ਅਗਲੇ 24 ਘੰਟਿਆਂ ਲਈ SDMA ਵੱਲੋਂ ਅਲਰਟ ਜਾਰੀ, ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ
- ਪੰਜਾਬ
- (Asia/Kolkata)
ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ (SDMA) ਨੇ ਸੂਬੇ ਦੇ ਕਈ ਹਿੱਸਿਆਂ ਲਈ ਅਗਲੇ 24 ਘੰਟਿਆਂ ਦੌਰਾਨ ਮੌਸਮੀ ਅਲਰਟ ਜਾਰੀ ਕੀਤਾ ਹੈ। ਅਥਾਰਟੀ ਦੇ ਅਨੁਸਾਰ, ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਰੂਪਨਗਰ ਅਤੇ ਐੱਸ ਏ ਐੱਸ ਨਗਰ ਦੇ ਕੁਝ ਇਲਾਕਿਆਂ ਵਿੱਚ ਗਰਜ-ਚਮਕ ਨਾਲ ਮੀਂਹ, ਗੜੇਮਾਰੀ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ 112 ਨੰਬਰ ’ਤੇ ਸੰਪਰਕ ਕਰਨ ਦੀ ਸਲਾਹ ਦਿੱਤੀ ਹੈ। ਇਸਦੇ ਨਾਲ ਹੀ ਟ੍ਰਾਇਸਟੀ ਖੇਤਰ ਵਿੱਚ ਸਵੇਰ ਤੋਂ ਹੀ ਬੱਦਲਵਾਈ ਵਾਲਾ ਮਾਹੌਲ ਬਣਿਆ ਹੋਇਆ ਹੈ। ਐਤਵਾਰ ਨੂੰ ਹੋਈ ਬਾਰਿਸ਼ ਕਾਰਨ ਇਲਾਕੇ ਦੇ ਤਾਪਮਾਨ ਵਿੱਚ ਵੀ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਹੈ। ਮਾਰਚ ਮਹੀਨੇ ਦੇ ਅਖੀਰ ਵਿੱਚ ਹੋ ਰਹੀ ਬਾਰਿਸ਼ ਨੇ ਜਿੱਥੇ ਗਰਮੀ ਤੋਂ ਕੁਝ ਰਾਹਤ ਦਿੱਤੀ ਹੈ, ਉੱਥੇ ਕਿਸਾਨਾਂ ਲਈ ਚਿੰਤਾ ਦਾ ਕਾਰਨ ਵੀ ਬਣੀ ਹੈ। ਬੀਤੇ ਦਿਨਾਂ ਦੌਰਾਨ ਸੂਬੇ ਦੇ ਕਈ ਇਲਾਕਿਆਂ ਵਿੱਚ ਰੁਕ-ਰੁਕ ਕੇ ਮੀਂਹ ਪਿਆ। ਤੇਜ਼ ਹਵਾਵਾਂ ਦੇ ਕਾਰਨ ਪਟਿਆਲਾ, ਸੰਗਰੂਰ ਅਤੇ ਹੁਸ਼ਿਆਰਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਕਣਕ ਦੀ ਫਸਲ ਢਹਿ ਗਈ ਹੈ। ਇਸ ਤੋਂ ਇਲਾਵਾ ਸਰਦੂਲਗੜ੍ਹ ਅਤੇ ਹੋਰ ਇਲਾਕਿਆਂ ਵਿੱਚ ਗੜੇਮਾਰੀ ਨੇ ਵੀ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ। ਸੂਬੇ ਵਿੱਚ ਐਤਵਾਰ ਨੂੰ ਹੋਈ ਬਾਰਿਸ਼ ਕਾਰਨ ਤਾਪਮਾਨ ਵਿੱਚ ਲਗਭਗ 4.3 ਡਿਗਰੀ ਸੈਲਸੀਅਸ ਤੱਕ ਦੀ ਕਮੀ ਦਰਜ ਕੀਤੀ ਗਈ। ਮੌਸਮ ਵਿਭਾਗ ਦੇ ਅਨੁਸਾਰ ਪੱਛਮੀ ਵਿਗਾੜ ਦੇ ਪ੍ਰਭਾਵ ਕਾਰਨ ਇਹ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ, ਜਿਸ ਨਾਲ ਮੀਂਹ ਅਤੇ ਤੇਜ਼ ਹਵਾਵਾਂ ਜਾਰੀ ਰਹਿਣ ਦੀ ਸੰਭਾਵਨਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਇਸ ਸਮੇਂ ਪੱਕਣ ਦੇ ਨੇੜੇ ਪਹੁੰਚ ਚੁੱਕੀ ਕਣਕ ਦੀ ਫਸਲ ਨੂੰ ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਨੁਕਸਾਨ ਹੋ ਸਕਦਾ ਹੈ, ਜਿਸ ਨਾਲ ਉਪਜ ਵਿੱਚ ਕਮੀ ਆ ਸਕਦੀ ਹੈ। ਇਸਦੇ ਨਾਲ ਹੀ ਖਰਬੂਜ਼ਾ, ਖੀਰਾ ਅਤੇ ਹੋਰ ਗਰਮੀ ਦੀਆਂ ਫਸਲਾਂ ਲਈ ਵੀ ਨੁਕਸਾਨ ਦਾ ਖ਼ਤਰਾ ਬਣਿਆ ਹੋਇਆ ਹੈ। ਮੌਸਮ ਵਿਗਿਆਨੀਆਂ ਨੇ 30 ਅਤੇ 31 ਮਾਰਚ ਦੌਰਾਨ ਪੰਜਾਬ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। ਇਸ ਸਬੰਧੀ ਮੌਸਮ ਵਿਭਾਗ ਵੱਲੋਂ 30 ਮਾਰਚ ਲਈ ਓਰੈਂਜ ਅਲਰਟ ਅਤੇ 31 ਮਾਰਚ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜੋ ਕਿ ਖੇਤੀਬਾੜੀ ਲਈ ਨੁਕਸਾਨਦਾਇਕ ਸਾਬਤ ਹੋ ਸਕਦੀਆਂ ਹਨ।
Leave a Reply