀਲ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ’ਚ ਮੋਟਰਸਾਈਕਲ ਮਾਰਚ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮਾਰਚ ਦੀ ਅਗਵਾਈ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਵੈਰੋਂਵਾਲ ਤਹਿਸੀਲ ਪ੍ਰਧਾਨ ਸੁਖਵਿੰਦਰ ਸਿੰਘ ਕੋਟ ਨੇ ਕੀਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਡਾ. ਭੀਮ ਰਾਓ ਅੰਬੇਡਕਰ ਸਾਹਿਬ ਖ਼ਿਲਾਫ਼ ਅਪਸ਼ਬਦ ਬੋਲਣ ਅਤੇ ਘੱਟ ਗਿਣਤੀਆਂ ਖਿਲਾਫ ਹਮਲੇ ਕਰਨ ਵਿਰੁੱਧ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਘੋਰ ਨਿੰਦਾ ਕੀਤੀ ਅਤੇ ਬਰਖਾਸਤ ਕਰਨ ਦੀ ਮੰਗ ਕੀਤੀ। ਨੌਜਵਾਨ ਆਗੂ ਸੁਲੱਖਣ ਸਿੰਘ ਤੁੜ ਅਤੇ ਜਸਬੀਰ ਸਿੰਘ ਵੈਰੋਂਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਘੱਟ ਗਿਣਤੀਆਂ ’ਤੇ ਹਮਲੇ ਕਰ ਰਹੀ ਹੈ। ਸੰਵਿਧਾਨ ਨੂੰ ਤੋੜਨ ਲਈ ਮਨਸੂਬੇ ਘੜੇ ਜਾ ਰਹੇ ਹਨ। ਦਲਿਤ ਸਮਾਜ ਦੇ ਰਹਿਬਰਾਂ ਖਿਲਾਫ ਅਪਸ਼ਬਦ ਬੋਲੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਹੁ ਧਰਮੀ ਦੇਸ਼ ਦੇ ਲੋਕਾਂ ਨੂੰ ਧਰਮਾਂ ਜਾਤਾਂ ਦੇ ਨਾ ’ਤੇ ਲੜਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਦੀਆਂ ਨੀਤੀਆਂ ਵਿਚ ਕੋਈ ਅੰਤਰ ਨਹੀਂ। ਇਨ੍ਹਾਂ ਦੋਹਾਂ ਦੀਆਂ ਨੀਤੀਆਂ ਲੋਕ ਵਿਰੋਧੀ ਸਾਬਤ ਹੋਈਆਂ ਹਨ। ਇਨ੍ਹਾਂ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਵੀ ਨਵਉਦਾਰਵਾਦੀ ਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕਰ ਰਹੀ ਹੈ। ਜਿਨ੍ਹਾਂ ਨੀਤੀਆਂ ਕਾਰਨ ਰੁਜ਼ਗਾਰ ਦੇ ਵਸੀਲੇ ਖ਼ਤਮ ਹੋ ਰਹੇ ਹਨ। ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਮਨਰੇਗਾ ਸਕੀਮ ਦਾ ਲਾਭ ਆਪਣੇ ਚਹੇਤਿਆਂ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਮਨਰੇਗਾ ਸਕੀਮ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕੀਤਾ ਜਾਵੇ, ਕੰਮ ਮੰਗਦੇ ਸਾਰੇ ਵਰਕਰਾਂ ਨੂੰ ਕੰਮ ਦਿੱਤਾ ਜਾਵੇ ਅਤੇ ਦਿਹਾੜੀ 700 ਰੁਪਏ ਦਿੱਤੀ ਜਾਵੇ। ਇਸ ਮੌਕੇ ਨਛੱਤਰ ਸਿੰਘ ਤੁੜ ਹਰਬੰਸ ਸਿੰਘ ਸੰਘਰ, ਬਾਬਾ ਦਿਆਲ ਸਿੰਘ ਦੀਨੇਵਾਲ, ਸਰਬਜੀਤ ਸਿੰਘ ਜੌਹਲ ਆਦਿ ਆਗੂਆਂ ਨੇ ਸੰਬੋਧਨ ਕੀਤਾ।