ਬਠਿੰਡਾ 'ਚ ਭਾਜਪਾ ਆਗੂ ਡਾ. ਤਰਸੇਮ ਗਰਗ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ

ਬਠਿੰਡਾ 'ਚ ਭਾਜਪਾ ਆਗੂ ਡਾ. ਤਰਸੇਮ ਗਰਗ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ

ਬਠਿੰਡਾ ਵਿੱਚ ਸੋਮਵਾਰ ਦੇਰ ਰਾਤ ਇੱਕ ਗੰਭੀਰ ਘਟਨਾ ਸਾਹਮਣੇ ਆਈ, ਜਿੱਥੇ ਭਾਜਪਾ ਆਗੂ ਡਾ. ਤਰਸੇਮ ਗਰਗ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ। ਹਮਲੇ ਦੌਰਾਨ ਕਿਸੇ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ, ਹਾਲਾਂਕਿ ਕਲੀਨਿਕ ਦੇ ਗੇਟ ਦੇ ਅੰਦਰ ਖੜ੍ਹੀ ਇੱਕ ਐਕਟਿਵਾ ਨੂੰ ਅੱਗ ਲੱਗ ਗਈ। ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ, ਡਾ. ਤਰਸੇਮ ਗਰਗ ਨਗਰ ਨਿਗਮ ਚੋਣਾਂ ਦੌਰਾਨ ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਸੋਮਵਾਰ ਦੇਰ ਰਾਤ ਦੋ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਕਲੀਨਿਕ ਅੰਦਰ ਪੈਟਰੋਲ ਬੰਬ ਸੁੱਟਿਆ ਗਿਆ ਅਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ 23 ਜੂਨ ਨੂੰ ਹੋਣ ਵਾਲੇ ਬਠਿੰਡਾ ਦੌਰੇ ਤੋਂ ਠੀਕ ਪਹਿਲਾਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚੌਕਸੀ ਵਧਾਈ ਗਈ ਹੋਈ ਸੀ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ। ਸੀਨੀਅਰ ਪੁਲਿਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਡਾ. ਗਰਗ ਨਾਲ ਗੱਲਬਾਤ ਵੀ ਕੀਤੀ। ਡਾ. ਤਰਸੇਮ ਗਰਗ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨੂੰ ਪਹਿਲਾਂ ਕਦੇ ਕਿਸੇ ਕਿਸਮ ਦੀ ਧਮਕੀ ਮਿਲੀ ਸੀ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਕਾਰਨਾਂ ਬਾਰੇ ਉਹ ਖੁਦ ਵੀ ਅਣਜਾਣ ਹਨ। ਪੁਲਿਸ ਸੁਪਰਡੈਂਟ (ਐਸਪੀ) ਨਰਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਦੋ ਵਿਅਕਤੀਆਂ ਨੇ ਕਲੀਨਿਕ ਦੇ ਅੰਦਰ ਪੈਟਰੋਲ ਬੰਬ ਸੁੱਟਿਆ ਸੀ। ਉਨ੍ਹਾਂ ਕਿਹਾ ਕਿ ਪੁਲਿਸ ਦੀਆਂ ਟੀਮਾਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀਆਂ ਹਨ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਯਤਨ ਜਾਰੀ ਹਨ। ਪੁਲਿਸ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।