Daily Suraj

ਪੰਜਾਬੀ

‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦਾ 68ਵਾਂ ਦਿਨ, ਪੰਜਾਬ ਪੁਲਿਸ ਦੀ ਤਾਬੜਤੋੜ ਕਾਰਵਾਈ

30 Mar, 2026 08:35 AM

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 68ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਵੱਡੀ ਕਾਰਵਾਈ ਕਰਦਿਆਂ ਗੈਂਗਸਟਰਾਂ ਦੇ ਸਾਥੀਆਂ ਨਾਲ ਸੰਬੰਧਿਤ 508 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਹ ਮੁਹਿੰਮ 20 ਜਨਵਰੀ 2026 ਨੂੰ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ, ਜਿਸਦਾ ਮਕਸਦ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣਾ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਪੁਲਿਸ ਟੀਮਾਂ ਵੱਲੋਂ ਵਿਸ਼ੇਸ਼ ਆਪਰੇਸ਼ਨ ਚਲਾਏ ਜਾ ਰਹੇ ਹਨ। ਕਾਰਵਾਈ ਦੌਰਾਨ 188 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 17,674 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ 95 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 99 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ। ਪੁਲਿਸ ਟੀਮਾਂ ਨੇ ਇਸ ਦੌਰਾਨ ਤਿੰਨ ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ‘ਤੇ ਗੁਪਤ ਤੌਰ ‘ਤੇ ਜਾਣਕਾਰੀ ਸਾਂਝੀ ਕਰਕੇ ਅਪਰਾਧ ਖ਼ਿਲਾਫ਼ ਮੁਹਿੰਮ ਵਿੱਚ ਸਹਿਯੋਗ ਦੇਣ। ਇਸਦੇ ਨਾਲ ਹੀ, “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ 393ਵੇਂ ਦਿਨ ਵੀ ਕਾਰਵਾਈ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ 112 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੇ ਕਬਜ਼ੇ ਵਿੱਚੋਂ 463 ਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 471 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 62,400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਪੁਲਿਸ ਅਨੁਸਾਰ, ਪਿਛਲੇ 393 ਦਿਨਾਂ ਦੌਰਾਨ ਕੁੱਲ 56,071 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਇਸਦੇ ਨਾਲ ਹੀ ਨਸ਼ਾ ਛੁਡਾਊ ਮੁਹਿੰਮ ਤਹਿਤ ਅੱਜ 26 ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬੇ ਲਈ ਤਿਆਰ ਕੀਤਾ ਗਿਆ ਹੈ।

Posted By: Daily Suraj Bureau

Latest News