ਝੱਜਰ ਸੜਕ ਹਾਦਸੇ ਨੇ ਉਜਾੜੇ ਦੋ ਪਰਿਵਾਰ, ਏਅਰਫੋਰਸ ਲਈ ਚੁਣਿਆ ਨੌਜਵਾਨ ਗੰਭੀਰ ਜ਼ਖ਼ਮੀ
- ਪੰਜਾਬ
- (Asia/Kolkata)
ਹਰਿਆਣਾ ਦੇ ਝੱਜਰ ਜ਼ਿਲ੍ਹੇ ਵਿੱਚ ਪਿਕਅੱਪ ਅਤੇ ਕਾਰ ਦਰਮਿਆਨ ਹੋਈ ਭਿਆਨਕ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇੱਕ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹਾਦਸਾ ਇੰਨਾ ਭਿਆਨਕ ਸੀ ਕਿ ਜਿਸ ਕਾਰ ਵਿੱਚ ਨੌਜਵਾਨ ਸਵਾਰ ਸਨ, ਉਸ ਦੇ ਪਰਖੱਚੇ ਉੱਡ ਗਏ। ਹਾਦਸੇ ਤੋਂ ਬਾਅਦ ਰਾਹਤ ਟੀਮਾਂ ਨੂੰ ਕਾਰ ਦੀਆਂ ਖਿੜਕੀਆਂ ਕੱਟ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਣਾ ਪਿਆ। ਹਾਦਸੇ ਦਾ ਸ਼ਿਕਾਰ ਹੋਏ ਤਿੰਨੋਂ ਨੌਜਵਾਨ ਝੱਜਰ ਦੇ ਭਦਾਨੀ ਪਿੰਡ ਦੇ ਰਹਿਣ ਵਾਲੇ ਦੱਸੇ ਗਏ ਹਨ। ਮ੍ਰਿਤਕਾਂ ਦੀ ਪਛਾਣ ਮੁਕੁਲ ਅਤੇ ਨਿਸ਼ਾਂਤ ਵਜੋਂ ਹੋਈ ਹੈ। ਜਦਕਿ ਜ਼ਖ਼ਮੀ ਦੀਪਕ ਦੀ ਕੁਝ ਦਿਨ ਪਹਿਲਾਂ ਹੀ ਭਾਰਤੀ ਏਅਰਫੋਰਸ ਵਿੱਚ ਚੋਣ ਹੋਈ ਸੀ ਅਤੇ ਆਉਣ ਵਾਲੇ ਦਿਨਾਂ ਵਿੱਚ ਉਸ ਦੀ ਜੁਆਇਨਿੰਗ ਹੋਣੀ ਸੀ। ਦੂਜੇ ਪਾਸੇ ਨਿਸ਼ਾਂਤ ਵੀ ਏਅਰਫੋਰਸ ਦੀ ਪ੍ਰੀਖਿਆ ਦੀ ਤਿਆਰੀ ਲਈ ਕੋਚਿੰਗ ਕਰ ਰਿਹਾ ਸੀ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਝੱਜਰ ਤੋਂ ਕਾਂਗਰਸ ਵਿਧਾਇਕਾ ਅਤੇ ਸਾਬਕਾ ਸਿੱਖਿਆ ਮੰਤਰੀ ਗੀਤਾ ਭੁੱਕਲ ਸਿਵਲ ਹਸਪਤਾਲ ਪਹੁੰਚੇ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਗੀਤਾ ਭੁੱਕਲ ਨੇ ਜ਼ਖ਼ਮੀ ਨੌਜਵਾਨ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦਿਆਂ ਪ੍ਰਸ਼ਾਸਨ ਤੋਂ ਹਾਦਸੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।
Leave a Reply