ਹਜ਼ਾਰਾਂ ਕੰਪਿਊਟਰ ਅਧਿਆਪਕਾਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ : ਰੈਗੂਲਰ ਤਨਖਾਹ ਸਕੇਲ ਮਿਲੇਗਾ
- ਪੰਜਾਬ
- 27 Feb,2025

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੰਪਿਊਟਰ ਅਧਿਆਪਕਾਂ ਨੂੰ ਰੈਗੂਲਰ ਕਰਨ ਸੰਬੰਧੀ ਇੱਕ ਮਹੱਤਵਪੂਰਨ ਫ਼ੈਸਲਾ ਸੁਣਾਇਆ ਹੈ, ਜਿਸ ਨਾਲ ਹਜ਼ਾਰਾਂ ਅਧਿਆਪਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ। ਇਹ ਫ਼ੈਸਲਾ ਉਨ੍ਹਾਂ ਅਧਿਆਪਕਾਂ ਨਾਲ ਸਬੰਧਤ ਹੈ ਜਿਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ 2004 ਤੋਂ 2006 ਦਰਮਿਆਨ ਠੇਕੇ ਦੇ ਆਧਾਰ 'ਤੇ ਨਿਯੁਕਤ ਕੀਤਾ ਗਿਆ ਸੀ, ਪਰ ਉਨ੍ਹਾਂ ਦੀਆਂ ਸੇਵਾਵਾਂ ਹੁਣ ਤੱਕ ਪੂਰੀ ਤਰ੍ਹਾਂ ਨਿਯਮਤ ਨਹੀਂ ਕੀਤੀਆਂ ਗਈਆਂ ਸਨ।
ਹਾਈ ਕੋਰਟ ਨੇ ਆਪਣੇ ਫ਼ੈਸਲੇ ’ਚ ਕਿਹਾ ਕਿ ਕਿਉਂਕਿ ਕੰਪਿਊਟਰ ਅਧਿਆਪਕ ਸਰਕਾਰ ਦੁਆਰਾ ਬਣਾਈ ਗਈ ਸੁਸਾਇਟੀ ਅਧੀਨ ਕੰਮ ਕਰ ਰਹੇ ਹਨ, ਇਸ ਲਈ ਉਨ੍ਹਾਂ ਨੂੰ ਸਿੱਧੇ ਤੌਰ 'ਤੇ ਸਰਕਾਰੀ ਕਰਮਚਾਰੀ ਨਹੀਂ ਮੰਨਿਆ ਜਾ ਸਕਦਾ। ਪਰ, ਕਿਉਂਕਿ ਉਨ੍ਹਾਂ ਦੀ ਨਿਯੁਕਤੀ ਸਰਕਾਰੀ ਹੁਕਮਾਂ ਅਧੀਨ ਕੀਤੀ ਗਈ ਸੀ ਅਤੇ ਉਹ ਸਰਕਾਰੀ ਸਕੂਲਾਂ ’ਚ ਕੰਮ ਕਰ ਰਹੇ ਹਨ, ਇਸ ਲਈ ਉਨ੍ਹਾਂ ਨੂੰ ਉਹ ਸਾਰੀਆਂ ਤਨਖ਼ਾਹਾਂ ਅਤੇ ਭੱਤੇ ਦਿੱਤੇ ਜਾਣੇ ਚਾਹੀਦੇ ਹਨ ਜੋ ਕਿ ਵੋਕੇਸ਼ਨਲ ਮਾਸਟਰਾਂ ਨੂੰ ਦਿੱਤੇ ਜਾਂਦੇ ਹਨ।
ਅਦਾਲਤ ਨੇ ਇਹ ਵੀ ਕਿਹਾ ਕਿ ਅਧਿਆਪਕਾਂ ਦੀਆਂ ਸੇਵਾਵਾਂ ਪੰਜਾਬ ਸਰਕਾਰ ਦੇ ਨਿਯੰਤਰਣ ਅਧੀਨ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਸਮੇਂ ਜਾਰੀ ਕੀਤੇ ਗਏ ਹੁਕਮਾਂ ਵਿੱਚ ਸਪੱਸ਼ਟ ਤੌਰ 'ਤੇ ਜ਼ਿਕਰ ਕੀਤਾ ਗਿਆ ਸੀ ਕਿ ਉਨ੍ਹਾਂ ਦੀਆਂ ਸੇਵਾ ਸ਼ਰਤਾਂ ਪੰਜਾਬ ਸਿਵਲ ਸੇਵਾਵਾਂ ਨਿਯਮਾਂ ਅਧੀਨ ਹੋਣਗੀਆਂ।
ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਕਿ ਇਸ ਫ਼ੈਸਲੇ ਨੂੰ ਜਲਦੀ ਲਾਗੂ ਕਰਨ ਲਈ ਜ਼ਰੂਰੀ ਕਦਮ ਚੁੱਕੇ ਜਾਣ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਅਧਿਆਪਕਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਯੋਗਤਾ ਅਨੁਸਾਰ ਪੂਰਾ ਸਤਿਕਾਰ ਅਤੇ ਅਧਿਕਾਰ ਮਿਲੇ।
ਇਸ ਤੋਂ ਇਲਾਵਾ, ਸਰਕਾਰ ਨੂੰ ਇਹ ਫ਼ੈਸਲਾ ਕਰਨਾ ਪਵੇਗਾ ਕਿ ਕੀ ਕੰਪਿਊਟਰ ਅਧਿਆਪਕਾਂ ਨੂੰ ਹੋਰ ਸਰਕਾਰੀ ਲਾਭ ਜਿਵੇਂ ਕਿ ਪ੍ਰਾਵੀਡੈਂਟ ਫੰਡ, ਪੈਨਸ਼ਨ ਸਕੀਮ, ਤਨਖਾਹ ਵਾਧਾ ਅਤੇ ਤਰੱਕੀਆਂ ਦਿੱਤੀਆਂ ਜਾਣਗੀਆਂ।
Posted By:

Leave a Reply