ਈਡੀ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਗੁਰੂਗ੍ਰਾਮ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ

ਈਡੀ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਗੁਰੂਗ੍ਰਾਮ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਗੁਰੂਗ੍ਰਾਮ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ। ਜਾਂਚ ਏਜੰਸੀ ਨੇ ਚਾਰਜਸ਼ੀਟ ਵਿੱਚ ਉਨ੍ਹਾਂ ਨੂੰ ਕਥਿਤ ਫਰਜ਼ੀ ਮੋਬਾਈਲ ਐਕਸਪੋਰਟ ਅਤੇ ਮਨੀ ਲਾਂਡਰਿੰਗ ਮਾਮਲੇ ਦਾ ਮਾਸਟਰਮਾਈਂਡ ਦੱਸਿਆ ਹੈ। ਈਡੀ ਦਾ ਦਾਅਵਾ ਹੈ ਕਿ ਇਸ ਕਥਿਤ ਮਾਮਲੇ ਵਿੱਚ 103 ਕਰੋੜ ਰੁਪਏ ਦੀ ਹੇਰਾਫੇਰੀ ਹੋਈ ਹੈ। ਈਡੀ ਮੁਤਾਬਕ, ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਸੰਜੀਵ ਅਰੋੜਾ ਵੱਲੋਂ ਆਈਫੋਨ ਦੁਬਈ ਭੇਜਣ ਦਾ ਦਾਅਵਾ ਕੀਤਾ ਗਿਆ ਸੀ, ਪਰ ਜਾਂਚ ਵਿੱਚ ਪਤਾ ਲੱਗਿਆ ਕਿ ਇਹ ਮੋਬਾਈਲ ਅਸਲ ਵਿੱਚ ਭੇਜੇ ਹੀ ਨਹੀਂ ਗਏ। ਏਜੰਸੀ ਦਾ ਦੋਸ਼ ਹੈ ਕਿ ਪੂਰਾ ਐਕਸਪੋਰਟ ਸਿਰਫ਼ ਕਾਗਜ਼ਾਂ ਤੱਕ ਸੀਮਿਤ ਸੀ ਅਤੇ ਇਸ ਲਈ ਕਥਿਤ ਤੌਰ ‘ਤੇ ਫਰਜ਼ੀ ਖਰੀਦ ਬਿੱਲਾਂ ਅਤੇ ਐਕਸਪੋਰਟ ਨਾਲ ਸਬੰਧਤ ਦਸਤਾਵੇਜ਼ਾਂ ਦੀ ਵਰਤੋਂ ਕੀਤੀ ਗਈ। ਜਾਂਚ ਏਜੰਸੀ ਦਾ ਕਹਿਣਾ ਹੈ ਕਿ ਇਸ ਕਥਿਤ ਫਰਜ਼ੀ ਐਕਸਪੋਰਟ ਰਾਹੀਂ ਐਕਸਪੋਰਟ ਨਾਲ ਜੁੜੇ ਵਿੱਤੀ ਲਾਭ ਹਾਸਲ ਕਰਨ ਅਤੇ ਗੈਰ-ਕਾਨੂੰਨੀ ਧਨ ਦੇ ਸਰੋਤ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਗਈ। ਈਡੀ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਇਸ ਮਾਮਲੇ ਵਿੱਚ ਕਰੀਬ 44 ਹਜ਼ਾਰ ਮੋਬਾਈਲ ਫੋਨਾਂ ਦਾ ਕਥਿਤ ਫਰਜ਼ੀ ਐਕਸਪੋਰਟ ਦਰਸਾਇਆ ਗਿਆ। ਇਸ ਤੋਂ ਪਹਿਲਾਂ ਜਾਂਚ ਏਜੰਸੀ ਸੰਜੀਵ ਅਰੋੜਾ ਨਾਲ ਸਬੰਧਤ 55 ਕਰੋੜ ਰੁਪਏ ਦੀ ਸੰਪਤੀ ਵੀ ਅਟੈਚ ਕਰ ਚੁੱਕੀ ਹੈ। ਜ਼ਿਕਰਯੋਗ ਹੈ ਕਿ ਈਡੀ ਨੇ ਇਸੇ ਸਾਲ 9 ਮਈ ਨੂੰ ਚੰਡੀਗੜ੍ਹ ਸਥਿਤ ਸੰਜੀਵ ਅਰੋੜਾ ਦੀ ਸਰਕਾਰੀ ਰਿਹਾਇਸ਼ ‘ਤੇ ਦਿਨ ਭਰ ਚੱਲੀ ਛਾਪੇਮਾਰੀ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਹਾਈ-ਪ੍ਰੋਫਾਈਲ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸਰਕਾਰ ਨੇ ਉਨ੍ਹਾਂ ਕੋਲ ਮੌਜੂਦ ਸਾਰੇ ਮੰਤਰਾਲਿਆਂ ਦੀ ਜ਼ਿੰਮੇਵਾਰੀ ਹੋਰ ਮੰਤਰੀਆਂ ਨੂੰ ਸੌਂਪ ਦਿੱਤੀ ਸੀ।