Daily Suraj

ਪੰਜਾਬੀ

ਲੋਕ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ, NEET-UG ਮਾਮਲੇ ‘ਤੇ ਵਿਰੋਧੀ ਧਿਰ ਦਾ ਹੰਗਾਮਾ ਜਾਰੀ

24 Jul, 2026 02:38 PM

ਸੰਸਦ ਦੇ ਮਾਨਸੂਨ ਸੈਸ਼ਨ ਦੇ ਪੰਜਵੇਂ ਦਿਨ ਲੋਕ ਸਭਾ ਦੀ ਕਾਰਵਾਈ ਦੌਰਾਨ NEET-UG ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਨੇ ਜ਼ੋਰਦਾਰ ਹੰਗਾਮਾ ਕੀਤਾ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸਪੀਕਰ ਵੱਲੋਂ ਵਾਰ-ਵਾਰ ਸਦਨ ਵਿੱਚ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ, ਪਰ ਵਿਰੋਧੀ ਮੈਂਬਰਾਂ ਨੇ ਆਪਣਾ ਵਿਰੋਧ ਜਾਰੀ ਰੱਖਿਆ। ਪ੍ਰਸ਼ਨ ਕਾਲ ਸ਼ੁਰੂ ਹੋਣ ਤੋਂ ਬਾਅਦ ਵੀ ਵਿਰੋਧੀ ਧਿਰ ਦੇ ਸੰਸਦ ਮੈਂਬਰ ਬੈਨਰਾਂ ਅਤੇ ਪੋਸਟਰਾਂ ਨਾਲ ਸਦਨ ਦੇ ਵਿਚਕਾਰ ਪਹੁੰਚ ਗਏ ਅਤੇ ਨਾਅਰੇਬਾਜ਼ੀ ਕਰਨ ਲੱਗੇ। ਲਗਾਤਾਰ ਜਾਰੀ ਹੰਗਾਮੇ ਦੇ ਮੱਦੇਨਜ਼ਰ ਲੋਕ ਸਭਾ ਦੀ ਕਾਰਵਾਈ 27 ਜੁਲਾਈ, ਸੋਮਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਹੁਣ ਸਦਨ ਦੀ ਅਗਲੀ ਬੈਠਕ ਸੋਮਵਾਰ ਸਵੇਰੇ 11 ਵਜੇ ਹੋਵੇਗੀ। ਉੱਧਰ, ਰਾਜ ਸਭਾ ਦੀ ਕਾਰਵਾਈ ਵੀ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਦੋਵਾਂ ਸਦਨਾਂ ਵਿੱਚ ਵਿਰੋਧੀ ਧਿਰ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ‘ਤੇ ਅੜੀ ਰਹੀ। ਵਿਰੋਧੀ ਧਿਰ ਦਾ ਕਹਿਣਾ ਹੈ ਕਿ ਇਹ ਮਾਮਲਾ ਦੇਸ਼ ਦੇ 24 ਲੱਖ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ। ਵਿਰੋਧੀ ਪੱਖ ਨੇ ਮੰਗ ਕੀਤੀ ਹੈ ਕਿ ਸਰਕਾਰ ਤੁਰੰਤ ਸਿੱਖਿਆ ਮੰਤਰੀ ਦਾ ਅਸਤੀਫ਼ਾ ਲਵੇ, ਵਿਦਿਆਰਥੀਆਂ ‘ਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਦੇਸ਼ ਦੇ ਨੌਜਵਾਨਾਂ ਤੋਂ ਇਸ ਮਾਮਲੇ ‘ਤੇ ਮੁਆਫ਼ੀ ਮੰਗਣ। ਵਿਰੋਧੀ ਧਿਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਸਿੱਖਿਆ ਮੰਤਰੀ ਦੇ ਅਸਤੀਫ਼ੇ ਤੱਕ ਉਹ ਇਸ ਮੁੱਦੇ ‘ਤੇ ਆਪਣਾ ਵਿਰੋਧ ਜਾਰੀ ਰੱਖਣਗੇ। ਇਸ ਦੌਰਾਨ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ ‘ਤੇ ਸਿੱਧੇ ਸੰਸਦ ਵਿੱਚ ਬਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਧੀ ਰਾਤ ਨੂੰ ਵੀਡੀਓ ਜਾਂ ਬਿਆਨ ਜਾਰੀ ਕਰਨ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਸਦਨ ਵਿੱਚ ਆਪਣਾ ਪੱਖ ਰੱਖਣਾ ਚਾਹੀਦਾ ਸੀ।

Posted By: Daily Suraj Bureau

Latest News