Daily Suraj

ਪੰਜਾਬੀ

ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ 4 ਸਾਲ ਦੀ ਕੈਦ ਦੀ ਸਜ਼ਾ

13 Sep, 2025 01:44 AM

ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਜਿੰਦਰ ਸਿੰਘ ਨੂੰ ਉਸਮਾਂ ਕਾਂਡ ਮਾਮਲੇ ਵਿਚ ਤਰਨਤਾਰਨ ਅਦਾਲਤ ਵੱਲੋਂ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਮਨਜਿੰਦਰ ਸਿੰਘ ਨੂੰ 4 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। 12 ਸਾਲ ਪਹਿਲਾਂ ਇੱਕ ਔਰਤ ਨਾਲ ਕੁੱਟਮਾਰ ਕਰਨ ਅਤੇ ਛੇੜਛਾੜ ਕਰਨ ਦੇ ਦੋਸ਼ ਵਿੱਚ 10 ਸਤੰਬਰ ਨੂੰ ਅਦਾਲਤ ਨੇ ਉਨ੍ਹਾਂ ਨੂੰ ਦੋਸ਼ੀ ਠਹਿਰਾਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ।


ਇਹ ਪੂਰਾ ਮਾਮਲਾ 2013 ਦਾ ਹੈ। ਉਸ ਸਮੇਂ ਵਿਧਾਇਕ ਲਾਲਪੁਰਾ ਇੱਕ ਟੈਕਸੀ ਡਰਾਈਵਰ ਸੀ। ਉਸ ‘ਤੇ ਇੱਕ ਵਿਆਹ ਵਿੱਚ ਸ਼ਾਮਲ ਹੋਣ ਆਈ ਇੱਕ ਕੁੜੀ ਨਾਲ ਕੁੱਟਮਾਰ ਕਰਨ, ਛੇੜਛਾੜ ਕਰਨ, ਜਾਤੀ ਸੂਚਕ ਸ਼ਬਦ ਵਰਤਣ ਦੇ ਦੋਸ਼ ਲੱਗੇ ਸਨ। ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਜੋ ਘਟਨਾ ਸਮੇਂ ਟੈਕਸੀ ਡਰਾਈਵਰ ਸੀ, ਤੋਂ ਇਲਾਵਾ ਅਦਾਲਤ ਨੇ ਪੰਜ ਪੁਲਿਸ ਮੁਲਾਜ਼ਮਾਂ – ਦਵਿੰਦਰ ਕੁਮਾਰ, ਸਾਰਜ ਸਿੰਘ, ਅਸ਼ਵਨੀ ਕੁਮਾਰ, ਤਰਸੇਮ ਸਿੰਘ ਅਤੇ ਹਰਜਿੰਦਰ ਸਿੰਘ ਨੂੰ ਵੀ ਦੋਸ਼ੀ ਠਹਿਰਾਇਆ ਸੀ।


ਇਸ ਮਾਮਲੇ ਬਾਰੇ ਉਸਮਾਂ ਪਿੰਡ ਦੀ ਵਸਨੀਕ ਪੀੜਤਾ ਦਾ ਕਹਿਣਾ ਸੀ ਕਿ ਇਹ ਮਾਮਲਾ 3 ਮਾਰਚ 2013 ਦਾ ਹੈ। ਇਸ ਦੌਰਾਨ ਉਹ ਆਪਣੀ ਮਾਸੀ ਦੇ ਪੁੱਤਰ ਦੇ ਵਿਆਹ ‘ਤੇ ਗਈ ਸੀ। ਉਸ ਸਮੇਂ ਮਨਜਿੰਦਰ ਸਿੰਘ ਲਾਲਪੁਰਾ ਟੈਕਸੀ ਡਰਾਈਵਰ ਸੀ। ਵਿਆਹ ਦੌਰਾਨ ਲਾਲਪੁਰਾ ਨੇ ਹਰਵਿੰਦਰ ਸਿੰਘ ਅਤੇ ਗੁਰਦੀਪ ਸਿੰਘ ਨਾਲ ਮਿਲ ਕੇ ਉਸ ਨਾਲ ਛੇੜਛਾੜ ਕੀਤੀ ਸੀ। ਉਸ ਅਤੇ ਉਸ ਦੇ ਪਰਿਵਾਰ ਵਿਰੁੱਧ ਜਾਤੀਵਾਦੀ ਸ਼ਬਦਾਂ ਦੀ ਵਰਤੋਂ ਕੀਤੀ ਗਈ। ਪੁਲਿਸ ਮੁਲਾਜ਼ਮਾਂ ਨੇ ਉਸ ਦੇ ਪਰਿਵਾਰ ਦੀ ਵੀ ਕੁੱਟਮਾਰ ਕੀਤੀ। ਸਾਰਿਆਂ ਨੇ ਮਿਲ ਕੇ ਉਸ ਨਾਲ ਅਸ਼ਲੀਲ ਹਰਕਤਾਂ ਵੀ ਕੀਤੀਆਂ।


10 ਸਤੰਬਰ ਨੂੰ ਅਦਾਲਤ ਵੱਲੋਂ ਦਿੱਤੇ ਗਏ ਫੈਸਲੇ ਤੋਂ ਬਾਅਦ ਪੀੜਤਾ ਨੇ ਕਿਹਾ ਕਿ ਉਸ ਨੂੰ ਇਨਸਾਫ਼ ਮਿਲਿਆ ਹੈ। ਉਸਨੇ ਆਪਣੇ ਪਤੀ ਅਤੇ ਪਰਿਵਾਰ ਦਾ ਵੀ ਧੰਨਵਾਦ ਕੀਤਾ। ਉਸਨੇ ਕਿਹਾ ਕਿ ਪਰਿਵਾਰ ਇਸ ਦੌਰਾਨ ਉਸ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਰਿਹਾ। ਲੜਕੀ ਦੇ ਵਕੀਲ ਅਮਿਤ ਧਵਨ ਨੇ ਕਿਹਾ ਸੀ ਕਿ ਇਸ ਮਾਮਲੇ ਵਿੱਚ ਐਸਸੀ/ਐਸਟੀ ਐਕਟ ਦੀ ਧਾਰਾ 323, 324 ਅਤੇ 354 ਤਹਿਤ ਕੇਸ ਦਰਜ ਕੀਤਾ ਗਿਆ ਸੀ।

Posted By: Daily Suraj Bureau

Latest News