ਮੁਅੱਤਲ DIG ਹਰਚਰਨ ਭੁੱਲਰ ਮਾਮਲੇ ਦੀ ਅੱਜ CBI ਅਦਾਲਤ ’ਚ ਸੁਣਵਾਈ
ਪੰਜਾਬ ਦੇ ਮੁਅੱਤਲ DIG ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਦਰਜ ਕਥਿਤ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਅੱਜ ਚੰਡੀਗੜ੍ਹ ਦੀ CBI ਅਦਾਲਤ ਵਿੱਚ ਸੁਣਵਾਈ ਹੋਵੇਗੀ। ਇਸ ਮਾਮਲੇ ਵਿੱਚ CBI ਵੱਲੋਂ ਹਰਚਰਨ ਸਿੰਘ ਭੁੱਲਰ ਨੂੰ ਪਿਛਲੇ ਸਾਲ ਅਕਤੂਬਰ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅੱਜ ਦੀ ਸੁਣਵਾਈ ਦੌਰਾਨ ਮਾਮਲੇ ਨਾਲ ਜੁੜੀਆਂ ਕਾਨੂੰਨੀ ਕਾਰਵਾਈਆਂ ਅੱਗੇ ਵਧਣ ਦੀ ਉਮੀਦ ਹੈ। ਮੁਅੱਤਲ DIG ਖ਼ਿਲਾਫ਼ CBI ਵੱਲੋਂ ਰਿਸ਼ਵਤਖੋਰੀ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਭੁੱਲਰ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਹਾਈਕੋਰਟ ਨੇ 5 ਅਗਸਤ ਨੂੰ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਸਬੰਧੀ ਆਪਣਾ ਫੈਸਲਾ ਸੁਰੱਖਿਅਤ ਰੱਖਿਆ ਸੀ। ਇਸ ਤੋਂ ਬਾਅਦ 10 ਅਗਸਤ ਨੂੰ ਸੁਣਵਾਈ ਦੌਰਾਨ ਫੈਸਲਾ ਸੁਣਾਇਆ ਗਿਆ। ਭੁੱਲਰ ’ਤੇ ਸ਼ਿਕਾਇਤਕਰਤਾ ਤੋਂ 8 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹਨ। CBI ਮੁਤਾਬਕ, ਟਰੈਪ ਕਾਰਵਾਈ ਦੌਰਾਨ ਸਹਿ-ਮੁਲਜ਼ਮ ਕ੍ਰਿਸ਼ਨੂ ਨੂੰ 5 ਲੱਖ ਰੁਪਏ ਲੈਂਦਿਆਂ ਕਾਬੂ ਕੀਤਾ ਗਿਆ ਸੀ। CBI ਦੇ ਅਨੁਸਾਰ, ਕ੍ਰਿਸ਼ਨੂ ਦੀ ਨਿਸ਼ਾਨਦੇਹੀ ’ਤੇ ਪੰਜਾਬ ਪੁਲਿਸ ਦੇ ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਅਕਤੂਬਰ 2025 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਦੋਸ਼ ਹੈ ਕਿ ਭੁੱਲਰ ਇੱਕ ਸਕ੍ਰੈਪ ਡੀਲਰ ਤੋਂ 8 ਲੱਖ ਰੁਪਏ ਦੀ ਰਿਸ਼ਵਤ ਮੰਗ ਰਹੇ ਸਨ ਅਤੇ ਪੈਸੇ ਲੈ ਰਹੇ ਸਨ। ਤਲਾਸ਼ੀ ਦੌਰਾਨ ਭੁੱਲਰ ਦੇ ਠਿਕਾਣਿਆਂ ਤੋਂ ਕਰੋੜਾਂ ਰੁਪਏ ਦੀ ਨਕਦੀ ਅਤੇ ਵੱਡੀ ਮਾਤਰਾ ਵਿੱਚ ਸੋਨਾ ਬਰਾਮਦ ਹੋਣ ਦਾ ਵੀ CBI ਵੱਲੋਂ ਦਾਅਵਾ ਕੀਤਾ ਗਿਆ ਸੀ। ਹੁਣ ਅੱਜ ਹੋਣ ਵਾਲੀ CBI ਅਦਾਲਤ ਦੀ ਸੁਣਵਾਈ ਦੌਰਾਨ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਅੱਗੇ ਵਧੇਗੀ।
Posted By: Daily Suraj Bureau