Daily Suraj

ਪੰਜਾਬੀ

ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਲਈ ਇਸੇ ਸਾਲ ਮੁਕੰਮਲ ਕੀਤੀਆਂ ਜਾਣਗੀਆਂ ਤਿੰਨ ਨਵੀਆਂ ਸਰਾਵਾਂ : ਐਡਵੋਕੇਟ ਧਾਮੀ

28 May, 2025 10:54 PM

ਅੰਮ੍ਰਿਤਸਰ :ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀ ਸੰਗਤ ਦੇ ਠਹਿਰਣ ਲਈ ਨਵੀਆਂ ਸਰਾਵਾਂ ਦਾ ਨਿਰਮਾਣ ਕਾਰਜ ਤੇਜ਼ੀ ਨਾਲ ਜਾਰੀ ਹੈ ਅਤੇ ਇਸ ਤਹਿਤ ਤਿੰਨ ਸਰਾਵਾਂ ਇਸੇ ਸਾਲ ਵਿਚ ਮੁਕੰਮਲ ਕਰਕੇ ਸੰਗਤ ਅਰਪਣ ਕੀਤੀਆਂ ਜਾਣਗੀਆਂ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਾਵਾਂ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਵੱਡੀ ਆਮਦ ਨੂੰ ਵੇਖਦਿਆਂ ਸਰਾਵਾਂ ਦੇ ਪ੍ਰਬੰਧਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਤਿਆਰ ਕੀਤੀਆਂ ਜਾ ਰਹੀਆਂ ਤਿੰਨ ਨਵੀਆਂ ਸਰਾਵਾਂ ਵਿਚ ਭਾਈ ਜੈਤਾ ਜੀ ਨਿਵਾਸ ਬਾਬਾ ਸਾਹਿਬ ਚੌਕ, ਬਾਬਾ ਬਸੰਤ ਸਿੰਘ ਜੀ ਨਿਵਾਸ ਪਰਾਗਦਾਸ ਚੌਕ ਅਤੇ ਭਗਤ ਨਾਮਦੇਵ ਜੀ ਨਿਵਾਸ ਕੇਸਰੀ ਬਾਗ ਵਿਖੇ 259 ਕਮਰੇ ਅਤੇ 30 ਹਾਲ ਸੰਗਤ ਵਾਸਤੇ ਇਸੇ ਸਾਲ 2025 ਵਿਚ ਮੁਕੰਮਲ ਕਰਨ ਲਈ ਕਾਰਜ ਨਿਰੰਤਰ ਜਾਰੀ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਰਾਵਾਂ ਦੀਆਂ ਸੇਵਾਵਾਂ ਕਾਰਸੇਵਾ ਵਾਲੇ ਮਹਾਂਪੁਰਖਾਂ ਪਾਸੋਂ ਕਰਵਾਈਆਂ ਜਾ ਰਹੀਆਂ ਹਨ ਅਤੇ ਲੋੜੀਂਦਾ ਸਮਾਨ ਸ੍ਰੀ ਦਰਬਾਰ ਸਾਹਿਬ ਵੱਲੋਂ ਮੁਹੱਈਆ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬਾਨ ਵਾਸਤੇ ਵੱਖਰਾ ਰਿਹਾਇਸ਼ੀ ਕੰਪਲੈਕਸ ਵੀ ਜਲਦ ਮੁਕੰੰਮਲ ਕੀਤਾ ਜਾਵੇਗਾ। 

#SriDarbarSahib #SGPC #NewSarai #AdvocateDhami #AmritsarNews #SangatFacilities #PunjabUpdates #ReligiousTourism #PilgrimAmenities #DarbarSahibNews

Posted By: Daily Suraj Bureau

Latest News