ਸਾਹ ਸੰਬੰਧੀ ਬੀਮਾਰੀਆਂ ਦੇ ਇਲਾਜ ਲਈ 3,019 ਮਰੀਜ਼ਾਂ ਨੇ ਉਠਾਇਆ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਫਾਇਦਾ
ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਹਜ਼ਾਰਾਂ ਮਰੀਜ਼ਾਂ ਲਈ ਰਾਹਤ ਦਾ ਕਾਰਨ ਬਣ ਰਹੀ ਹੈ। ਇਸ ਯੋਜਨਾ ਤਹਿਤ ਹੁਣ ਤੱਕ ਨਿਮੋਨੀਆ, ਦਮਾ (ਅਸਥਮਾ), ਕ੍ਰੋਨਿਕ ਅਬਸਟਰਕਟਿਵ ਪਲਮੋਨਰੀ ਡਿਜ਼ੀਜ਼ (ਸੀਓਪੀਡੀ) ਅਤੇ ਸਾਹ ਲੈਣ ਵਿੱਚ ਦਿੱਕਤ ਵਰਗੀਆਂ ਬੀਮਾਰੀਆਂ ਦੇ ਇਲਾਜ ਲਈ ਲਗਭਗ 86 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ, ਜਿਸ ਨਾਲ 3,000 ਤੋਂ ਵੱਧ ਮਰੀਜ਼ਾਂ ਨੂੰ ਲਾਭ ਪ੍ਰਾਪਤ ਹੋਇਆ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਜਨਾ ਤਹਿਤ ਹੁਣ ਤੱਕ ਸਾਹ ਸਬੰਧੀ ਰੋਗਾਂ ਨਾਲ ਜੁੜੇ 3,019 ਇਲਾਜ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਯੋਜਨਾ ਸ਼ੁਰੂ ਹੋਣ ਤੋਂ ਬਾਅਦ ਪਿਛਲੇ ਪੰਜ ਮਹੀਨਿਆਂ ਦੌਰਾਨ ਲਗਭਗ 46 ਲੱਖ ਲੋਕ ਸਿਹਤ ਬੀਮਾ ਪ੍ਰੋਗਰਾਮ ਅਧੀਨ ਰਜਿਸਟਰ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਯੋਜਨਾ ਹਰ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਸਿਹਤ ਬੀਮਾ ਕਵਰ ਪ੍ਰਦਾਨ ਕਰਦੀ ਹੈ। ਇਹ ਸਹੂਲਤ ਖਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਵੱਡਾ ਸਹਾਰਾ ਸਾਬਤ ਹੋ ਰਹੀ ਹੈ, ਜਿਨ੍ਹਾਂ ਨੂੰ ਸਮੇਂ ਸਿਰ ਇਲਾਜ ਦੀ ਲੋੜ ਹੁੰਦੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਹ ਨਾਲ ਸਬੰਧਤ ਬੀਮਾਰੀਆਂ ਜੇਕਰ ਸਮੇਂ ਸਿਰ ਇਲਾਜ ਨਾ ਮਿਲੇ ਤਾਂ ਗੰਭੀਰ ਅਤੇ ਜਾਨਲੇਵਾ ਰੂਪ ਧਾਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਕਾਰਨ ਹੁਣ ਪਰਿਵਾਰਾਂ ਨੂੰ ਮੈਡੀਕਲ ਐਮਰਜੈਂਸੀ ਦੌਰਾਨ ਇਲਾਜ ਲਈ ਧਨ ਇਕੱਠਾ ਕਰਨ ਦੀ ਚਿੰਤਾ ਨਹੀਂ ਰਹਿੰਦੀ ਅਤੇ ਮਰੀਜ਼ ਬਿਨਾਂ ਦੇਰੀ ਕੈਸ਼ਲੈੱਸ ਇਲਾਜ ਪ੍ਰਾਪਤ ਕਰ ਸਕਦੇ ਹਨ। ਮੰਤਰੀ ਨੇ ਦੱਸਿਆ ਕਿ ਮੌਸਮੀ ਤਬਦੀਲੀਆਂ ਅਤੇ ਵਧ ਰਹੇ ਹਵਾ ਪ੍ਰਦੂਸ਼ਣ ਕਾਰਨ ਪੰਜਾਬ ਵਿੱਚ ਸਾਹ ਸਬੰਧੀ ਰੋਗ ਹਸਪਤਾਲਾਂ ਵਿੱਚ ਦਾਖ਼ਲੇ ਦੇ ਮੁੱਖ ਕਾਰਨਾਂ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਖੰਘ, ਬੁਖ਼ਾਰ ਜਾਂ ਸਾਹ ਲੈਣ ਵਿੱਚ ਤਕਲੀਫ਼ ਵਰਗੀਆਂ ਸਮੱਸਿਆਵਾਂ ਨੂੰ ਅਣਡਿੱਠਾ ਕਰਨ ਨਾਲ ਇਹ ਗੰਭੀਰ ਬੀਮਾਰੀਆਂ ਵਿੱਚ ਤਬਦੀਲ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਆਰਥਿਕ ਤੰਗੀ ਕਾਰਨ ਕਈ ਪਰਿਵਾਰ ਇਲਾਜ ਲਈ ਹਸਪਤਾਲ ਜਾਣ ਵਿੱਚ ਦੇਰੀ ਕਰਦੇ ਸਨ, ਜਿਸ ਨਾਲ ਬੀਮਾਰੀ ਵੱਧ ਗੰਭੀਰ ਹੋ ਜਾਂਦੀ ਸੀ ਅਤੇ ਇਲਾਜ ਦਾ ਖਰਚ ਵੀ ਵਧ ਜਾਂਦਾ ਸੀ। ਹੁਣ 2,300 ਤੋਂ ਵੱਧ ਇਲਾਜਾਂ ਅਤੇ ਪ੍ਰਕਿਰਿਆਵਾਂ ਲਈ ਉਪਲਬਧ ਕੈਸ਼ਲੈੱਸ ਸਹੂਲਤ ਲੋਕਾਂ ਨੂੰ ਬੀਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਹੀ ਡਾਕਟਰੀ ਸਹਾਇਤਾ ਲੈਣ ਲਈ ਪ੍ਰੇਰਿਤ ਕਰ ਰਹੀ ਹੈ। ਸਰਕਾਰ ਦੀ ਸਸਤੀ ਅਤੇ ਗੁਣਵੱਤਾ ਭਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾ ਪਰਿਵਾਰਾਂ ’ਤੇ ਪੈਣ ਵਾਲੇ ਆਰਥਿਕ ਬੋਝ ਨੂੰ ਘਟਾਉਣ ਦੇ ਨਾਲ-ਨਾਲ ਸੂਬੇ ਵਿੱਚ ਸਿਹਤ ਸੇਵਾਵਾਂ ਦੇ ਨਤੀਜਿਆਂ ਵਿੱਚ ਵੀ ਸੁਧਾਰ ਲਿਆ ਰਹੀ ਹੈ। ਇਸੇ ਦੌਰਾਨ ਮਾਤਾ ਕੌਸ਼ਲਿਆ ਸਰਕਾਰੀ ਹਸਪਤਾਲ, ਪਟਿਆਲਾ ਦੇ ਪਲਮੋਨੋਲੋਜਿਸਟ ਡਾ. ਜੋਰਾਵਰ ਸਿੰਘ ਨੇ ਕਿਹਾ ਕਿ ਸਾਹ ਸੰਬੰਧੀ ਰੋਗਾਂ ਦੇ ਇਲਾਜ ਲਈ ਹਸਪਤਾਲ ਪਹੁੰਚਣ ਵਿੱਚ ਦੇਰੀ ਅਜੇ ਵੀ ਇੱਕ ਵੱਡੀ ਚੁਣੌਤੀ ਹੈ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਸਾਹ ਰੋਗਾਂ ਦਾ ਇਲਾਜ ਸ਼ੁਰੂਆਤੀ ਪੜਾਅ ਵਿੱਚ ਕਾਫ਼ੀ ਪ੍ਰਭਾਵਸ਼ਾਲੀ ਹੁੰਦਾ ਹੈ, ਪਰ ਬਹੁਤ ਸਾਰੇ ਮਰੀਜ਼ ਉਸ ਸਮੇਂ ਹਸਪਤਾਲ ਪਹੁੰਚਦੇ ਹਨ ਜਦੋਂ ਉਨ੍ਹਾਂ ਦੀ ਸਿਹਤ ਕਾਫ਼ੀ ਵਿਗੜ ਚੁੱਕੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਹਵਾ ਪ੍ਰਦੂਸ਼ਣ ਅਤੇ ਸਮੌਗ ਵਰਗੇ ਕਾਰਕਾਂ ਕਾਰਨ ਸਾਹ ਸਬੰਧੀ ਬੀਮਾਰੀਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਬਜ਼ੁਰਗਾਂ, ਬੱਚਿਆਂ ਅਤੇ ਸ਼ੂਗਰ ਜਾਂ ਗੁਰਦੇ ਦੀਆਂ ਬੀਮਾਰੀਆਂ ਨਾਲ ਪੀੜਤ ਲੋਕਾਂ ਲਈ ਇਹ ਖ਼ਤਰਾ ਹੋਰ ਵੀ ਵੱਧ ਜਾਂਦਾ ਹੈ। ਡਾ. ਜੋਰਾਵਰ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸਾਹ ਲੈਣ ਵਿੱਚ ਗੰਭੀਰ ਦਿੱਕਤਾਂ ਦਾ ਸਾਹਮਣਾ ਕਰ ਰਹੇ ਕਈ ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਅਚਾਨਕ ਆਉਣ ਵਾਲੀਆਂ ਆਰਥਿਕ ਮੁਸ਼ਕਲਾਂ ਤੋਂ ਵੀ ਰਾਹਤ ਮਿਲੀ ਹੈ। ਉਨ੍ਹਾਂ ਨੇ ਲੋਕਾਂ ਨੂੰ ਸਿਗਰਟਨੋਸ਼ੀ ਅਤੇ ਸੈਕਿੰਡ-ਹੈਂਡ ਸਮੋਕ ਤੋਂ ਦੂਰ ਰਹਿਣ, ਧੂੜ ਜਾਂ ਰਸਾਇਣਾਂ ਵਾਲੇ ਕਾਰਜ ਸਥਾਨਾਂ ’ਤੇ ਸੁਰੱਖਿਆ ਉਪਕਰਨਾਂ ਦੀ ਵਰਤੋਂ ਕਰਨ ਅਤੇ ਘਰਾਂ ਵਿੱਚ ਸਹੀ ਹਵਾਦਾਰੀ ਯਕੀਨੀ ਬਣਾਉਣ ਦੀ ਸਲਾਹ ਦਿੱਤੀ।
Posted By: Daily Suraj Bureau